ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 9 ਨਵੰਬਰ
ਭਾਰਤ ਦੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਦੇ ਕਿਰਪਾਨ ਪਹਿਨਣ ’ਤੇ ਲਾਈ ਰੋਕ ਹਟਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੇਤੀ ਹੀ ਆਪਣਾ ਇੱਕ ਵਫ਼ਦ ਕੇਂਦਰ ਸਰਕਾਰ ਨਾਲ ਮੁਲਾਕਾਤ ਲਈ ਭੇਜੇ ਜਾਣ ਦੀ ਸੰਭਾਵਨਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਧਿਆਨ ਵਿੱਚ ਆਉਣ ਤੋਂ ਤੁਰੰਤ ਬਾਅਦ ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਨੂੰ ਪੱਤਰ ਭੇਜਿਆ ਸੀ ਪਰ ਹੁਣ ਤੱਕ ਇਸ ਸਬੰਧੀ ਕੇਂਦਰ ਸਰਕਾਰ ਨੇ ਕੋਈ ਹੁੰਗਾਰਾ ਨਹੀਂ ਭਰਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਧਾਰੀ ਸਿੱਖ ਕਰਮਚਾਰੀ ਪਹਿਲਾਂ ਵੀ ਹਵਾਈ ਅੱਡਿਆਂ ’ਤੇ ਕੰਮ ਕਰ ਰਹੇ ਸਨ ਅਤੇ ਹੁਣ ਅਜਿਹਾ ਹੁਕਮ ਜਾਰੀ ਕਰਨਾ ਕਿਸੇ ਵੀ ਤਰ੍ਹਾਂ ਸਹੀ ਨਹੀਂ ਹੈ। ਸੂਤਰਾਂ ਅਨੁਸਾਰ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੀਤੇ ਗਏ ਆਦੇਸ਼ ਸਬੰਧੀ ਪੱਤਰ ਸ਼੍ਰੋਮਣੀ ਕਮੇਟੀ ਨੂੰ ਮਿਲ ਗਿਆ ਹੈ ਜਿਸ ’ਚ ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ਸਬੰਧੀ ਇੱਕ ਸਿੱਖ ਵਫ਼ਦ ਕੇਂਦਰ ਸਰਕਾਰ ਕੋਲ ਭੇਜਣ ਦੇ ਆਦੇਸ਼ ਕੀਤੇ ਹਨ ਤਾਂ ਜੋ ਇਹ ਰੋਕ ਹਟਾਈ ਜਾ ਸਕੇ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਛੇਤੀ ਹੀ ਇੱਕ ਵਫ਼ਦ ਕੇਂਦਰ ਸਰਕਾਰ ਕੋਲ ਭੇਜੇ ਜਾਣ ਦੀ ਸੰਭਾਵਨਾ ਹੈ। ਮਾਮਲੇ ਨੂੰ ਲੈ ਕੇ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਭਲਕੇ ਸ਼੍ਰੋਮਣੀ ਕਮੇਟੀ ਦਫ਼ਤਰ ਆ ਕੇ ਵਫ਼ਦ ਦਾ ਗਠਨ ਕਰ ਸਕਦੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਧਾਰੀ ਕਰਮਚਾਰੀਆਂ ਦੇ ਕਿਰਪਾਨ ਪਹਿਨਣ ’ਤੇ ਰੋਕ ਦੀ ਨਿਖੇਧੀ ਕੀਤੀ ਹੈ।