ਗੁਰਬਖਸ਼ਪੁਰੀ
ਤਰਨ ਤਾਰਨ , 14 ਜੁਲਾਈ
ਰੂਰਲ ਫਾਰਮੇਸੀ ਅਫਸਰ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਪਿੰਡਾਂ ਦੀਆਂ ਸਿਵਲ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਫਾਰਮਾਸਿਸਟਾਂ ਤੇ ਦਰਜਾ ਚਾਰ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਲੋਂ ਪੁਰਅਮਨ ਢੰਗ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਕਰਦੇ ਮੁਲਾਜ਼ਮਾਂ ਆਦਿ ਨੂੰ ਇਕੱਠੇ ਕਰਨ ਤੋਂ ਰੋਕਣ ਦੀ ਨਿਖੇਧੀ ਕਰਦਿਆਂ ਭਲਕ ਤੋਂ ਵਿਭਾਗ ਦੇ ਮੰਤਰੀ ਦੀ ਕੋਠੀ ਦਾ ਘਿਰਾਓ ਕਰਕੇ ਆਪਣੇ ਆਪ ਨੂੰ ਗ੍ਰਿਫ਼ਤਾਰੀਆਂ ਲਈ ਪੇਸ਼ ਕਰਨ ਦਾ ਐਲਾਨ ਕੀਤਾ ਹੈ| ਅੰਦੋਲਨਕਾਰੀ ਮੁਲਾਜ਼ਮ ਪਿਛਲੇ 26 ਦਿਨਾਂ ਤੋਂ ਅਣਮਿਥੇ ਸਮੇਂ ਦੇ ਅੰਦੋਲਨ ਤਹਿਤ ਇਥੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫਤਰ ਸਾਹਮਣੇ ਰੋਜ਼ਾਨਾਂ ਧਰਨਾ ਦਿੰਦੇ ਆ ਰਹੇ ਹਨ| ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਚੇਅਰਮੈਨ ਹਰਿੰਦਰ ਸਿੰਘ ਧੁੰਦਾ, ਜ਼ਿਲ੍ਹਾ ਪ੍ਰਧਾਨ ਵਰਿੰਦਰਪਾਲ ਸਿੰਘ ਭਾਟੀਆ ਤੋਂ ਇਲਾਵਾ ਸੁਖਜਿੰਦਰ ਸਿੰਘ, ਅਮਨਦੀਪ ਸਿੰਘ, ਨਿਮਰਤਾ ਕੌਰ ਆਦਿ ਨੇ ਸੰਬੋਧਨ ਕੀਤਾ।
ਗੁਰਦਾਸਪੁਰ,(ਜਤਿੰਦਰ ਬੈੱਸ): ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਫਾਰਮਾਸਿਸਟਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਵਲੋਂ ਪੰਜਾਬ ਭਰ ‘ਚ ਜ਼ਿਲ੍ਹਾ ਪੱਧਰਾਂ ‘ਤੇ ਲਗਾਇਆ ਧਰਨਾ ਅੱਜ 26ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ।ਲਗਾਤਾਰ 26 ਦਿਨਾਂ ਤੋਂ ਕੋਈ ਸੁਣਵਾਈ ਨਾ ਹੋਣ ਕਰਕੇ ਅੱਜ ਦਫਤਰ ਜਿਲ੍ਹਾ ਪਰੀਸ਼ਦ ਗੁਰਦਾਸਪੁਰ ਵਿਖੇ ਇਕੱਤਰ ਹੋਏ ਫਾਰਮਾਸਿਸਟਾਂ ਵਲੋਂ ਕੈਪਟਨ ਸਰਕਾਰ ਦੁਆਰਾ ਸ਼ਾਂਤਮਈ ਢੰਗ ਨਾਲ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਕੀਤੇ ਜਾ ਰਹੇ ਰੋਸ ਧਰਨਿਆਂ ਤੇ ਲਗਾਈ ਗਈ ਰੋਕ ਨੂੰ ਤਾਨਾਸ਼ਾਹੀ ਫ਼ੈਸਲਾ ਕਰਾਰ ਦਿੱਤਾ ।