ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਜਨਵਰੀ
1984 ਦੇ ਸਿੱਖ ਕਤਲੇਆਮ ਨੂੰ ਅਮਰੀਕਾ ਦੇ ਸੂਬੇ ਨਿਊਜਰਸੀ ਦੀ ਸੈਨੇਟ ਵੱਲੋਂ ਸਿੱਖ ਨਸਲਕੁਸ਼ੀ ਐਲਾਨਦਿਆਂ ਇਸ ਦੀ ਨਿਖੇਧੀ ਦਾ ਮਤਾ ਪਾਸ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ 2015 ਵਿੱਚ ਕੈਲੇਫੋਰਨੀਆ ਰਾਜ ਦੇ ਸਦਨ ਅਤੇ 2018 ਵਿੱਚ ਪੈਨਸਿਲਵੇਨੀਆ ਸੂਬੇ ਵੱਲੋਂ ਵੀ ਅਜਿਹੇ ਮਤੇ ਪਾਸ ਕੀਤੇ ਗਏ ਸਨ। ਉਨ੍ਹਾਂ ਦੋਸ਼ ਲਾਇਆ ਕਿ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਨਵੰਬਰ 1984 ਵਿੱਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਥਾਵਾਂ ’ਤੇ ਹਜ਼ਾਰਾਂ ਬੇਗੁਨਾਹ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਉਨ੍ਹਾਂ ਆਖਿਆ ਕਿ ਇਹ ਕਾਂਗਰਸ ਪਾਰਟੀ ਦੀ ਮਨੁੱਖਤਾ ਵਿਰੋਧੀ ਸੋਚ ਸੀ, ਜਿਸ ਨੂੰ ਸਮਾਜ ਵੱਲੋਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਥੇ ਵਿਦੇਸ਼ ਦੀਆਂ ਸਰਕਾਰਾਂ ਸਿੱਖਾਂ ’ਤੇ ਹੋਏ ਇਸ ਵਹਿਸ਼ੀਆਨਾ ਕਾਰੇ ਦੀ ਨਿਖੇਧੀ ਕਰ ਰਹੀਆਂ ਹਨ, ਉਥੇ ਹੀ ਕਾਂਗਰਸ ਪਾਰਟੀ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਨੂੰ ਵੱਡੇ ਅਹੁਦਿਆਂ ਨਾਲ ਨਿਵਾਜ ਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕ ਰਹੀ ਹੈ।