ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 31 ਜੁਲਾਈ
ਸਰਵ ਸਿੱਖਿਆ ਅਭਿਆਨ ਮਿਡ-ਡੇਅ ਮੀਲ ਦਫ਼ਤਰੀ ਮੁਲਾਜ਼ਮ ਅੱਜ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਦੇ ਘਰ ਲੂਣ ਦੇ ਪੈਕਟ ਲੈ ਕੇ ਪਹੁੰਚੇ ਅਤੇ ਆਪਣੀਆਂ ਮੰਗਾਂ ਬਾਰੇ ਪੱਤਰ ਵੀ ਸੌਂਪਿਆ। ਇਸ ਮੌਕੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਵੀ ਕੀਤੀ ਗਈ। ਇਹ ਕੱਚੇ ਮੁਲਾਜ਼ਮ ਸਰਕਾਰ ਕੋਲੋਂ ਆਪਣੀਆਂ ਨੌਕਰੀਆਂ ਪੱਕੀਆਂ ਕਰਨ ਦੀ ਮੰਗ ਕਰ ਰਹੇ ਹਨ। ਸਰਕਾਰ ਦੇ ਕੱਚੇ ਮੁਲਾਜ਼ਮਾਂ ਪ੍ਰਤੀ ਰਵੱਈਏ ’ਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਕੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਸਕਦੀ ਤਾਂ ਸਰਕਾਰ ਆਪਣੇ ਹੱਥੀਂ ਉਨ੍ਹਾਂ ਦੇ ਜ਼ਖ਼ਮਾਂ ’ਤੇ ਲੂਣ ਪਾਉਣ ਦਾ ਕੰਮ ਕਰੇਗੀ।
ਸਰਵ ਸਿੱਖਿਆ ਅਭਿਆਨ ਮਿਡ-ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਵਿਕਾਸ ਕੁਮਾਰ, ਗੌਰਵ ਸ਼ਰਮਾ, ਮਨਿੰਦਰ ਕੌਰ, ਤਨਵੀਰ ਸਿੰਘ, ਅਨਿਲ ਸ਼ਰਮਾ, ਮਨਪ੍ਰੀਤ ਕੌਰ, ਸੱਤਪਾਲ ਸਿੰਘ, ਗੁਰਪ੍ਰੀਤ ਸਿੰਘ, ਕਰਨ ਪਠਾਨੀਆ ਆਦਿ ਨੇ ਕਿਹਾ ਕਿ ਸਰਕਾਰ ਨੇ ਦਫਤਰੀ ਕਰਮਚਾਰੀਆਂ ਨੂੰ ਪੱਕਾ ਤਾਂ ਕੀ ਕਰਨਾ ਸੀ, ਸਗੋਂ ਤਨਖਾਹਾਂ ਵਿੱਚੋ ਚਾਰ ਹਜ਼ਾਰ ਰੁਪਏ ਪ੍ਰਤੀ ਮਹੀਨਾ ਕਟੌਤੀ ਕਰ ਦਿੱਤੀ ਗਈ ਹੈ ਅਤੇ ਕਰਮਚਾਰੀਆ ਦੀਆਂ ਦੂਰ ਦੂਰਾਡੇ ਬਦਲੀਆਂ ਕੀਤੀਆਂ ਜਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਕਿਹਾ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਧੀਆ ਨੀਤੀ ਲਿਆਂਵਾਗੇ ਪਰ ਹੁਣ ਚਾਰ ਸਾਲਾਂ ਵਿੱਚ ਕਾਂਗਰਸ ਸਰਕਾਰ ਨੇ ਕੁਝ ਨਹੀਂ ਕੀਤਾ ਹੈ।
ਇਨ੍ਹਾਂ ਆਗੂਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਮੁਲਾਜ਼ਮ ਵੈਲਫੇਅਰ ਐਕਟ 2016 ਵਿੱਚ ਸੋਧ ਕਰਕੇ ਨਵਾਂ ਐਕਟ ਬਣਾਇਆ ਜਾ ਰਿਹਾ ਹੈ ਜਿਸ ਦਾ ਖਰੜਾ ਜਾਰੀ ਕੀਤਾ ਗਿਆ ਹੈ ਪਰ ਐਕਟ ਵਿੱਚ ਅਜਿਹੀਆਂ ਸ਼ਰਤਾਂ ਥੋਪੀਆ ਜਾ ਰਹੀਆ ਹਨ ਜਿਸ ਨਾਲ ਲੰਮੇ ਸਮੇਂ ਤੱਕ ਕੱਚੇ ਮੁਲਜ਼ਮ ਪੱਕੇ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਲਗਪਗ 10 ਹਜ਼ਾਰ ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਅਧਿਆਪਕਾਂ ਨੂੰ ਰੈਗੂਲਰ ਕਰ ਦਿੱਤਾ ਹੈ ਪਰ ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਦਫਤਰੀ ਕਰਮਚਾਰੀਆਂ ਨਾਲ ਵਿਤਕਰਾ ਕੀਤਾ ਗਿਆ ਹੈ। ਵਿੱਤ ਵਿਭਾਗ ਵੱਲੋਂ ਵੀ ਦਫਤਰੀ ਕਰਮਚਾਰੀਆਂ ਨੂੰ ਪੱਕਾ ਕਰਨ ਲਈ 16 ਦਸੰਬਰ 2019 ਨੂੰ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਪਰ 17 ਮਹੀਨਿਆਂ ਦੌਰਾਨ ਮੁੱਖ ਮੰਤਰੀ ਦੀ ਕੈਬਿਨਟ ਵੱਲੋਂ ਇਸ ਨੂੰ ਪ੍ਰਵਾਨਗੀ ਨਹੀਂ ਦਿੱਤੀ ਜਾ ਰਹੀ ਜਿਸ ਤੋਂ ਸਰਕਾਰ ਦੀ ਨੀਅਤ ਜੱਗ ਜ਼ਾਹਰ ਹੈ।