ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 24 ਅਪਰੈਲ
ਕਣਕ ਦੀ ਫਸਲ ਦੀ ਖਰੀਦ ਵਿਚ ਦਰਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਚੌਥੇ ਦਿਨ ਇਲਾਕੇ ਦੇ 52 ਪਿੰਡਾਂ ਵਿਚ ਕੇਂਦਰ ਅਤੇ ਪੰਜਾਬ ਸਰਕਾਰ ਦੇ ਪੁਤਲੇ ਸਾੜੇ ਗਏ। ਜਥੇਬੰਦੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨ ਆਗੂ ਗੁਰਬਚਨ ਸਿੰਘ ਚੱਬਾ, ਲਖਵਿੰਦਰ ਸਿੰਘ ਵਰਿਆਮ, ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਹੇਠ ਕੇਂਦਰ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਪੁਤਲੇ ਫੂਕ ਮੁਜ਼ਾਹਰੇ ਲਗਾਤਾਰ ਜਾਰੀ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵੱਲੋਂ ਅੱਜ ਵੱਖ ਵੱਖ ਜ਼ੋਨਾਂ ਦੇ 52 ਪਿੰਡਾਂ ਵਿੱਚ ਪੁਤਲੇ ਫੂਕ ਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸੇ ਦੌਰਾਨ ਕਿਸਾਨਾਂ ਨੇ ਖੇਤੀ ਬਿਲਾਂ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਅਹਿਦ ਲਿਆ।
ਇਸ ਮੌਕੇ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਕਾਰਪੋਰੇਟਾਂ ਘਰਾਣਿਆਂ ਨੂੰ ਫਾਇਦਾ ਦੇਣ ਲਈ ਕਿਸਾਨਾਂ ਨੂੰ ਖੱਜਲ-ਖੁਆਰ ਕਰ ਰਹੀ ਹੈ ਤੇ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਕਣਕ ਵੇਚਣ ਆਏ ਕਿਸਾਨਾਂ ਨੂੰ ਤੰਗੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਇਨ੍ਹਾਂ ਸਾਜ਼ਿਸ਼ਾਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ।
ਪੱਟੀ (ਬੇਅੰਤ ਸਿੰਘ ਸੰਧੂ): ਪੱਟੀ ਹਲਕੇ ਦੀਆਂ ਅਨਾਜ ਮੰਡੀਆਂ ਕੋਟਬੁੱਢਾ ਤੂਤ ਤੇ ਦੁੱਬਲੀ ਅੰਦਰ ਕਣਕ ਦੇ ਮਾੜੇ ਖਰੀਦ ਪ੍ਰਬੰਧਾਂ ਨੂੰ ਲੈ ਕਿ ਇਲਾਕੇ ਦੇ ਪਿੰਡ ਕੋਟਬੁੱਢਾ ਦੇ ਪੁਲ ਉਪਰ ਆੜ੍ਹਤੀ ਆਗੂ ਕਾਮਰੇਡ ਮਹਾਂਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਕਿਸਾਨਾਂ ਤੇ ਆੜ੍ਹਤੀਆਂ ਨੇ ਚੱਕਾ ਜਾਮ ਕੀਤਾ। ਇਸ ਮੌਕੇ ਕਾਮਰੇਡ ਮਹਾਂਬੀਰ ਸਿੰਘ ਗਿੱਲ, ਉਗਰਾਹਾ ਧੜੇ ਦੇ ਆਗੂ ਸੁਖਵੰਤ ਸਿੰਘ ਵਲਟੋਹਾ, ‘ਆਪ’ ਆਗੂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕਣਕ ਖਰੀਦ ਪ੍ਰਬੰਧਾਂ ਦੇ ਦਾਅਵੇ ਜ਼ਮੀਨੀ ਪੱਧਰ ’ਤੇ ਨਜ਼ਰ ਨਹੀਂ ਆਉਂਦੇ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਹੈ ਤੇ ਕਣਕ ਮੰਡੀਆਂ ਵਿੱਚ ਰੁੱਲ ਰਹੀ ਹੈ। ਉਨ੍ਹਾਂ ਕਿਹਾ ਕਿ ਨਿਰਧਾਰਤ ਰੇਟ ਤੋਂ ਵੱਧ ਖਰੀਦ ਕੀਤੇ ਬਾਰਦਾਨੇ ਦੀ ਭਰਪਾਈ ਕਿਸਾਨ ਤੇ ਆੜ੍ਹਤੀਏ ਆਪਣੀ ਜੇਬ ਵਿੱਚੋਂ ਨਹੀਂ ਕਰ ਸਕਦੇ। ਆਗੂਆਂ ਨੇ ਕਿਹਾ ਕਿ ਜਿਨਾਂ ਚਿਰ ਮੰਡੀਆਂ ਅੰਦਰ ਬਾਰਦਾਨੇ ਦੀ ਘਾਟ ਨੂੰ ਪੂਰਾ ਨਹੀਂ ਕੀਤਾ ਜਾਂਦਾ, ਉਸ ਸਮੇਂ ਤੱਕ ਰੋਸ ਧਰਨਾ ਜਾਰੀ ਰਹੇਗਾ।
ਗੁਰਦਾਸਪੁਰ (ਜਤਿੰਦਰ ਬੈਂਸ): ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੀ ਹੋਈ ਕਣਕ ਦੀ ਲਿਫਟਿੰਗ ਨਾ ਹੋਣ ਦੇ ਨਾਕਸ ਪ੍ਰਬੰਧਾਂ ਦਾ ਦੋਸ਼ ਲਾਉਂਦਿਆਂ ਟਰੱਕ ਅਪਰੇਟਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਟਰੱਕ ਅਪਰੇਟਰਾਂ ਨੇ ਰੋਸ ਵੱਜੋਂ ਅੰਮ੍ਰਿਤਸਰ-ਪਠਾਨਕੋਟ ਮੁੱਖ ਸੜਕ ਨੂੰ ਵੀ ਜਾਮ ਕਰ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ। ਟਰੱਕ ਅਪਰੇਟਰਾਂ ਦਾ ਕਹਿਣਾ ਸੀ ਕਿ ਪਿਛਲੇ ਕਰੀਬ ਅੱਠ ਦਿਨਾਂ ਤੋਂ ਆਪਣੇ ਟਰੱਕ ਲੈ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਦੀ ਕਥਿਤ ਲਾਪ੍ਰਵਾਹੀ ਦਾ ਖਾਮਿਆਜ਼ਾ ਉਨ੍ਹਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੌਰਾਨ ਉਹ ਸਰਕਾਰ ਦੀ ਹੀ ਸਹਾਇਤਾ ਕਰ ਰਹੇ ਹਨ, ਪਰ ਉਨ੍ਹਾਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਮੰਡੀਆਂ ਅੰਦਰ ਪ੍ਰਬੰਧਾਂ ਦੀ ਘਾਟ ਸਮੇਤ ਹੋਰ ਵੀ ਕਈ ਤਰ੍ਹਾਂ ਦੇ ਦੋਸ਼ ਲਗਾਏ ਅਤੇ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਨਾ ਲਿਆਂਦੀ ਗਈ ਤਾਂ ਟਰੱਕ ਲੈ ਕੇ ਵਾਪਸ ਚਲੇ ਜਾਣਗੇ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਮੰਡੀਆਂ ਵਿਚ ਬਾਰਦਾਨੇ ਦੀ ਕਮੀ ਅਤੇ ਹੋਰ ਸਹੂਲਤਾਂ ਦੀ ਘਾਟ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੇ ਕਿਸਾਨ ਵਿੰਗ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਡਿਪਟੀ ਕਮਿਸ਼ਨਰ ਨੂੰ ਮਿਲਿਆ ਅਤੇ ਮੰਗ ਪੱਤਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਮੀਂਹ ਨਾਲ ਭਿੱਜੀ ਕਣਕ ਦੀ ਤੁਰੰਤ ਖਰੀਦ ਕੀਤੀ ਜਾਵੇ ਅਤੇ ਨਮੀ ਦੀ ਮਾਤਰਾ ਵਿਚ ਢਿੱਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਅਤੇ ਕਿਸਾਨਾਂ ਦੀ ਅਦਾਇਗੀ ਵਿਚ ਤੇਜ਼ੀ ਲਿਆਂਦੀ ਜਾਵੇ। ਸੁਖਵਿੰਦਰ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਕਣਕ ਦੀ ਖਰੀਦ ਲਈ ਪੁਖਤਾ ਇੰਤਜਾਮ ਕਰਨ ’ਚ ਨਾਕਾਮ ਰਹੀ ਹੈ।
ਬਟਾਲਾ-ਡੇਰਾ ਬਾਬਾ ਨਾਨਕ ਸੜਕ ’ਤੇ ਧਰਨੇ ਦੌਰਾਨ ਚੱਕਾ ਜਾਮ
ਬਟਾਲਾ (ਦਲਬੀਰ ਸੱਖੋਵਾਲੀਆ): ਦਾਣਾ ਮੰਡੀ ਬਟਾਲਾ ਵਿੱਚ ਲੰਘੇ ਇਕ ਹਫਤੇ ਤੋਂ ਬਾਰਦਾਨਾ ਨਾ ਆਉਣ ਕਾਰਨ ਅੱਜ ਆੜ੍ਹਤੀਆਂ, ਕਿਸਾਨਾਂ, ਮੁਨੀਮਾਂ ਅਤੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਬਟਾਲਾ-ਡੇਰਾ ਬਾਬਾ ਨਾਨਕ ਸੜਕ ’ਤੇ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ। ਆੜ੍ਹਤੀ ਐਸੋਸੀਏਸ਼ਨ ਬਟਾਲਾ ਦੇ ਪ੍ਰਧਾਨ ਮਨਬੀਰ ਸਿੰਘ ਰੰਧਾਵਾ ਨੇ ਦੱਸਿਆ ਕਿ ਛੇ ਦਿਨਾਂ ਤੋਂ ਬਟਾਲਾ ਦਾਣਾ ਮੰਡੀ ਵਿੱਚ ਬਾਰਦਾਨਾ ਨਹੀਂ ਆਇਆ। ਇਸੇ ਦੌਰਾਨ ਮਾਰਕੀਟ ਕਮੇਟੀ ਦੇ ਸਕੱਤਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਕੁਝ ਬਾਰਦਾਨਾ ਛੇਤੀ ਹੀ ਮੰਡੀ ਵਿੱਚ ਪਹੁੰਚ ਰਿਹਾ ਹੈ। ਐੱਸਡੀਐੱਮ ਬਲਵਿੰਦਰ ਸਿੰਘ ਨੇ ਆੜ੍ਹਤੀਆਂ ਨੂੰ ਸਮੱਸਿਆ ਹੱਲ ਕੀਤੇ ਜਾਣ ਦਾ ਭਰੋਸਾ ਦਿੱਤਾ ਅਤੇ ਧਰਨਾ ਖ਼ਤਮ ਕਰਵਾਇਆ। ਇਸ ਧਰਨੇ ਕਾਰਨ ਡੇਰਾ ਬਾਬਾ ਨਾਨਕ ਰੋਡ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਇਸ ਮੌਕੇ ਆੜ੍ਹਤੀ ਕੰਵਲਜੀਤ ਸਿੰਘ ਸ਼ਾਹ, ਪਰਮਜੀਤ ਸਿੰਘ ਵੜੈਚ, ਹਰਦੇਵ ਸਿੰਘ ਪਵਾਰ, ਨਰਿੰਦਰ ਸਿੰਘ ਪੱਡਾ, ਗੁਰਚੈਨ ਸਿੰਘ ਭੁੱਲਰ, ਸੁਦਰਸ਼ਨ ਕੁਮਾਰ ਕੁੱਕ, ਬਾਬਾ ਰਜਿੰਦਰ ਸਿੰਘ ਸੋਢੀ ਅਤੇ ਬੂਟਾ ਸਿੰਘ ਘੋਗਾ ਨੇ ਵੀ ਸੰਬੋਧਨ ਕੀਤਾ।