ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 2 ਨਵੰਬਰ
ਪੁਲੀਸ ਨੇ ਇੱਕ ਵਿਅਕਤੀ ਨੂੰ ਢਾਈ ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਲਾਲ ਸਿੰਘ ਵਜੋਂ ਹੋਈ ਹੈ। ਐੱਸਐੱਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ ਦੀ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਜਿਸ ਦੇ ਆਧਾਰ ’ਤੇ ਐੱਸਪੀਡੀ ਹਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਇਸ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਅਤੇ ਉਸ ਕੋਲੋਂ ਦੋ ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਨੇ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਡਿਫੈਂਸ ਨਹਿਰ ਦੇ ਕੋਲ ਜ਼ਮੀਨ ਠੇਕੇ ’ਤੇ ਲਈ ਹੋਈ ਹੈ ਅਤੇ ਉੱਥੇ ਖੇਤੀਬਾੜੀ ਕਰਦਾ ਹੈ। ਖੇਤੀਬਾੜੀ ਦੀ ਆੜ ਵਿੱਚ ਹੀ ਉਹ ਪਾਕਿਸਤਾਨ ਤੋਂ ਡਰੋਨ ਰਾਹੀ ਵੱਡੀ ਮਾਤਰਾ ਵਿੱਚ ਹੈਰੋਇਨ ਮੰਗਵਾ ਕੇ ਇਸ ਨੂੰ ਅਗਾਂਹ ਸਪਲਾਈ ਕਰਨ ਦਾ ਧੰਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੇ ਛਾਪਾ ਮਾਰਿਆ ਤੇ ਉਸ ਦੀ ਬੰਬੀ ਤੋਂ ਇਹ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਥਾਣਾ ਘਰਿੰਡਾ ਵਿੱਚ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਸ ਵਿਅਕਤੀ ਦਾ ਪਾਕਿਸਤਾਨੀ ਤਸਕਰ ਲਾਲਾ ਨਾਲ ਸੰਪਰਕ ਸੀ ਅਤੇ ਉਸ ਕੋਲੋਂ ਇਹ ਹੈਰੋਇਨ ਮੰਗਵਾ ਕੇ ਅੱਗੇ ਸਪਲਾਈ ਕਰਦਾ ਸੀ। ਪੁਲੀਸ ਵੱਲੋਂ ਇਸ ਮਾਮਲੇ ਵਿੱਚ ਉਸ ਦੀ ਨਸ਼ੀਲੇ ਪਦਾਰਥਾਂ ਦੀ ਕਮਾਈ ਨਾਲ ਬਣਾਈ ਗਈ ਜਾਇਦਾਦ ਦੀ ਵੀ ਸ਼ਨਾਖਤ ਕਰ ਰਹੀ ਹੈ, ਜਿਸ ਨੂੰ ਬਾਅਦ ਵਿੱਚ ਜ਼ਬਤ ਕਰਵਾਇਆ ਜਾਵੇਗਾ।