ਅੰਮ੍ਰਿਤਸਰ: ਭਾਜਪਾ ਦੀ ਨਵੀ ਬਣੀ ਕੌਮੀ ਕਾਰਜਕਾਰਨੀ ਵਿੱਚ ਜਨਰਲ ਸਕੱਤਰ ਦਾ ਅਹੁਦਾ ਪ੍ਰਾਪਤ ਕਰਨ ਮਗਰੋਂ ਇੱਥੇ ਪੁੱਜਣ ’ਤੇ ਭਾਜਪਾ ਆਗੂਆਂ ਤੇ ਕਾਰਕੁਨਾਂ ਨੇ ਤਰੁਨ ਚੁੱਘ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸ੍ਰੀ ਚੁੱਘ ਨੇ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ। ਸ੍ਰੀ ਚੁੱਘ ਨੇ ਦੋਸ਼ ਲਾਇਆ ਕਿ ਕਾਂਗਰਸ ਸਮੇਤ ਸ਼੍ਰੋਮਣੀ ਅਕਾਲੀ ਦਲ ਅਤੇ ‘ਆਪ’ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਦੀ ਆੜ ਵਿੱਚ ਕਿਸਾਨਾਂ ਨੂੰ ਗੁਮਰਾਹ ਕਰ ਕੇ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨ ਕਿਸਾਨਾਂ ਲਈ ਲਾਹੇਵੰਦ ਹਨ ਅਤੇ ਇਸ ਨਾਲ ਉਨ੍ਹਾਂ ਦੀ ਆਮਦਨ ਦੁਗਣੀ ਹੋਵੇਗੀ। ਇਸ ਮੌਕੇ ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਵੀ ਹਾਜ਼ਰ ਸਨ। -ਟ੍ਰਿਬਿਊਨ ਨਿਊਜ਼ ਸਰਵਿਸ