ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 1 ਅਗਸਤ
ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸ਼ੁਕਰਾਨੇ ਵਜੋਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ। ਉਨ੍ਹਾਂ ਦਾਅਵਾ ਕੀਤਾ ਕਿ ਅੰਮ੍ਰਿਤਸਰ ਵਿਚ ਲਗਪਗ ਇਕ ਹਜ਼ਾਰ ਨੌਜਵਾਨਾਂ ਨੂੰ ਵੱਖ ਵੱਖ ਖੇਤਰਾਂ ਵਿੱਚ ਨੌਕਰੀਆਂ ਦਿੱਤੀਆਂ ਜਾਣਗੀਆਂ। ਇਨ੍ਹਾਂ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਮਹਿਮਾਨਨਿਵਾਜ਼ੀ, ਆਈਟੀ, ਸਿਹਤ-ਸੰਭਾਲ, ਆਟੋ ਇੰਜਨੀਅਰਿੰਗ ਤੇ ਸੇਲਜ਼ ਦੇ ਖਿੱਤੇ ਵਿੱਚ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਤਹਿਤ ਉਨ੍ਹਾਂ ਨੂੰ ਐੱਨਜੀਓ ‘ਸਨ ਫਾਊਂਡੇਸ਼ਨ’ ਦੁਆਰਾ ਚਲਾਏ ਜਾ ਰਹੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ਸਿਖਲਾਈ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਅਗਸਤ ਮਹੀਨੇ ਇੱਥੇ ਆ ਕੇ ਨੌਜਵਾਨਾਂ ਨੂੰ ਰੁਜ਼ਗਾਰ ਸਬੰਧੀ ਪੱਤਰ ਸੌਂਪਣ। ਰਾਜ ਸਭਾ ਮੈਂਬਰ ਨੇ ਲੁਧਿਆਣਾ, ਜਲੰਧਰ ਅਤੇ ਸੰਗਰੂਰ ਵਿੱਚ ਵੀ ਇਸੇ ਤਰ੍ਹਾਂ ਹੁਨਰ ਵਿਕਾਸ ਕੇਂਦਰ ਸਥਾਪਤ ਕਰਨ ਦਾ ਐਲਾਨ ਕੀਤਾ। ਇਸ ਮੌਕੇ ਸੂਚਨਾ ਕੇਂਦਰ ਵਿਚ ਰਾਜ ਸਭਾ ਮੈਂਬਰ ਨੂੰ ਸਿਰੋਪਾ ਤੇ ਮਾਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸ੍ਰੀ ਸਾਹਨੀ ਨੇ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਦਾ ਵੀ ਜਾਇਜ਼ਾ ਲਿਆ।