ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ 26 ਅਗਸਤ
ਪੈਸਿਆਂ ਦੇ ਲੈਣ ਦੇਣ ਦੇ ਮਾਮਲੇ ਵਿੱਚ ਕਥਿਤ ਤੌਰ ’ਤੇ ਤੰਗ ਪ੍ਰੇਸ਼ਾਨ ਕੀਤੇ ਜਾਣ ਤੋਂ ਬਾਅਦ ਇਕ ਵਿਅਕਤੀ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਸ਼ਨਾਖ਼ਤ ਅਮਿਤ ਕੁਮਾਰ ਵਜੋਂ ਹੋਈ ਹੈ।
ਪੁਲੀਸ ਨੇ ਮ੍ਰਿਤਕ ਦੀ ਪਤਨੀ ਸੋਨੀਆ ਵਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਸੱਤ ਵਿਅਕਤੀਆਂ ਖ਼ਿਲਾਫ਼ ਥਾਣਾ ਸਦਰ ਵਿਚ ਕੇਸ ਦਰਜ ਕੀਤਾ ਹੈ ਜਿਨ੍ਹਾਂ ਵਿੱਚ ਪ੍ਰਭਜੋਤ ਸਿੰਘ, ਗੋਪੀ, ਸੁਰਿੰਦਰ, ਸੰਜੀਵ ਕੁਮਾਰ, ਪਰੇਜ਼, ਆਸ਼ੂ, ਵਿਕਰਮ ਦੇ ਨਾਂ ਸ਼ਾਮਲ ਹਨ।
ਆਪਣੀ ਸ਼ਿਕਾਇਤ ਵਿਚ ਉਸ ਨੇ ਪੁਲੀਸ ਨੂੰ ਦੱਸਿਆ ਕਿ ਬੀਤੀ ਰਾਤ ਜਦੋਂ ਉਸ ਦਾ ਪਤੀ ਘਰ ਵਾਪਸ ਆਇਆ ਤਾਂ ਇੰਜ ਲੱਗ ਰਿਹਾ ਸੀ ਜਿਵੇਂ ਉਹ ਸ਼ਰਾਬ ਦੇ ਨਸ਼ੇ ਵਿੱਚ ਹੋਵੇ। ਉਹ ਤੁਰੰਤ ਉਸ ਨੂੰ ਇਕ ਨਿੱਜੀ ਹਸਪਤਾਲ ਵਿੱਚ ਲੈ ਕੇ ਗਈ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਨੇ ਦਾਅਵਾ ਕੀਤਾ ਕਿ ਪਤੀ ਦੀ ਜੇਬ ਵਿਚੋਂ ਇਕ ਖੁਦਕੁਸ਼ੀ ਨੋਟ ਵੀ ਬਰਾਮਦ ਹੋਇਆ ਹੈ ਜਿਸ ਵਿੱਚ ਨਾਮਜ਼ਦ ਕੀਤੇ ਹੋਏ ਵਿਅਕਤੀਆਂ ਦੇ ਨਾਂ ਲਿਖੇ ਹੋਏ ਹਨ। ਉਸ ਨੇ ਆਖਿਆ ਕਿ ਉਸ ਦੇ ਪਤੀ ਦਾ ਇਨ੍ਹਾਂ ਵਿਅਕਤੀਆਂ ਨਾਲ ਪੈਸਿਆਂ ਦਾ ਲੈਣ ਦੇਣ ਸੀ। ਉਸ ਨੇ ਦੋਸ਼ ਲਾਇਆ ਕਿ ਇਹ ਸਾਰੇ ਵਿਅਕਤੀ ਉਸ ਦੇ ਪਤੀ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ ਅਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ। ਬੀਤੇ ਕੱਲ੍ਹ ਵੀ ਇਨ੍ਹਾਂ ਵਿਅਕਤੀਆਂ ਨੇ ਉਸ ਦੇ ਪਤੀ ਨੂੰ ਸੱਦਿਆ ਸੀ ਅਤੇ ਉਸ ਖ਼ਿਲਾਫ਼ ਭੱਦੀ ਸ਼ਬਦਾਵਲੀ ਵਰਤੀ ਸੀ, ਜਿਸ ਪ੍ਰੇਸ਼ਾਨੀ ਵਿੱਚ ਉਸ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ ਫਿਲਹਾਲ ਕੋਈ ਗ੍ਰਿਫਤਾਰੀ ਨਹੀਂ ਹੋਈ।
ਸ੍ਰੀ ਗੋਇੰਦਵਾਲ ਸਾਹਿਬ (ਪੱਤਰ ਪੇ੍ਰਕ): ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਆਂਡੇ ਵੇਚਣ ਦਾ ਕੰਮ ਕਰਨ ਵਾਲੇ ਇੱਕ ਨੌਜਵਾਨ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਘਰ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪ੍ਰਾਪਤ ਜਾਣਕਾਰੀ ਮੁਤਾਬਕ ਆਕਾਸ਼ਦੀਪ ਚੌਧਰੀ (23) ਪੁੱਤਰ ਉਪਿੰਦਰ ਚੌਧਰੀ ਵਾਸੀ ਗੋਇੰਦਵਾਲ ਸਾਹਿਬ ਜੋ ਬੱਸ ਸਟੈਂਡ ਗੋਇੰਦਵਾਲ ਸਾਹਿਬ ਨਜ਼ਦੀਕ ਲੰਬੇ ਸਮੇਂ ਤੋਂ ਆਂਡਿਆਂ ਦੀ ਰੇਹੜੀ ਲਗਾਉਣ ਦਾ ਕੰਮ ਕਰਦਾ ਸੀ, ਨੇ ਕਿਸੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਦੁਪਹਿਰ ਸਮੇਂ ਘਰ ਵਿੱਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਮੌਕੇ ’ਤੇ ਪੁੱਜੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲੀਸ ਵੱਲੋਂ ਲਾਸ਼ ਕਬਜ਼ੇ ਵਿੱਚ ਲੈ ਕੇ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਤਰਨ ਤਾਰਨ (ਪੱਤਰ ਪੇ੍ਰਕ): ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਸਿਧਵਾਂ ਦੀ ਇਕ ਵਿਆਹੁਤਾ ਨੇ ਆਪਣੇ ਪਤੀ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਵਸਤੂ ਪੀ ਲਈ ਜਿਸ ਕਾਰਨ ਉਸ ਦੀ ਮੌਤ ਹੋ ਗਈ| ਇਸ ਸਬੰਧੀ ਪੁਲੀਸ ਨੇ ਮ੍ਰਿਤਕ ਦੇ ਪਤੀ ਸੁਬੇਗ ਸਿੰਘ ਖਿਲਾਫ਼ ਧਾਰਾ 306 ਅਧੀਨ ਕੇਸ ਦਰਜ ਕੀਤਾ ਗਿਆ ਹੈ| ਮਿ੍ਤਕਾ ਦੀ ਸਨਾਖਤ ਕੁਲਜੀਤ ਕੌਰ (35) ਵਜੋਂ ਕੀਤੀ ਗਈ ਹੈ। ਪੁਲੀਸ ਅਧਿਕਾਰੀ ਏਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਕੁਲਜੀਤ ਕੌਰ ਨੇ 20 ਅਗਸਤ ਨੂੰ ਕੋਈ ਜ਼ਹਿਰੀਲੀ ਵਸਤੂ ਖਾਧੀ ਸੀ ਜਿਸ ਦੇ ਤੁਰੰਤ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ 24 ਅਗਸਤ ਨੂੰ ਉਸ ਦੀ ਮੌਤ ਹੋ ਗਈ| ਮੁਲਜ਼ਮ ਫਰਾਰ ਹੈ|
19 ਸਾਲਾ ਲੜਕੀ ਦੀ ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਮੌਤ
ਪਠਾਨਕੋਟ (ਪੱਤਰ ਪੇ੍ਰਕ): ਪਿੰਡ ਹਰਿਆਲ ਦੀ ਇੱਕ ਲੜਕੀ ਨੇ ਗਲਤੀ ਨਾਲ ਜ਼ਹਿਰੀਲਾ ਪਦਾਰਥ ਨਿਗਲ ਲਿਆ ਜਿਸ ਕਰਕੇ ਉਸ ਦੀ ਮੌਤ ਹੋ ਗਈ। ਥਾਣਾ ਮਾਮੂਨ ਦੀ ਪੁਲੀਸ ਨੇ ਧਾਰਾ 174 ਤਹਿਤ ਕਾਰਵਾਈ ਕਰਕੇ ਪੋਸਟਮਾਰਟਮ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ। ਏਐਸਆਈ ਸੰਜੀਵ ਕਮਾਰ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੀ ਪਛਾਣ ਕੁਸਮ ਸ਼ਰਮਾ (19) ਪੁੱਤਰੀ ਕਮਲ ਕਿਸ਼ੋਰ ਵਜੋਂ ਹੋਈ ਹੈ। ਮ੍ਰਿਤਕਾ ਦੀ ਮਾਤਾ ਮੀਨੂ ਕੁਮਾਰੀ ਨੇ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਕੁਸਮ ਕਾਫੀ ਸਮੇਂ ਤੋਂ ਪ੍ਰੇਸ਼ਾਨ ਰਹਿੰਦੀ ਸੀ ਅਤੇ ਉਸ ਦੀ ਕੁਝ ਦਿਨਾਂ ਤੋਂ ਦਿਮਾਗੀ ਹਾਲਤ ਠੀਕ ਨਹੀਂ ਸੀ। ਉਸ ਨੇ ਗਲਤੀ ਨਾਲ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ ਜਿਸ ਨਾਲ ਉਸ ਦੀ ਤਬੀਅਤ ਵਿਗੜ ਗਈ ਅਤੇ ਇਲਾਜ ਲਈ ਮਾਮੂਨ ਸਥਿਤ ਨਿਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।