ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 27 ਜਨਵਰੀ
ਗਣਤੰਤਰ ਦਿਵਸ ’ਤੇ ਖੇਡਾਂ ਤੇ ਯੂਥ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਗੁਰੂ ਨਾਨਕ ਸਟੇਡੀਅਮ ਵਿਚ ਝੰਡਾ ਲਹਿਰਾਉਣ ਮਗਰੋਂ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਆਪਣੇ ਬਣਾਏ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ, ਉੁਦੋਂ ਤਕ ਪੰਜਾਬ ਸਰਕਾਰ ਇਨ੍ਹਾਂ ਕਾਨੂੰਨਾਂ ਖਿਲਾਫ਼ ਆਪਣਾ ਸੰਘਰਸ਼ ਜਾਰੀ ਰੱਖੇਗੀ।
ਜਲੰਧਰ (ਪਾਲ ਸਿੰਘ ਨੌਲੀ): ਗਣਤੰਤਰ ਦਿਵਸ ਸਮਾਰੋਹ ਦੇ ਜਸ਼ਨਾਂ ਦੌਰਾਨ ਇੰਡੋ-ਤਿੱਬਤੀਅਨ ਬਾਰਡਰ ਪੁਲੀਸ (ਆਈਟੀਬੀਪੀ) ਦੀ ਟੁਕੜੀ ਨੂੰ ਪਰੇਡ ਦੀ ਸਰਬ ਉੱਤਮ ਟੁਕੜੀ ਐਲਾਨਿਆ ਗਿਆ। ਸਮਾਰੋਹ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ। ਆਈਟੀਬੀਪੀ ਦੇ ਇੰਸਪੈਕਟਰ ਪ੍ਰਦੀਪ ਕੁਮਾਰ ਨੇ ਟੁਕੜੀ ਵੱਲੋਂ ਇਨਾਮ ਪ੍ਰਾਪਤ ਕੀਤਾ ਜਦਕਿ ਸਬ-ਇੰਸਪੈਕਟਰ ਭੂਸ਼ਣ ਕੁਮਾਰ ਦੀ ਅਗਵਾਈ ਹੇਠ ਪੰਜਾਬ ਪੁਲੀਸ (ਪੁਰਸ਼) ਦੀ ਟੁਕੜੀ ਨੇ ਦੂਜਾ ਇਨਾਮ ਹਾਸਲ ਕੀਤਾ।
ਬਟਾਲਾ (ਹਰਜੀਤ ਸਿੰਘ ਪਰਮਾਰ): ਇਥੇ ਬਹੁ ਤਕਨੀਕੀ ਕਾਲਜ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ 72ਵਾਂ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸ.ਡੀ.ਐੱਮ. ਬਟਾਲਾ ਬਲਵਿੰਦਰ ਸਿੰਘ ਨੇ ਅਦਾ ਕਰਨ ਉਪਰੰਤ ਪਰੇਡ ਦਾ ਮੁਆਇਨਾ ਕੀਤਾ।
ਕਾਦੀਆਂ (ਮਕਬੂਲ ਅਹਿਮਦ): ਹਲਕਾ ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਨੇ ਨਗਰ ਕੌਂਸਲ ਦੇ ਮੈਦਾਨ ਚ ਤਿਰੰਗਾ ਝੰਡਾ ਲਹਿਰਾਇਆ। ਕੋਮੀ ਤਰਾਨੇ ਤੋਂ ਬਾਅਦ ਕਾਦੀਆਂ ਪੁਲੀਸ ਦੀ ਇੱਕ ਟੀਮ ਵੱਲੋਂ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ।
ਹੁਸ਼ਿਆਰਪੁਰ (ਪੱਤਰ ਪੇ੍ਰਕ): ਪੁਲੀਸ ਲਾਈਨ ਹੁਸ਼ਿਆਰਪੁਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਤਕਨੀਕੀ ਸਿੱਖਿਆ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕਰਨ ਉਪਰੰਤ ਮਾਰਚ ਪਾਸਟ ਤੋਂ ਸਲਾਮੀ ਲਈ।
ਨਵਾਂ ਸ਼ਹਿਰ (ਲਾਜਵੰਤ ਸਿੰਘ): 72ਵੇਂ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਆਈ. ਟੀ. ਆਈ ਗਰਾਊਂਡ ਨਵਾਂਸ਼ਹਿਰ ਵਿਖੇ ਹੋਇਆ ਜਿਸ ਦੌਰਾਨ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕੀਤਾ।
ਗੁਰਦਾਸਪੁਰ (ਪੱਤਰ ਪੇ੍ਰਕ): ਇਥੇ ਜ਼ਿਲ੍ਹਾ ਪੱਧਰੀ ਸਮਾਰੋਹ ਸਰਕਾਰੀ ਕਾਲਜ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਖੇਡ ਸਟੇਡੀਅਮ ਵਿੱਚ ਹੋਇਆ। ਜੇਲ੍ਹ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਅਤੇ ਪਰੇਡ ਤੋਂ ਸਲਾਮੀ ਲਈ।
ਤਰਨ ਤਾਰਨ (ਗੁਰਬਖ਼ਸ਼ਪੁਰੀ): ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿੱਚ ਕੀਤੇ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ| ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ।