ਅੰਮ੍ਰਿਤਸਰ (ਟਨਸ):
ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਪੀਲੀਭੀਤ ਦੇ ਪਿੰਡ ਟਿੱਪਰੀਆਂ ਮਝਰਾ ਵਿੱਚ ਗ੍ਰੰਥੀ ਸਿੰਘ ਦੀ ਨਾਬਾਲਗ ਧੀ ਨੂੰ ਅਗਵਾ ਕਰਨ ਵਾਲੇ ਵਿਅਕਤੀਆਂ ਦੀ ਗ੍ਰਿਫਤਾਰੀ ਦੇ ਮਾਮਲੇ ਵਿੱਚ ਪੁਲੀਸ ਦੀ ਢਿੱਲ-ਮੱਠ ’ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨੋਟਿਸ ਲੈਂਦਿਆਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਇਕ ਹਫਤੇ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਆਖਿਆ ਕਿ ਜੇ ਇਸ ਘਟਨਾ ਨਾਲ ਸਬੰਧਤ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਸਿੱਖ ਸੰਗਤ ਨੂੰ ਆਪਣੇ ਪੱਧਰ ’ਤੇ ਸਖ਼ਤ ਕਾਰਵਾਈ ਲਈ ਮਜਬੂਰ ਹੋਣਾ ਪਵੇਗਾ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਗੁਰਦੁਆਰੇ ਦੇ ਗ੍ਰੰਥੀ ਦੀ 13 ਸਾਲਾ ਲੜਕੀ ਨੂੰ ਕੁਝ ਵਿਅਕਤੀਆਂ ਵੱਲੋਂ ਕਥਿਤ ਅਗਵਾ ਕਰ ਕੇ ਉਸ ਨਾਲ ਜਬਰ-ਜਨਾਹ ਕਰਨ ਦੀ ਘਟਨਾ ਸਾਹਮਣੇ ਆਈ ਹੈ। ਪੀੜਤ ਲੜਕੀ ਨੇ ਅਦਾਲਤ ਵਿੱਚ ਆਪਣੇ ਬਿਆਨਾਂ ਦੌਰਾਨ ਮੁਲਜ਼ਮਾਂ ਦੀ ਸ਼ਨਾਖਤ ਕੀਤੀ ਹੈ ਪਰ ਪੁਲੀਸ ਨੇ ਉਨ੍ਹਾਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀ ਕੀਤੀ।