ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 21 ਅਪਰੈਲ
ਦਮਦਮੀ ਟਕਸਾਲ ਵੱਲੋਂ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ ਵਿਖੇ ਆਰੰਭੇ ਗਏ ਗੁਰੂ ਗ੍ਰੰਥ ਸਾਹਿਬ ਦੇ ਸ਼ੁੱਧ ਪਾਠ ਬੋਧ ਸਮਾਗਮ ਅੱਜ ਸਮਾਪਤ ਹੋ ਗਏ। ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਇਹ ਸਮਾਗਮ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ 10 ਮਾਰਚ ਨੂੰ ਆਰੰਭ ਹੋਏ ਸਨ। ਟਕਸਾਲ ਆਗੂ ਪ੍ਰੋ. ਸਰਚਾਂਦ ਸਿੰਘ ਨੇ ਦੱਸਿਆ ਕਿ ਅੱਜ ਸਮਾਪਤੀ ਮੌਕੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਦਮਦਮੀ ਟਕਸਾਲ ਦੀ ਗੁਰਮਤਿ ਪ੍ਰਚਾਰ ਲਈ ਕੀਤੇ ਜਾ ਰਹੇ ਕਾਰਜਾਂ ਲਈ ਸ਼ਲਾਘਾ ਕੀਤੀ।
ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਟਕਸਾਲ ਦੇ ਵਿਦਵਾਨਾਂ ਨੇ ਗੁਰਬਾਣੀ ਦੇ ਸ਼ੁੱਧ ਉਚਾਰਨ ਨੂੰ ਸੰਭਾਲ ਕੇ ਰੱਖਿਆ ਅਤੇ ਇਸ ਨੂੰ ਅੱਗੇ ਵੀ ਸੰਭਾਲਣ ਲਈ ਕਾਰਜ ਕਰ ਰਹੇ ਹਨ। ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਥ ਦੋਖੀ ਅਤੇ ਸਵਾਰਥੀ ਲੋਕਾਂ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਕੀਤੀ। ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸਿੱਖ ਕੌਮ ’ਚ ਸ਼ੁੱਧ ਪਾਠ ਪ੍ਰਤੀ ਆਏ ਅਵੇਸਲੇਪਣ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਦੱਸਿਆ ਕਿ ਟਕਸਾਲ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਲਗਪਗ 1000 ਅੰਗ ਤਕ ਦੀ ਅਰਥਾਵਲੀ ਤਿਆਰ ਕੀਤੀ ਜਾ ਚੁੱਕੀ ਹੈ ਅਤੇ ਬਾਕੀ ’ਤੇ ਕਾਰਜ ਜਾਰੀ ਹੈ। ਇਸ ਮੌਕੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖ਼ਾਲਸਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਦਿ ਨੇ ਵੀ ਸੰਬੋਧਨ ਕੀਤਾ।