ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 19 ਦਸੰਬਰ
ਸ੍ਰੀ ਹਰਿਮੰਦਰ ਸਾਹਿਬ ਅਤੇ ਅੱਜ ਕਪੂਰਥਲਾ ਵਿਖੇ ਵਾਪਰੀ ਘਟਨਾ ਤੋਂ ਬਾਅਦ ਪੁਲੀਸ ਵਲੋਂ ਧਰਮ ਅਸਥਾਨਾਂ ਦੇ ਆਲੇ ਦੁਆਲੇ ਚੌਕਸੀ ਵਧਾ ਦਿੱਤੀ ਗਈ ਹੈ। ਪੁਲੀਸ ਵਲੋਂ ਧਰਮ ਅਸਥਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਤਕ ਪਹੁੰਚ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਸੀਸੀਟੀਵੀ ਕੈਮਰੇ ਲਗਵਾਉਣ ਤੇ ਬੰਦ ਪਏ ਕੈਮਰੇ ਚਾਲੂ ਕਰਾਉਣ ਲਈ ਆਖਿਆ ਗਿਆ ਹੈ ਤਾਂ ਜੋ ਭਵਿੱਖ ਵਿਚ ਬੇਅਦਬੀ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਇਸ ਸਬੰਧ ਵਿੱਚ ਆਈਜੀ ਬਾਰਡਰ ਰੇਂਜ ਵਲੋਂ ਬਾਰਡਰ ਰੇਂਜ ਦੇ ਜ਼ਿਲ੍ਹਿਆਂ ਦੇ ਪੁਲੀਸ ਮੁਖੀਆਂ ਨੂੰ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ ਤੇ ਉਨ੍ਹਾਂ ਨੂੰ ਲੋੜੀਂਦੀ ਕਾਰਵਾਈ ਲਈ ਆਖਿਆ ਗਿਆ ਹੈ। ਇਸ ਸਬੰਧੀ ਜ਼ਿਲਾ ਦਿਹਾਤੀ ਪੁਲੀਸ ਦੇ ਐੱਸਐੱਸਪੀ ਰਕੇਸ਼ ਕੌਸ਼ਲ ਨੇ ਉਨ੍ਹਾਂ ਦੇ ਅਧਿਕਾਰ ਖੇਤਰ ਹੇਠ ਆਉਂਦੇ ਸਾਰੇ ਥਾਣਿਆਂ ਦੇ ਐੱਸਐੱਚਓ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਪੁਲੀਸ ਨੂੰ ਗਸ਼ਤ ਤੇ ਚੌਕਸੀ ਦੋਵੇਂ ਵਧਾਉਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਹਰ ਧਰਮ ਅਸਥਾਨ ਦੇ ਬਾਹਰ ਪੁਲੀਸ ਤੈਨਾਤ ਕਰਨਾ ਮੁਸ਼ਕਲ ਹੈ। ਇਸੇ ਲਈ ਥਾਣੇ ਦੇ ਐੱਸਐੱਚਓ ਨੂੰ ਆਖਿਆ ਕਿ ਧਰਮ ਅਸਥਾਨ ਦੇ ਪ੍ਰਬੰਧਕਾਂ ਨਾਲ ਮਿਲਣ ਤੇ ਉਨ੍ਹਾਂ ਨੂੰ ਸੁਰਖਿਆ ਪ੍ਰਬੰਧ ਮਜਬੂਤ ਕਰਨ ਲਈ ਕਹਿਣ।
ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਵੀ ਅੱਜ ਸਾਰਾ ਦਿਨ ਵੱਡੀ ਗਿਣਤੀ ਵਿਚ ਪੁਲੀਸ ਬਲ ਤੈਨਾਤ ਰਿਹਾ। ਮੁੱਖ ਮੰਤਰੀ ਦੀ ਆਮਦ ਤੇ ਸਿੱਖ ਕਾਰਕੁੰਨਾਂ ਵਲੋਂ ਦਿੱਤੇ ਧਰਨੇ ਦੇ ਮੱਦੇਨਜ਼ਰ ਵੀ ਇਥੇ ਪੁਲੀਸ ਕਰਮਚਾਰੀਆਂ ਦੀ ਗਿਣਤੀ ਵਧਾਈ ਗਈ ਸੀ ਅਤੇ ਚੌਕਸੀ ਰੱਖੀ ਜਾ ਰਹੀ ਸੀ।
ਬੇਅਦਬੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਪੁਲੀਸ ਨੇ ਚੌਕਸੀ ਵਧਾਈ
ਸ਼ਾਹਕੋਟ (ਪੱਤਰ ਪ੍ਰੇਰਕ) ਅੰਮ੍ਰਿਤਸਰ ਤੇ ਕਪੂਰਥਲਾ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਸ਼ਾਹਕੋਟ ਪੁਲੀਸ ਨੇ ਚੌਕਸੀ ਵਧਾ ਦਿੱਤੀ ਹੈ। ਐੱਸਐੱਚਓ ਸ਼ਾਹਕੋਟ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਧਾਰਮਿਕ ਸਥਾਨਾਂ ਦੀ ਸੁਰੱਖਿਆ ਪੁਲੀਸ, ਪੰਚਾਇਤਾਂ ਅਤੇ ਧਾਰਮਿਕ ਕਮੇਟੀਆਂ ਦੇ ਆਪਸੀ ਸਹਿਯੋਗ ਨਾਲ ਹੀ ਕੀਤੀ ਜਾ ਸਕਦੀ। ਇਨ੍ਹਾਂ ਸਾਰਿਆਂ ਦੇ ਆਪਸੀ ਤਾਲਮੇਲ ਨਾਲ ਹੀ ਸ਼ਰਾਰਤੀ ਅਨਸਰਾਂ ਦੇ ਭੈੜੇ ਮਨਸੂਬਿਆਂ ਨੂੰ ਅਸਫਲ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅੱਜ ਇਲਾਕੇ ਦੇ ਕਈ ਪਿੰਡਾਂ ਦੇ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਤੇ ਪੰਚਾਇਤਾਂ ਨਾਲ ਇਸ ਵਿਸ਼ੇ ਉੱਪਰ ਵਿਚਾਰ ਚਰਚਾ ਕਰਦਿਆਂ ਉਨ੍ਹਾਂ ਨੂੰ ਸੇਵਾਦਾਰਾਂ ਦੀ ਗਿਣਤੀ ਵਧਾਉਣ, ਸਖਤ ਪਹਿਰੇ ਲਗਾਉਣ ਤੇ ਸੀਸੀਟੀਵੀ ਕੈਮਰੇ ਚਾਲੂ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਈ ਧਾਰਮਿਕ ਸਥਾਨਾਂ ਦੇ ਸੀਸੀਟੀ ਵੀ ਕੈਮਰੇ ਵੀ ਚੈੱਕ ਕੀਤੇ।