* ਡੇਰਾ ਮੁਖੀ ਦੀ ਮੁਆਫ਼ੀ ਨੂੰ ਜਾਇਜ਼ ਠਹਿਰਾਉਣ ਸਬੰਧੀ ਇਸ਼ਤਿਹਾਰਾਂ ਬਾਰੇ ਸ਼੍ਰੋਮਣੀ ਕਮੇਟੀ ਤੋਂ ਜਵਾਬ ਮੰਗਿਆ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 15 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਪੰਜ ਸਿੰਘ ਸਾਹਿਬਾਨ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਤਲਬ ਕੀਤਾ ਹੈ ਅਤੇ ਦੋਸ਼ਾਂ ਸਬੰਧੀ 15 ਦਿਨਾਂ ਵਿੱਚ ਸਪਸ਼ਟੀਕਰਨ ਦੇਣ ਲਈ ਕਿਹਾ ਹੈ। ਪੰਜ ਸਿੰਘ ਸਾਹਿਬਾਨ ਦੀ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਵਿਖੇ ਹੋਈ ਇਕੱਤਰਤਾ ਵਿੱਚ ਇਹ ਮਾਮਲਾ ਵਿਚਾਰਿਆ ਗਿਆ। ਇਸੇ ਤਰ੍ਹਾਂ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ ਦੇ ਫ਼ੈਸਲੇ ਨੂੰ ਸਹੀ ਠਹਿਰਾਉਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ 90 ਲੱਖ ਦੇ ਇਸ਼ਤਿਹਾਰਾਂ ਬਾਰੇ ਸਿੱਖ ਸੰਸਥਾ ਕੋਲੋਂ ਵੀ ਸਪਸ਼ਟੀਕਰਨ ਮੰਗਿਆ ਗਿਆ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਤੋਂ ਪੰਜ ਪਿਆਰਿਆਂ ਵਿੱਚੋਂ ਗਿਆਨੀ ਮੰਗਲ ਸਿੰਘ ਸ਼ਾਮਲ ਸਨ।
ਇਕੱਤਰਤਾ ਵਿੱਚ ਬਾਬਾ ਬਿਧੀ ਚੰਦ ਸੰਪਰਦਾ ਦੇ ਮਰਹੂਮ ਮੁਖੀ ਬਾਬਾ ਦਇਆ ਸਿੰਘ ਨੂੰ ਉਨ੍ਹਾਂ ਦੀਆਂ ਸੇਵਾਵਾਂ ਬਦਲੇ ‘ਪੰਥ ਸੇਵਕ’ ਦਾ ਵਿਸ਼ੇਸ਼ ਸਨਮਾਨ ਦੇਣ ਦਾ ਵੀ ਐਲਾਨ ਕੀਤਾ ਗਿਆ। ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਗੁਰਦੁਆਰਿਆਂ ਵਿੱਚ 24 ਘੰਟੇ ਪੱਕੇ ਤੌਰ ’ਤੇ ਸੇਵਾਦਾਰਾਂ ਦੀ ਡਿਊਟੀ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਤਾੜਨਾ ਕੀਤੀ ਕਿ ਬੇਅਦਬੀ ਹੋਣ ਦੀ ਸੂਰਤ ਵਿੱਚ ਜੇਕਰ ਕੁਤਾਹੀ ਪਾਈ ਗਈ ਤਾਂ ਸਬੰਧਤ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ਼ ਵੀ ਕਾਰਵਾਈ ਹੋਵੇਗੀ। ਇਸੇ ਤਰ੍ਹਾਂ ਵੱਧ ਰਹੀ ਆਲਮੀ ਤਪਸ਼ ਅਤੇ ਜਲਵਾਯੂ ਤਬਦੀਲੀਆਂ ਦੇ ਮੱਦੇਨਜ਼ਰ ਵਾਤਾਵਰਨ ਤੇ ਪਾਣੀ ਦੀ ਸਾਂਭ-ਸੰਭਾਲ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਆਦੇਸ਼ ਦਿੱਤਾ ਕਿ ਹਰ ਸਿੱਖ ਆਪਣੇ ਜੀਵਨ ਵਿੱਚ ਘੱਟੋ-ਘੱਟ ਇੱਕ ਬੂਟਾ ਜ਼ਰੂਰ ਲਾਵੇ ਅਤੇ ਪਾਣੀ ਦੀ ਸੰਭਾਲ ਕਰੇ। ਉਨ੍ਹਾਂ ਚਿੰਤਾ ਜ਼ਾਹਿਰ ਕੀਤੀ ਕਿ ਵਾਤਾਵਰਨ ਦੂਸ਼ਿਤ ਹੋ ਰਿਹਾ ਹੈ ਤੇ ਪੰਛੀਆਂ ਦੀਆਂ ਪ੍ਰਜਾਤੀਆਂ ਖ਼ਤਮ ਹੋ ਰਹੀਆਂ ਹਨ ਅਤੇ ਸਮੁੱਚੀ ਮਨੁੱਖਤਾ ਵੀ ਖ਼ਤਰੇ ਵਿੱਚ ਹੈ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਜਥੇਦਾਰ ਰਘਬੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਕੁਝ ਸੀਨੀਅਰ ਅਕਾਲੀ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਵਿਖੇ ਹਾਜ਼ਰ ਹੋ ਕੇ ਸ਼ਿਕਾਇਤ ਦਿੱਤੀ ਗਈ ਸੀ। ਇਸ ਵਿੱਚ ਉਨ੍ਹਾਂ ਦੋਸ਼ ਲਾਇਆ ਸੀ ਕਿ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਨਹੀਂ ਕੀਤੀ। ਉਨ੍ਹਾਂ ਨੂੰ ਇਨ੍ਹਾਂ ਦੋਸ਼ਾਂ ਸਬੰਧੀ ਸਪਸ਼ਟੀਕਰਨ 15 ਦਿਨਾਂ ਦੇ ਅੰਦਰ ਸ੍ਰੀ ਅਕਾਲ ਤਖ਼ਤ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਲਿਖਤੀ ਰੂਪ ਵਿੱਚ ਦੇਣ ਦਾ ਆਦੇਸ਼ ਦਿੱਤਾ ਗਿਆ ਹੈ। ਅਕਾਲੀ ਦਲ ਦੇ ਨਾਰਾਜ਼ ਆਗੂਆਂ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਗੁਰਪ੍ਰਤਾਪ ਸਿੰਘ ਵਡਾਲਾ, ਪਰਮਜੀਤ ਕੌਰ ਲਾਂਡਰਾ, ਰਣਧੀਰ ਸਿੰਘ ਰੱਖੜਾ ਆਦਿ ਨੇ ਅਕਾਲ ਤਖ਼ਤ ਵਿਖੇ ਚਾਰ ਪੰਨਿਆਂ ਦੇ ਪੱਤਰ ਵਿੱਚ ਮੰਨਿਆ ਸੀ ਕਿ ਅਕਾਲੀ ਦਲ ਸਰਕਾਰ ਵੇਲੇ 2007 ਤੋਂ 2017 ਦਰਮਿਆਨ ਕਈ ਅਹਿਮ ਭੁੱਲਾਂ ਹੋਈਆਂ ਸਨ। ਅਕਾਲੀ ਆਗੂਆਂ ਨੇ ਦੋਸ਼ ਲਾਇਆ ਸੀ ਕਿ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇ ਮਾਮਲੇ ਨੂੰ ਜਾਇਜ਼ ਕਰਾਰ ਦੇਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਉਸ ਵੇਲੇ 90 ਲੱਖ ਰੁਪਏ ਦੇ ਇਸ਼ਤਿਹਾਰ ਦਿੱਤੇ ਗਏ ਸਨ।
ਸਿੰਘ ਸਾਹਿਬਾਨ ਦੀ ਪਹਿਲਕਦਮੀ ਠੀਕ ਕਦਮ: ਵਡਾਲਾ
ਅਕਾਲੀ ਦਲ ਦੇ ਬਾਗ਼ੀ ਖੇਮੇ ਨੇ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤੇ ਜਾਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸਿੰਘ ਸਾਹਿਬਾਨ ਨੇ ਸਿੱਖ ਰਵਾਇਤਾਂ ਅਨੁਸਾਰ ਫ਼ੈਸਲੇ ਲਏ ਹਨ ਅਤੇ ਇਹ ਠੀਕ ਪਹਿਲਕਦਮੀ ਹੋਈ ਹੈ।