ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 22 ਮਈ
ਲੋਕ ਸਭਾ ਚੋਣਾਂ ਦੌਰਾਨ ਚੋਣ ਅਧਿਕਾਰੀਆਂ ਵੱਲੋਂ ਸਥਾਨਕ ਹਵਾਈ ਅੱਡੇ ’ਤੇ ਆਉਣ-ਜਾਣ ਵਾਲੇ ਸਾਰੇ ਚਾਰਟਰਡ ਹਵਾਈ ਜਹਾਜ਼ਾਂ ਅਤੇ ਹੈਲੀਕਾਪਟਰਾਂ ’ਤੇ ਨਜ਼ਰ ਰੱਖੀ ਜਾਵੇਗੀ। ਜ਼ਿਲ੍ਹਾ ਚੋਣ ਅਧਿਕਾਰੀ ਘਣਸ਼ਿਆਮ ਥੋਰੀ ਨੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਚੋਣਾਂ ਦੇ ਮੱਦੇਨਜ਼ਰ ਚਾਰਟਰਡ ਜਹਾਜ਼ਾਂ ਅਤੇ ਹੈਲੀਕਾਪਟਰ ਦੀ ਸੂਚਨਾ ਚੋਣ ਦਫ਼ਤਰ ਨੂੰ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਚੋਣ ਜ਼ਾਬਤੇ ਤੱਕ ਹਰੇਕ ਮੁਸਾਫਿਰ ਦੇ ਸਾਮਾਨ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਚਾਰਟਰਡ ਉਡਾਣਾਂ ਦਾ ਰਿਕਾਰਡ ਸਾਂਭ ਕੇ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਚੋਣ ਲੜ ਰਹੇ ਉਮੀਦਵਾਰਾਂ ਨੂੰ ਵੀ ਚੋਣ ਪ੍ਰਚਾਰ ਲਈ ਆਉਣ ਵਾਲੇ ਆਗੂਆਂ ਅਤੇ ਸਟਾਰ ਪ੍ਰਚਾਰਕਾਂ ਦੀ ਸੂਚਨਾ ਜ਼ਿਲ੍ਹਾ ਚੋਣ ਦਫ਼ਤਰ ਨੂੰ ਦੇਣ ਦੀ ਅਪੀਲ ਕੀਤੀ।