ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 10 ਨਵੰਬਰ
ਪੰਜਾਬ ਪੁਲੀਸ ਦੇ ਸੀਆਈਏ ਸਟਾਫ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਦੋ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਹੈਰੋਇਨ ਸਰਹੱਦ ਪਾਰੋਂ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਸੁੱਟੀ ਗਈ ਸੀ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ। ਉਹ ਵੱਖ-ਵੱਖ ਸੋਸ਼ਲ ਮੀਡੀਆ ਐਪਸ ਰਾਹੀਂ ਸੰਪਰਕ ਕਰਕੇ ਸਰਹੱਦ ਪਾਰੋਂ ਨਸ਼ੇ ਦੀ ਖੇਪ ਡਰੋਨ ਰਾਹੀਂ ਮੰਗਵਾ ਰਹੇ ਸਨ। ਉਨ੍ਹਾਂ ਦੱਸਿਆ ਕਿ ਸੀਆਈਏ ਸਟਾਫ ਨੂੰ ਇਸ ਸਬੰਧੀ ਸੂਚਨਾ ਮਿਲਣ ਮਗਰੋਂ ਕਾਰਵਾਈ ਕਰਦਿਆਂ ਪੁਲੀਸ ਨੇ ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਦੀ ਖੇਪ ਸਣੇ ਕਾਬੂ ਕੀਤਾ। ਉਨ੍ਹਾਂ ਮੁਲਜ਼ਮਾਂ ਦੇ ਨਾਵਾਂ ਦਾ ਖੁਲਾਸਾ ਕਰਨ ਤੋਂ ਸੰਕੋਚ ਕੀਤਾ ਅਤੇ ਕਿਹਾ ਕਿ ਇਸ ਨਾਲ ਚੱਲ ਰਹੀ ਜਾਂਚ ਪ੍ਰਭਾਵਿਤ ਹੋਵੇਗੀ। ਇਸ ਮੌਕੇ ਡੀਸੀਪੀ ਹਰਪ੍ਰੀਤ ਸਿੰਘ ਮੰਡੇਰ ਨੇ ਦੱਸਿਆ ਕਿ ਪੁਲੀਸ ਨੇ ਸੂਚਨਾ ਦੇ ਆਧਾਰ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਯੋਜਨਾਬਧ ਤਰੀਕੇ ਨਾਲ ਤਿੰਨੇ ਮੁਲਜ਼ਮਾਂ ਨੂੰ ਭਗਤਾਂ ਵਾਲਾ ਨੇੜੇ ਦਾਣਾ ਮੰਡੀ ਖੇਤਰ ਵਿੱਚੋਂ ਗ੍ਰਿਫ਼ਤਾਰ ਕੀਤਾ। ਉਸ ਵੇਲੇ ਉਹ ਮੋਟਰਸਾਈਕਲ ’ਤੇ ਜਾ ਰਹੇ ਸਨ। ਪੁਲੀਸ ਨੇ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਸ਼ੁਰੂਆਤੀ ਪੁੱਛ ਪੜਤਾਲ ਮਗਰੋਂ ਇਨ੍ਹਾਂ ਦੀ ਨਿਸ਼ਾਨਦੇਹੀ ’ਤੇ ਦੋ ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ ਥਾਣਾ ਸੀ ਡਿਵੀਜ਼ਨ ਵਿੱਚ ਕੇਸ ਦਰਜ ਕੀਤਾ ਗਿਆ ਹੈ।