ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 1 ਨਵੰਬਰ
ਕਿਰਤੀ ਕਿਸਾਨ ਯੂਨੀਅਨ ਵੱਲੋਂ 3 ਨਵੰਬਰ ਨੂੰ ਜ਼ਿਲ੍ਹਾ ਤੇ ਤਹਿਸੀਲ ਹੈੱਡਕੁਆਰਟਰਾਂ ’ਤੇ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਬੰਦੀਆਂ ਤੇ ਸਿਆਸੀ ਕੈਦੀਆਂ ਨੂੰ ਰਿਹਾਅ ਕਰਵਾਉਣ ਲਈ ਰੋਸ ਮੁਜ਼ਾਹਰੇ ਕੀਤੇ ਜਾਣਗੇ। ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਬਿਆਨ ’ਚ ਸੂਬਾ ਪ੍ਰੈੱਸ ਸਕੱਤਰ ਜਤਿੰਦਰ ਸਿੰਘ ਛੀਨਾ ਨੇ ਕਿਹਾ ਕਿ ਜਥੇਬੰਦੀ ਸਮਝਦੀ ਹੈ ਕਿ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੋਏ ਕਤਲ ਤੋਂ ਬਾਅਦ ਦਿੱਲੀ, ਕਾਨਪੁਰ ਆਦਿ ਸ਼ਹਿਰਾਂ, ਜੋ ਕਾਂਗਰਸ ਸ਼ਾਸਤ ਪ੍ਰਦੇਸ਼ ਸਨ, ’ਚ ਯੋਜਨਾਬੱਧ ਕਾਂਗਰਸ ਦੇ ਆਗੂਆਂ ਵੱਲੋਂ ਭੀੜਾਂ ਨੂੰ ਉਕਸਾ ਕੇ ਸਿੱਖਾਂ ਦਾ ਕਤਲੇਆਮ ਕਰਵਾਇਆ, ਬਹੂ ਬੇਟੀਆਂ ਦੀ ਬੇਪਤੀ ਕੀਤੀ ਤੇ ਸਿੱਖਾਂ ਦੇ ਘਰਾਂ, ਜਾਇਦਾਦਾਂ ਤੇ ਕਾਰੋਬਾਰਾਂ ਨੂੰ ਲੁੱਟਿਆ ਤੇ ਅੱਗਾਂ ਲਾ ਕੇ ਤਬਾਹ ਕਰਨ ਦੀ ਕਾਰਵਾਈ ਕੀਤੀ ਗਈ ਸੀ। ਇਸ ਮਾਮਲੇ ’ਚ ਹੁਣ ਤਕ ਸਿੱਖਾਂ ਨੂੰ ਇਨਸਾਫ ਨਹੀਂ ਮਿਲਿਆ ਤੇ ਦੂਜੇ ਪਾਸੇ ਉਸ ਦੌਰ ਦੇ ਸੰਘਰਸ਼ ’ਚ ਸ਼ਾਮਲ ਸਿੱਖ ਨੌਜਵਾਨਾਂ ਤੇ ਆਗੂਆਂ ਨੂੰ ਉਮਰ ਕੈਦਾਂ ਦੀਆਂ ਸਜ਼ਾਵਾਂ ਪੂਰੀਆਂ ਕਰ ਲੈਣ ਤੋਂ ਬਾਅਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਹਾਕਮ ਜਮਾਤ ਜਾਣਬੁੱਝ ਕੇ ਇਸ ਤਰ੍ਹਾਂ ਦਾ ਰੁੱਖ ਅਖਤਿਆਰ ਕਰ ਰਹੀ ਹੈ ਤਾਂ ਕਿ ਇਸ ਬੇਗਾਨਗੀ ਦੀ ਭਾਵਨਾ ਦੇ ਚਲਦਿਆਂ ਆਪਣੀਆਂ ਏਜੰਸੀਆ ਰਾਹੀਂ ਵਰਤੋਂ ਕਰਕੇ ਮੁੜ ਪੰਜਾਬ ਦੇ ਹਲਾਤ ਖਰਾਬ ਕੀਤੇ ਜਾ ਸਕਣ।