ਪੱਤਰ ਪ੍ਰੇਰਕ
ਅੰਮ੍ਰਿਤਸਰ, 12 ਜੁਲਾਈ
ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਨੇ ਅੱਜ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਵਾਜ਼ਬਿ ਮੰਗਾਂ ਨਾ ਮੰਨੇ ਜਾਣ ’ਤੇ ਰੋਸ ਵਜੋਂ ਰੈਲੀ ਕੀਤੀ ਅਤੇ ਬਜਟ ਦੀਆਂ ਕਾਪੀਆਂ ਸਾੜਦਿਆਂ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਰੈਲੀ ਦੀ ਅਗਵਾਈ ਸਰਪ੍ਰਸਤ ਸੁਰਜੀਤ ਸਿੰਘ ਗੁਰਾਇਆ ਅਤੇ ਪ੍ਰਧਾਨ ਸੁਖਦੇਵ ਸਿੰਘ ਪੰਨੂੰ ਨੇ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਵੇਲੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੇ ਆਪ ਨੂੰ ਵੋਟਾਂ ਪਾਈਆਂ ਪਰ ਸਰਕਾਰ ਬਣਨ ’ਤੇ ਆਪ ਨੇ ਬਜਟ ਪੇਸ਼ ਕਰਦੇ ਸਮੇਂ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਚੁੱਪ ਵੱਟ ਕੇ ਪਹਿਲੀਆਂ ਸਰਕਾਰਾਂ ਵਾਂਗ ਹੀ ਨਿਰਾਸ਼ ਕੀਤਾ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਤਨਖਾਹ ਕਮਿਸ਼ਨ ਦੀ ਰਿਪੋਰਟ ਅਨੁਸਾਰ ਪੈਨਸ਼ਨਰਾਂ ਨੂੰ ਵੀ 2.59 ਦਾ ਗੁਣਾਕ ਦਿੱਤਾ ਜਾਵੇ, ਛੇਵੇਂ ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਕੇ 1 ਜਨਵਰੀ 2016 ਦੀ ਬੇਸਿਕ ਪੈਨਸ਼ਨ ਵਿੱਚ 113 ਫ਼ੀਸਦ ਦੀ ਥਾਂ ’ਤੇ 125 ਫੀਸਦ ਮਹਿੰਗਾਈ ਭੱਤੇ ਨੂੰ ਮੰਨਦਿਆਂ ਸੋਧਿਆ ਹੋਇਆ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ, 1 ਜਨਵਰੀ 2016 ਤੋਂ 30 ਜੂਨ 2021 ਤੀਕ ਦਾ ਪੰਜ ਸਾਲ ਦਾ ਬਕਾਇਆ ਦਿੱਤਾ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਅੱਗੇ ਤੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦਿੱਤੇ ਜਾਣ ਵਾਲੇ ਸਾਂਝੇ ਲਾਭ ਦਾ ਇੱਕ ਹੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ।