ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 1 ਨਵੰਬਰ
ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਅੱਜ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਸਮੁੱਚੀ ਸਿੱਖ ਕੌਮ ਨੂੰ ਵੱਡੇ ਕੌਮੀ ਹਿੱਤਾਂ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਸਿੱਖ ਸਿਧਾਂਤਾਂ ਦਾ ਘਾਣ ਕਰਨ ਅਤੇ ਸਿੱਖ ਸੰਸਥਾਵਾਂ ’ਤੇ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦਾ ਦੋਸ਼ ਲਾਇਆ। ਉਹ ਅੱਜ ‘ਬੰਦੀ ਛੋੜ ਦਿਵਸ’ ਮੌਕੇ ਸ੍ਰੀ ਅਕਾਲ ਤਖ਼ਤ ਵਿਖੇ ਨਤਮਸਤਕ ਹੋਣ ਲਈ ਪੁੱਜੇ ਸਨ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕੀਤੀ।
ਸਿੱਖ ਕੌਮ ਦੇ ਨਾਂ ਜਾਰੀ ਸੰਦੇਸ਼ ਵਿੱਚ ਭਾਈ ਮੰਡ ਨੇ ਕਿਹਾ ਕਿ ਇਸ ਵਾਰ ਜਿਹੜੇ ਦਿਨਾਂ ਵਿੱਚ ਦੀਵਾਲੀ ਦਾ ਤਿਉਹਾਰ ਅਤੇ ‘ਬੰਦੀ ਛੋੜ ਦਿਵਸ’ ਆਏ ਹਨ, ਲਗਪਗ 40 ਸਾਲ ਪਹਿਲਾਂ ਇਨ੍ਹਾਂ ਦਿਨਾਂ ਦੌਰਾਨ ਦਿੱਲੀ ਅਤੇ ਹੋਰ ਸ਼ਹਿਰਾਂ ਵਿੱਚ ਸਿੱਖਾਂ ਦਾ ਕਤਲੇਆਮ ਤੇ ਨਸ਼ਲਕੁਸ਼ੀ ਕੀਤੀ ਗਈ ਸੀ। ਇਸ ਸਬੰਧੀ ਸਿੱਖਾਂ ਨੂੰ ਹੁਣ ਤੱਕ ਇਨਸਾਫ਼ ਨਹੀਂ ਮਿਲਿਆ। ਬਿਨਾਂ ਕਿਸੇ ਸਿਆਸੀ ਧਿਰ ਦਾ ਨਾਂ ਲਏ ਭਾਈ ਮੰਡ ਨੇ ਕਿਹਾ ਕਿ ਇੱਕ ਧਿਰ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਫੌਜੀ ਹਮਲਾ ਕੀਤਾ ਗਿਆ, ਦਿੱਲੀ ਸਮੇਤ ਵੱਖ ਵੱਖ ਸੂਬਿਆਂ ਵਿੱਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਅਤੇ ਪੰਜਾਬ ਵਿੱਚ ਹਜ਼ਾਰਾਂ ਬੇਗੁਨਾਹ ਸਿੱਖਾਂ ਦੇ ਝੂਠੇ ਪੁਲੀਸ ਮੁਕਾਬਲੇ ਬਣਾ ਕੇ ਨਸਲਕੁਸ਼ੀ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਦੂਜੇ ਧਿਰ ਵੱਲੋਂ ਸਿੱਖਾਂ ਦਾ ਸੱਤ ਸਮੁੰਦਰੋਂ ਪਾਰ ਤੱਕ ਪਿੱਛਾ ਕਰਕੇ ਮਾਰਨਾ ਸਿੱਖ ਪੰਥ ਦੇ ਭਵਿੱਖ ਅਤੇ ਹੋਂਦ ’ਤੇ ਸਵਾਲੀਆ ਨਿਸ਼ਾਨ ਲਾਉਂਦਾ ਹੈ। ਉਨ੍ਹਾਂ ਦੁੱਖ ਪ੍ਰਗਟਾਇਆ ਕਿ ਸਿੱਖ ਸੰਸਥਾਵਾਂ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀਆਂ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ’ਤੇ ਦੋਸ਼ ਲਾਇਆ ਕਿ ਉਹ ਤਖ਼ਤਾਂ ਦੇ ਜਥੇਦਾਰਾਂ ਦੇ ਹੱਕਾਂ ਵਿੱਚ ਦਖ਼ਲ ਦੇ ਕੇ ਸਿੱਖ ਸਿਧਾਂਤਾਂ ਦਾ ਘਾਣ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਪੰਜਾਬ ਛੱਡ ਜਾਣ ਦੀ ਕਿਸੇ ਸੰਸਥਾ ਨੂੰ ਚਿੰਤਾ ਨਹੀਂ ਹੈ। ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਵਸਾਏ ਜਾ ਰਹੇ ਗ਼ੈਰ-ਪੰਜਾਬੀਆਂ ਦੇ ਰੁਝਾਨ ਵੱਲ ਵੀ ਕੋਈ ਧਿਆਨ ਨਹੀਂ ਦੇ ਰਿਹਾ। ਅਜੋਕੀ ਸਥਿਤੀ ’ਤੇ ਚਿੰਤਾ ਦਾ ਪ੍ਰਗਟ ਕਰਦਿਆਂ ਉਨ੍ਹਾਂ ਨੇ ਸਮੁੱਚੀਆਂ ਪੰਥਕ ਜਥੇਬੰਦੀਆਂ ਅਤੇ ਅਕਾਲੀ ਧੜਿਆਂ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਹਿੱਤਾਂ ਨੂੰ ਜਾਂ ਵਖਰੇਵਿਆਂ ਨੂੰ ਛੱਡ ਕੇ ਪੰਥਕ ਹਿੱਤਾਂ ਲਈ ਆਪਸੀ ਮਤਭੇਦ ਭੁਲਾ ਕੇ ਦਰਪੇਸ਼ ਚੁਣੌਤੀਆਂ ਦਾ ਟਾਕਰਾ ਕਰਨ ਲਈ ਇੱਕ ਨਿਸ਼ਾਨ ਹੇਠ ਇਕੱਠੇ ਹੋਣ। ਉਨ੍ਹਾਂ ਨੇ ਨਵੰਬਰ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਿੱਖ ਆਗੂ ਜਰਨੈਲ ਸਿੰਘ ਸਖੀਰਾ ਤੇ ਹੋਰ ਹਾਜ਼ਰ ਸਨ।