ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 20 ਨਵੰਬਰ
ਗੁਰੂ ਨਾਨਕ ਦੇਵ ਜੀ ਦੀ ਨਕਲ ਕਰ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜਤਾਲ ਦੇ ਆਦੇਸ਼ ਦਿੱਤੇ ਹਨ। ਐਡਵੋਕੇਟ ਸ੍ਰੀ ਧਾਮੀ ਨੇ ਕਿਹਾ ਕਿ ਮੁੱਢਲੇ ਤੌਰ ’ਤੇ ਮਿਲੀ ਜਾਣਕਾਰੀ ਅਨੁਸਾਰ ਇਹ ਵੀਡੀਓ ਮੱਧ ਪ੍ਰਦੇਸ਼ ਦੇ ਸ਼ਹਡੋਲ ਵਿੱਚ ਸਿੰਧੀ ਭਾਈਚਾਰੇ ਵੱਲੋਂ ਕੀਤੇ ਗਏ ਇੱਕ ਸਮਾਗਮ ਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿੱਚ ਗੁਰੂ ਸਾਹਿਬਾਨ ਦੀ ਨਕਲ ਕਰਨ ਦੀ ਸਖ਼ਤ ਮਨਾਹੀ ਹੈ ਅਤੇ ਇਸ ਵੀਡੀਓ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਸਿੰਧੀ ਭਾਈਚਾਰਾ ਗੁਰੂ ਨਾਨਕ ਦੇਵ ਜੀ ਪ੍ਰਤੀ ਕਾਫ਼ੀ ਸ਼ਰਧਾ ਰੱਖਦਾ ਹੈ ਅਤੇ ਉਨ੍ਹਾਂ ਨਾਲ ਸਬੰਧਤ ਦਿਹਾੜਿਆਂ ਨੂੰ ਵੀ ਮਨਾਉਂਦਾ ਹੈ, ਪਰ ਸਿੱਖ ਧਰਮ ਦੀਆਂ ਪਰੰਪਰਾਵਾਂ ਅਤੇ ਮਰਿਆਦਾ ਦਾ ਖਿਆਲ ਰੱਖਣਾ ਸਾਰਿਆਂ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਧਰਮ ਪ੍ਰਚਾਰ ਕਮੇਟੀ ਦੇ ਮੱਧ ਪ੍ਰਦੇਸ਼ ਵਿੱਚ ਚੱਲ ਰਹੇ ਸਿੱਖ ਮਿਸ਼ਨ ਉਜੈਨ ਦੇ ਪ੍ਰਚਾਰਕਾਂ ਨੂੰ ਪੜਤਾਲ ਕਰ ਕੇ ਮੁਕੰਮਲ ਰਿਪੋਰਟ ਦੇਣ ਲਈ ਕਿਹਾ ਗਿਆ ਹੈ, ਜਿਸ ਦੀ ਰਿਪੋਰਟ ਪ੍ਰਾਪਤ ਹੋਣ ’ਤੇ ਅਕਾਲ ਤਖ਼ਤ ਨੂੰ ਭੇਜੀ ਜਾਵੇਗੀ।
ਨਕਲ ਉਤਾਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ: ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ (ਪੱਤਰ ਪ੍ਰੇਰਕ):
ਨਿਹੰਗ ਸਿੰਘਾਂ ਦੀ ਜਥੇਬੰਦੀ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਵੀਡੀਓ ਦੀ ਨਿੰਦਾ ਕਰਦਿਆਂ ਨਕਲਾਂ ਉਤਾਰਨ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਕਿਉਂ ਵਾਪਰੀ, ਇਸ ਬਾਰੇ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਲੋੜ ਹੈ।