ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 26 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਅੱਜ ਮੇਘਾਲਿਆ ਦੇ ਰਾਜਪਾਲ ਸੀਐੱਚ ਵਿਜਯਸ਼ੰਕਰ ਨਾਲ ਮੁਲਾਕਾਤ ਕਰਕੇ ਸ਼ਿਲਾਂਗ ਦੀ ਪੰਜਾਬੀ ਕਲੋਨੀ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦਾ ਮਾਮਲਾ ਤੁਰੰਤ ਹੱਲ ਕਰਵਾਉਣ ਲਈ ਦਖ਼ਲ ਦੀ ਮੰਗ ਕੀਤੀ ਹੈ। ਇਸ ਵਫ਼ਦ ਨੇ ਕੱਲ੍ਹ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਡੋਨਾਲਡ ਫਿਲਿਪਸ ਵਾਹਲੈਂਗ ਨਾਲ ਮੁਲਾਕਾਤ ਕਰਕੇ ਸ਼ਿਲਾਂਗ ਦੇ ਸਿੱਖਾਂ ਦੇ ਮਸਲੇ ਹੱਲ ਕਰਨ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਕਾਰਵਾਈ ਤੁਰੰਤ ਰੋਕਣ ਲਈ ਮੰਗ ਪੱਤਰ ਸੌਂਪਿਆ ਸੀ। ਇਸੇ ਸਬੰਧ ’ਚ ਹੀ ਅੱਜ ਮੇਘਾਲਿਆ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਵਫ਼ਦ ਦੀ ਅਗਵਾਈ ਕਰ ਰਹੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਅੱਜ ਵਫ਼ਦ ਨੇ ਮੇਘਾਲਿਆ ਦੇ ਰਾਜਪਾਲ ਨੂੰ ਸ਼ਿਲਾਂਗ ’ਚ ਗੁਰੂ ਘਰ ਨੂੰ ਢਾਹੁਣ ਦੀ ਕਾਰਵਾਈ ਤੁਰੰਤ ਰੋਕਣ ਲਈ ਸਰਕਾਰ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਸ਼ਿਲਾਂਗ ਦੀ ਪੰਜਾਬੀ ਕਲੋਨੀ ’ਚ ਗੁਰਦੁਆਰਾ ਸਾਹਿਬ ਢਾਹੁਣ ਦੇ ਨਿਰਦੇਸ਼ ਜਾਰੀ ਹੋਣ ’ਤੇ ਸਥਾਨਕ ਸਿੱਖਾਂ ਅੰਦਰ ਰੋਸ ਹੈ। ਉਨ੍ਹਾਂ ਰਾਜਪਾਲ ਤੋਂ ਮੰਗ ਕੀਤੀ ਕਿ ਮੇਘਾਲਿਆ ਸਰਕਾਰ ਨੂੰ ਹਦਾਇਤ ਜਾਰੀ ਕਰਕੇ ਸਥਾਨਕ ਸਿੱਖਾਂ ਦੇ ਹੱਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਰਾਜਪਾਲ ਨਾਲ ਮੁਲਾਕਾਤ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਤੋਂ ਇਲਾਵਾ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼ਿਲਾਂਗ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਪ੍ਰਧਾਨ ਗੁਰਜੀਤ ਸਿੰਘ, ਸ਼ਿਲਾਂਗ ਸਿੱਖਸ ਸੰਸਥਾ ਦੇ ਕਨਵੀਨਰ ਪ੍ਰੋਫ਼ੈਸਰ ਜਗਮੋਹਨ ਸਿੰਘ ਸ਼ਾਮਲ ਸਨ।
ਗੁਰੂ ਗੋਬਿੰਦ ਸਿੰਘ ਬਾਰੇ ਟਿੱਪਣੀ ਕਰਨ ਵਾਲੇ ਖ਼ਿਲਾਫ਼ ਕਾਰਵਾਈ ਕਰੇ ਸਰਕਾਰ: ਧਾਮੀ
ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਕਮਾਲੀ ਦੇ ਵਿਅਕਤੀ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਬਾਰੇ ਭੱਦੀ ਸ਼ਬਦਾਵਲੀ ਬੋਲਣ ਦਾ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਕੋਲੋਂ ਮੁਲਜ਼ਮ ਖ਼ਿਲਾਫ਼ ਕਾਰਵਾਈ ਮੰਗੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਅੰਦਰ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਸੋਸ਼ਲ ਮੀਡੀਆ ’ਤੇ ਗੁਰੂ ਸਾਹਿਬਾਨ ਪ੍ਰਤੀ ਨਿਰਾਦਰ ਦੀਆਂ ਘਟਨਾਵਾਂ ਅਕਸਰ ਹੀ ਵਾਪਰ ਰਹੀਆਂ ਹਨ। ਇਸ ਲਈ ਸਰਕਾਰ ਇਨ੍ਹਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਜਿਹੇ ਸ਼ਰਾਰਤੀ ਅਨਸਰਾਂ ਦੇ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਵੀ ਨਸ਼ਰ ਕਰੇ।