ਅੰਮ੍ਰਿਤਸਰ: ਜ਼ਿਲ੍ਹੇ ਦੇ ਪੱਤਰਕਾਰਾਂ ਦੀ ਚਿਰੋਕਣੀ ਮੰਗ ਨੂੰ ਉਸ ਸਮੇਂ ਬੂਰ ਪਿਆ ਜਦ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਨਿਊ ਅੰਮ੍ਰਿਤਸਰ ਸਥਿਤ ਪ੍ਰੈੱਸ ਕਲੱਬ ਦੀਆਂ ਚਾਬੀਆਂ ਅੱਜ ਪੱਤਰਕਾਰਾਂ ਦੀ ਚੁਣੀ ਸੰਸਥਾ ਪ੍ਰੈੱਸ ਕਲੱਬ ਆਫ ਅੰਮ੍ਰਿਤਸਰ ਦੇ ਅਹੁਦੇਦਾਰਾਂ ਨੂੰ ਸੌਂਪ ਦਿੱਤੀਆਂ। ਇਸ ਸਮੇਂ ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੂੰ ਅੱਜ ਉਨ੍ਹਾਂ ਦਾ ਆਪਣਾ ਘਰ ਤੇ ਦਫ਼ਤਰ ਦੋਵੇਂ ਮਿਲੇ ਹਨ। ਪੱਤਰਕਾਰਾਂ ਦਾ ਫਰਜ਼ ਹੈ ਕਿ ਉਹ ਜਿੱਥੇ ਸਰਕਾਰੀ ਪ੍ਰਬੰਧ ਦੀਆਂ ਖਾਮੀਆਂ ਸਾਹਮਣੇ ਲਿਆਉਣ, ਉਥੇ ਸਰਕਾਰ ਵੱਲੋਂ ਲੋਕਾਂ ਲਈ ਸ਼ੁਰੂ ਕੀਤੀਆਂ ਵੱਖ-ਵੱਖ ਯੋਜਨਾਵਾਂ ਦਾ ਪ੍ਰਚਾਰ-ਪ੍ਰਸਾਰ ਵੀ ਕਰਨ ਤਾਂ ਕਿ ਲੋੜਵੰਦ ਲੋਕ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ। ਉਪ ਮੁੱਖ ਮੰਤਰੀ ਨੇ ਪ੍ਰੈੱਸ ਕਲੱਬ ਦੀਆਂ ਮੁੱਢਲੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਪ੍ਰੈਸ ਕਲੱਬ ਨੂੰ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ। -ਖੇਤਰੀ ਪ੍ਰਤੀਨਿਧ