ਅੰਮ੍ਰਿਤਸਰ (ਟਨਸ): ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਮਦਦ ਲਈ ਸ਼ੁਰੂ ਕੀਤੀ ਸੇਵਾ ਤਹਿਤ ਹੁਣ ਹਿਮਾਚਲ ਪ੍ਰਦੇਸ਼ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਪੰਜਾਬ ਲਿਆਉਣ ਦੇ ਯਤਨ ਆਰੰਭ ਦਿੱਤੇ ਹਨ। ਇਸ ਤਹਿਤ ਅੱਜ ਪਹਿਲੀ ਬੱਸ ਰਾਹੀਂ ਲਗਪਗ 50 ਯਾਤਰੀਆਂ ਨੂੰ ਹਿਮਾਚਲ ਦੇ ਮੰਡੀ ਸ਼ਹਿਰ ਤੋਂ ਆਨੰਦਪੁਰ ਸਾਹਿਬ ਲਿਆਂਦਾ ਗਿਆ ਹੈ। ਇਸੇ ਤਰ੍ਹਾਂ ਪੀੜਤ ਕਿਸਾਨਾਂ ਲਈ ਗੁਰਦੁਆਰਿਆਂ ਦੀ 53 ਏਕੜ ਜ਼ਮੀਨ ’ਤੇ ਝੋਨੇ ਦੀ ਪਨੀਰੀ ਬੀਜਣ ਦਾ ਵੀ ਫ਼ੈਸਲਾ ਲਿਆ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰ ਦਲਜੀਤ ਸਿੰਘ ਭਿੰਡਰ ਦੀ ਅਗਵਾਈ ਹੇਠ ਤਖ਼ਤ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਤੇ ਮੀਤ ਮੈਨੇਜਰ ਸੰਦੀਪ ਸਿੰਘ ਸਮੇਤ ਇੱਕ ਟੀਮ ਹਿਮਾਚਲ ਪ੍ਰਦੇਸ਼ ਦੇ ਮੰਡੀ ਸ਼ਹਿਰ ਗਈ ਹੈ।