ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 29 ਜਨਵਰੀ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕਿਸਾਨ ਮੰਗਾਂ ਸਬੰਧੀ ਜ਼ਿਲ੍ਹੇ ਭਰ ਵਿੱਚ ਕੇਂਦਰ ਸਰਕਾਰ ਦੇ ਪੁਤਲੇ ਸਾੜ ਕੇ ਰੋਸ ਦਿਖਾਵਾ ਕੀਤਾ ਗਿਆ। ਸਥਾਨਕ ਗੋਲਡਨ ਗੇਟ ’ਤੇ ਰੋਸ ਦਿਖਾਵਾ ਕਰਦਿਆ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ। ਇਹ ਰੋਸ ਧਰਨੇ ਦਿੱਲੀ ਕਿਸਾਨ ਅੰਦੋਲਨ ਦੌਰਾਨ 2020-21 ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਸਟੇਜ ’ਤੇ ਅਣਪਛਾਤਿਆਂ ਵੱਲੋਂ ਹਮਲਾ ਕਰ ਕੇ ਲੋਕ ਸੰਘਰਸ਼ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਦੀ ਕਾਰਵਾਈ ਦੇ ਵਿਰੋਧ ਵਿੱਚ ਦਿੱਤਾ ਗਿਆ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਅਤੇ ਗੁਰਲਾਲ ਸਿੰਘ ਮਾਨ ਨੇ ਦੱਸਿਆ ਕਿ ਅੱਜ ਦੇ ਦਿਨ ਦਿੱਲੀ ਅੰਦੋਲਨ ਦੌਰਾਨ ਸੰਘਰਸ਼ ਕਮੇਟੀ ਦੀ ਸਟੇਜ ’ਤੇ ਕਥਿਤ ਭਾਜਪਾ ਅਤੇ ਆਰਐੱਸਐੱਸ ਦੇ ਲੋਕਾਂ ਵੱਲੋਂ ਹਮਲਾ ਕਰ ਕੇ ਸੰਘਰਸ਼ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਦੀ ਕਾਰਵਾਈ ਦੇ ਵਿਰੋਧ ਵਿੱਚ ਜ਼ਿਲ੍ਹੇ ਭਰ ਵਿੱਚ ਪਰਦੀਪ ਅਤੇ ਅਮਨ ਡਬਾਸ ਸਣੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ। ਉਨ੍ਹਾਂ ਕਿਹਾ ਕਿ ‘ਦਿੱਲੀ ਅੰਦੋਲਨ-2’ ਦੀ ਤਿਆਰੀ ਦੇ ਚਲਦਿਆਂ ਜਥੇਬੰਦੀ ਵੱਲੋਂ ਲਾਮਬੰਦੀ ਲਈ ਚੌਕ ਮਹਿਤਾ ਨਜ਼ਦੀਕ ਪਿੰਡ ਉਧੋਨੰਗਲ਼ ਦੇ ਸਟੇਡੀਅਮ ਵਿੱਚ 4 ਜ਼ੋਨਾਂ ਤੋਂ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਦੀ ਕਨਵੈਨਸ਼ਨ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ 13 ਫਰਵਰੀ ਨੂੰ ਕਾਰਪੋਰੇਟ ਪੱਖੀ ਤਾਕਤਾਂ ਵਿਰੁੱਧ ਇਤਿਹਾਸਕ ਤੇ ਨਿਰਣਾਇਕ ਸੰਘਰਸ਼ ਦਾ ਹਿੱਸਾ ਬਣਨ ਲਈ ਤਿਆਰ ਹਨ।
ਟਾਂਡਾ (ਪੱਤਰ ਪ੍ਰੇਰਕ): ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਬੇਗੋਵਾਲ ਦੀ ਅਗਵਾਈ ਵਿਚ ਕਿਸਾਨਾਂ ਕਿਰਤੀਆਂ ਨੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ।
ਸ਼ਾਹਕੋਟ (ਪੱਤਰ ਪ੍ਰੇਰਕ): ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਅੱਜ ਸ਼ਾਹਕੋਟ ਤੇ ਲੋਹੀਆਂ ਖਾਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਦੀਪ ਖੱਤਰੀ ਤੇ ਅਮਨ ਡਬਾਸ ਦੇ ਪੁਤਲੇ ਫੂਕੇ। ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਸੂਬਾਈ ਆਗੂ ਸਲਵਿੰਦਰ ਸਿੰਘ ਜਾਣੀਆਂ, ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਰੇੜ੍ਹਵਾਂ, ਸਕੱਤਰ ਜਰਨੈਲ ਸਿੰਘ ਰਾਮੇ, ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ, ਵਿੱਤ ਸਕੱਤਰ ਜਗਦੀਸ਼ ਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਢੰਡੋਵਾਲ, ਲਵਪ੍ਰੀਤ ਸਿੰਘ ਕੋਟਲੀ, ਸਤਨਾਮ ਸਿੰਘ ਰਾਈਵਾਲ ਅਤੇ ਹਰਫੂਲ ਸਿੰਘ ਰਾਜੇਵਾਲ ਨੇ ਸੰਬੋਧਨ ਕੀਤਾ।
ਬੁਲਾਰਿਆਂ ਨੇ ਕੇਂਦਰ ਸਰਕਾਰ ਦੀਆਂ ਕਿਸਾਨ-ਮਜ਼ਦੂਰ ਅਤੇ ਲੋਕ ਵਿਰੋਧੀ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਅਜੇ ਤੱਕ ਨਾ ਤਾਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਕੀਤੇ ਸਮਝੌਤੇ ਨੂੰ ਅਮਲ ਵਿਚ ਲਿਆਂਦਾ ਅਤੇ ਨਾ ਹੀ ਗੁੰਡਾਗਰਦੀ ਕਰਨ ਵਾਲੇ ਅਨਸਰਾਂ ਉੱਪਰ ਕੋਈ ਕਾਰਵਾਈ ਕੀਤੀ ਗਈ ਹੈ। ਇਸ ਦੇ ਰੋਸ ਵਜੋਂ ਉਨ੍ਹਾਂ ਨੇ ਪੁਤਲੇ ਫੂਕੇ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਮੰਗਾਂ ਨੂੰ ਮਨਵਾਉਣ ਲਈ ਇਕ ਵਾਰ ਫਿਰ ਕਿਸਾਨ ਦਿੱਲੀ ਵਿੱਚ ਮੋਰਚਾ ਲਗਾ ਰਹੇ ਹਨ। ਇਸ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਚੱਲ ਰਹੀਆਂ ਹਨ।
ਤਰਨ ਤਾਰਨ (ਪੱਤਰ ਪ੍ਰੇਰਕ): ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆਂ ਵਿੱਚ ਕੇਂਦਰ ਸਰਕਾਰ ਸਣੇ ਭਾਜਪਾ ਆਗੂਆਂ ਦੇ ਪੁਤਲੇ ਸਾੜੇ ਗਏ| ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ, ਸੂਬਾ ਆਗੂ ਹਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਆਗੂ ਹਰਜਿੰਦਰ ਸਿੰਘ ਸ਼ਕਰੀ ਦੀ ਅਗਵਾਈ ਵਿੱਚ ਪੁਤਲੇ ਸਾੜੇ ਗਏ| ਸ੍ਰੀ ਮਾਨੋਚਾਹਲ ਨੇ ਦੱਸਿਆ ਕਿ 29 ਜਨਵਰੀ ਇਸੇ ਹੀ ਦਿਨ ਦਿੱਲੀ ਮੋਰਚੇ ਵਿੱਚ ਸਰਕਾਰ ਦੀ ਸ਼ਹਿ ’ਤੇ ਧਰਨੇ ’ਤੇ ਸ਼ਾਂਤ ਮਈ ਬੈਠੇ ਬੱਚੇ, ਬੀਬੀਆਂ, ਨੌਜਵਾਨਾਂ, ਕਿਸਾਨਾਂ-ਮਜ਼ਦੂਰਾਂ ’ਤੇ ਦਿਨ ਦਿਹਾੜੇ ਹਮਲਾ ਕਰ ਦਿੱਤਾ ਗਿਆ ਸੀ।