ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 20 ਅਗਸਤ
ਚੀਫ਼ ਖ਼ਾਲਸਾ ਦੀਵਾਨ ਦੀ ਕਾਰਜਸਾਧਕ ਕਮੇਟੀ ਅਤੇ ਜਨਰਲ ਹਾਊਸ ਦੀ ਮੀਟਿੰਗ ਵਿਚ ਮਤਾ ਪਾਸ ਕਰਕੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਗਈ। ਇਹ ਮੀਟਿੰਗ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਵੱਲੋਂ ਮੀਟਿੰਗ ਦੇ ਏਜੰਡੇ ਬਾਰੇ ਜਾਣਕਾਰੀ ਦਿੱਤੀ ਗਈ। ਮੀਟਿੰਗ ਵਿਚ ਜਨਰਲ ਹਾਊਸ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਕੀਤੀ ਜਾਵੇ। ਦੀਵਾਨ ਦੇ ਮੈਂਬਰਾਂ ਵਲੋਂ ਸਿੱਖਾਂ ਦੇ ਲਗਾਤਾਰ ਹੋ ਰਹੇ ਧਰਮ ਪਰਿਵਤਰਨ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਨੂੰ ਪ੍ਰਚੰਡ ਕਰਨ ਹਿੱਤ ਵਿਸ਼ੇਸ਼ ਯਤਨ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿੱਚ ਜ਼ਰੂਰਤਮੰਦ ਬੱਚਿਆਂ ਲਈ ਸ਼ਾਮ ਨੂੰ ਮੁਫ਼ਤ ਸਕੂਲ ਜਿਸ ਵਿਚ ਮੁਫ਼ਤ ਪੜ੍ਹਾਈ ਦੇ ਨਾਲ-ਨਾਲ ਕਿਤਾਬਾਂ, ਵਰਦੀਆਂ ਆਦਿ ਵੀ ਮੁਫ਼ਤ ਦਿੱਤੀਆਂ ਜਾਣਗੀਆਂ, ਸ਼ੁਰੂ ਕਰਨ ਲਈ ਵੀ ਪ੍ਰਵਾਨਗੀ ਦਿੱਤੀ ਗਈ।
ਇਸ ਮੌਕੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੀਵਾਨ ਦੀ ਤਰੱਕੀ ਲਈ ਸਮੂਹ ਮੈਂਬਰਾਂ ਨੂੰ ਆਪਣਾ ਸਹਿਯੋਗ ਦੇਣ ਦੀ ਅਪੀਲ ਕੀਤੀ। ਇਥੇ ਦੱਸਣਯੋਗ ਹੈ ਕਿ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ‘ਆਪ’ ਦੇ ਵਿਧਾਇਕ ਵੀ ਹਨ ਅਤੇ ‘ਆਪ’ ਦੀ ਦਿੱਲੀ ਸਰਕਾਰ ਵੱਲੋਂ ਹੀ ਸਿੱਖ ਬੰਦੀ ਪ੍ਰੋ. ਭੁੱਲਰ ਦੀ ਰਿਹਾਈ ਦੇ ਮਾਮਲੇ ਵਿਚ ਪ੍ਰਵਾਨਗੀ ਨਹੀਂ ਦਿੱਤੀ ਜਾ ਰਹੀ ਹੈ।
ਮੀਟਿੰਗ ਦੌਰਾਨ ਅਜੀਤ ਸਿੰਘ ਬਸਰਾ, ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ, ਮੀਤ ਪ੍ਰਧਾਨ ਅਮਰਜੀਤ ਸਿੰਘ ਬਾਂਗਾ, ਮੀਤ ਪ੍ਰਧਾਨ ਜਗਜੀਤ ਸਿੰਘ, ਸਰਪ੍ਰਸਤ ਰਾਜਮਹਿੰਦਰ ਸਿੰਘ ਮਜੀਠਾ ਸਮੇਤ ਹੋਰ ਮੈਂਬਰ ਹਾਜ਼ਰ ਸਨ।