ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 28 ਅਕਤੂਬਰ
ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਵਿਕਾਸ ਕੰਮਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਵਿਕਾਸ ਤੇ ਕੋਆਰਡੀਨੇਸ਼ਨ ਅਤੇ ਮੁਲਾਂਕਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ਼ਹਿਰ ਦੀਆਂ ਸੜਕਾਂ ਅਤੇ ਪ੍ਰਮੁੱਖ ਸਥਾਨਾਂ ਨੂੰ ਦਰਸਾਉਂਦੇ ਵੱਡ ਅਕਾਰੀ ਬੋਰਡ ਲਗਾਏ ਜਾਣ, ਤਾਂ ਜੋ ਇੱਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਰਸਤਾ ਲੱਭਣ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ।
ਸ੍ਰੀ ਔਜਲਾ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿੱਚ ਸਫਾਈ ਦਾ ਸਥਾਈ ਪ੍ਰਬੰਧ ਯਕੀਨੀ ਬਣਾਇਆ ਜਾਵੇ, ਇੱਥੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਆਉਂਦੇ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏੇ ਹੈਰੀਟੇਜ ਸਟਰੀਟ ਸਮੇਤ ਪ੍ਰਮੁੱਖ ਸਥਾਨਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾਣ। ਉਨ੍ਹਾਂ ਕਿਹਾ ਕਿ ਬਣ ਰਹੀਆਂ ਸੜਕਾਂ ਅਤੇ ਹੋਰ ਵਿਕਾਸ ਕੰਮਾਂ ਦੀ ਗੁਣਵੱਤਾ ਦੀ ਜਾਂਚ ਕਰਵਾਈ ਜਾਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਜੋ ਕਿ ਕਮੇਟੀ ਦੇ ਉਪ ਚੇਅਰਮੈਨ ਵੀ ਹਨ, ਨੇ ਮੀਟਿੰਗ ਦੌਰਾਨ ਕੌਮੀ ਮਾਰਗ ਦੇ ਚੱਲ ਰਹੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਕਰਵਾਏ ਜਾ ਰਹੇ ਬਹੁਤੇ ਕੰਮ ਇਕ ਠੇਕੇਦਾਰ ਨੂੰ ਦਿੱਤੇ ਹੋਏ ਹਨ। ਇਸ ਨਾਲ ਜਿੱਥੇ ਅਧਿਕਾਰੀਆਂ ਦੀ ਮਿਲੀਭੁਗਤ ਦਾ ਸ਼ੱਕ ਹੁੰਦਾ ਹੈ, ਉੱਥੇ ਹੀ ਕੰਮਾਂ ਦੀ ਗੁਣਵੱਤਾ ਵੀ ਪ੍ਰਭਾਵਿਤ ਹੁੰਦੀ ਹੈ, ਜਿਸ ਦੀ ਜਾਂਚ ਕਰਵਾਈ ਜਾਵੇ।
ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਦੀ ਨਗਰੀ ਦੀ ਸੇਵਾ ਲਈ ਦਿਨ-ਰਾਤ ਕੰਮ ਕਰਨ ਤਾਂ ਜੋ ਅੰਮ੍ਰਿਤਸਰ ਦੀ ਦਿੱਖ ਨੂੰ ਸੁੰਦਰ ਬਣਾਇਆ ਜਾ ਸਕੇ। ਵਿਧਾਇਕ ਸ੍ਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਜਨਤਾ ਦੇ ਕੰਮਾਂ ਲਈ ਸਾਰੇ ਇਕ ਸੁਰ ਹਨ। ਉਨ੍ਹਾਂ ਗਰੀਨਲੈਂਡ ਇਲਾਕੇ ਵਿੱਚ ਨਿਗਮ ਵੱਲੋਂ ਕਰਵਾਏ ਜਾ ਰਹੇ ਕੰਮਾਂ ਦੀ ਜਾਂਚ ਕਰਵਾਉਣ ਲਈ ਵੀ ਕਿਹਾ।
ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਸ਼ਹਿਰ ਦੀਆਂ ਸੜਕਾਂ ਵਿਚਾਲੇ ਆਉਂਦੇ ਸੀਵਰੇਜ ਜੋ ਕਿ ਅਕਸਰ ਸੜਕ ਪੁੱਟਣ ਜਾਂ ਟੁੱਟਣ ਦਾ ਕੰਮ ਕਰਦੇ ਹਨ, ਦੇ ਸਥਾਈ ਹੱਲ ਲਈ ਵੱਖ-ਵੱਖ ਵਿਭਾਗਾਂ ਦੇ ਇੰਜਨੀਅਰਾਂ ਦੀ ਕਮੇਟੀ ਬਣਾਈ ਜਾਵੇਗੀ।