ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ -1 ਅਕਤੂਬਰ
ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ , ਟੋਲ ਪਲਾਜ਼ੇ ਆਦਿ ਥਾਵਾਂ ’ਤੇ ਲਾਏ ਗਏ ਧਰਣਿਆਂ ਨੂੰ ਅਜ ਇਕ ਸਾਲ ਪੂਰਾ ਹੋ ਗਿਆ। ਅੱਜ ਇਸ ਸਬੰਧ ਵਿਚ ਕਿਰਤੀ ਕਿਸਾਨ ਯੂਨੀਅਨ ਵਲੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਲਾਏ ਧਰਨੇ ਦੌਰਾਨ ਭਾਜਪਾ ਸਰਕਾਰ ਖਿਲਾਫ ਰੋਸ ਵਿਖਾਵਾ ਕਰਦਿਆਂ ਪੁਤਲਾ ਸਾੜਿਆ ਗਿਆ ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਜਤਿੰਦਰ ਸਿੰਘ ਛੀਨਾ ਜਿਲਾ ਪ੍ਰਧਾਨ ਸਤਨਾਮ ਸਿੰਘ ਝੰਡੇਰ, ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਜੱਸੜ, ਸਕੱਤਰ ਰਵਿੰਦਰ ਸਿੰਘ ਛੱਜਲਵੱਡੀ, ਸੁਖਦੇਵ ਸਿੰਘ ਸਹਿੰਸਰਾ ਆਗੂ ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ ਤੇ ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਚਿੱਤਰ ਸਿੰਘ ਕੋਟਲਾ ਨੇ ਇਕੱਠ ਨੂੰ ਸੰਬੋਧਨ ਕੀਤਾ । ਬੁਲਾਰਿਆ ਨੇ ਕਿਹਾ ਕਿ ਇੱਕ ਸਾਲ ਵਿੱਚ ਕਿਸਾਨ ਸੰਘਰਸ਼ ਪੰਜਾਬ ਵਿੱਚੋ ਉੱਠ ਕੇ, ਦਿੱਲੀ ਦੇ ਬਾਰਡਰ ਤੱਕ ਪਹੁੰਚਿਆ ਅਤੇ ਉੱਤਰੀ ਭਾਰਤ ਨੂੰ ਪੂਰੀ ਤਰ੍ਹਾਂ ਆਪਣੀ ਜਕੜ ਵਿੱਚ ਲੈ ਲਿਆ। ਉਨ੍ਹਾਂ ਕਿਹਾ ਕਿ 27 ਸਤੰਬਰ ਨੂੰ ਭਾਰਤ ਬੰਦ ਦੌਰਾਨ ਕਿਸਾਨਾਂ ਨੇ ਆਪਣੇ ਸੰਘਰਸ਼ ਦਾ ਲੋਹਾ ਮਨਵਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੀ ਕੇਂਦਰੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ ’ਤੇ ਚੱਲ ਰਹੀ ਹੈ। ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ ਕਿਹਾ ਕਿ ਸਿੰਘੂ ਤੇ ਟਿੱਕਰੀ ਬਾਰਡਰ ਤੇ ਵੱਡੀ ਗਿਣਤੀ ਵਿੱਚ ਪੁੱਜੋ ਤਾਂ ਕਿ ਮੋਰਚਿਆਂ ਨੂੰ ਮਜ਼ਬੂਤ ਕੀਤਾ ਜਾ ਸਕੇ ਜੋ ਕਿ ਸਮੇਂ ਦੀ ਮੰਗ ਹੈ।