ਪੱਤਰ ਪ੍ਰੇਰਕ
ਜਲੰਧਰ, 12 ਦਸੰਬਰ
ਕਮਿਸ਼ਨਰੇਟ ਪੁਲੀਸ ਨੇ ਦੋ ਅਸਲਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਇਨ੍ਹਾਂ ਕੋਲੋਂ 10 ਪਿਸਤੌਲ ਅਤੇ 10 ਮੈਗਜ਼ੀਨ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਦਿਲਪ੍ਰੀਤ ਸਿੰਘ ਉਰਫ਼ ਦਿਲ ਵਾਸੀ ਗੁਰਦਾਸਪੁਰ ਅਤੇ ਅਜੀਤਪਾਲ ਸਿੰਘ ਉਰਫ਼ ਸ਼ਾਲੂ ਵਾਸੀ ਫ਼ਤਿਹਗੜ੍ਹ ਚੂੜੀਆਂ (ਗੁਰਦਾਸਪੁਰ) ਵਜੋਂ ਹੋਈ ਹੈ। ਇਨ੍ਹਾਂ ਖ਼ਿਲਾਫ਼ ਜਲੰਧਰ ਕੈਂਟ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਜਲੰਧਰ ਸਿਟੀ ਸੀਆਈਏ ਸਟਾਫ ਦੇ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਆਪਣੀ ਟੀਮ ਸਣੇ ਪੁਲੀਸ ਥਾਣਾ ਕੈਂਟ ਦੇ ਖੇਤਰ ’ਚ ਪਰਾਗਪੁਰ ਲਿੰਕ ਰੋਡ ’ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਪੁਲੀਸ ਨੇ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ’ਤੇ ਲੈ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਖ਼ੁਲਾਸਾ ਹੋਇਆ ਹੈ ਕਿ ਮੁਲਜ਼ਮ ਮੱਧ ਪ੍ਰਦੇਸ਼ ਤੋਂ ਹਥਿਆਰ ਲੈ ਕੇ ਆਏ ਸਨ। ਮੁਲਜ਼ਮਾਂ ਨੇ ਮੰਨਿਆ ਕਿ ਦੋਵੇਂ 12ਵੀਂ ਜਮਾਤ ਤੱਕ ਹੀ ਪੜ੍ਹੇ ਸਨ ਅਤੇ ਦੋਵਾਂ ਦੀ ਉਮਰ 23 ਸਾਲ ਹੈ। ਦੋਵੇਂ ਇੱਕ ਦੂਜੇ ਨੂੰ ਲੰਬੇ ਸਮੇਂ ਤੋਂ ਜਾਣਦੇ ਸਨ ਤੇ ਜਲਦੀ ਪੈਸੇ ਕਮਾਉਣ ਲਈ ਮੁਲਜ਼ਮਾਂ ਨੇ ਅਸਲਾ ਤਸਕਰੀ ਸ਼ੁਰੂ ਕਰ ਦਿੱਤੀ ਸੀ। ਪੁਲੀਸ ਜਲਦੀ ਹੀ ਇਸ ਮਾਮਲੇ ਦੇ ਕੁਝ ਹੋਰ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਜੇਲ੍ਹ ਤੋਂ ਲਿਆ ਸਕਦੀ ਹੈ।
ਤਸਕਰ 13 ਪਿਸਤੌਲਾਂ ਅਤੇ ਕਾਰ ਸਣੇ ਕਾਬੂ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਪੁਲੀਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 13 ਪਿਸਤੌਲ, ਦੋ ਮੈਗਜ਼ੀਨ, ਦੋ ਕਾਰਤੂਸ ਤੇ ਇੱਕ ਕਾਰ ਬਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਅੰਮ੍ਰਿਤ ਪਾਲ ਸਿੰਘ ਉਰਫ ਕਾਲੂ ਵਾਸੀ ਪਿੰਡ ਭੁੱਲਰ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਪਿੰਡ ਭੈਣੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ 28 ਸਾਲਾ ਵਿਅਕਤੀ ਬਾਰ੍ਹਵੀਂ ਪਾਸ ਹੈ, ਜੋ ਕਿ ਇਸ ਵੇਲੇ ਪਲੰਬਰ ਦਾ ਕੰਮ ਕਰ ਰਿਹਾ ਸੀ। ਪੁਲੀਸ ਨੇ ਉਸ ਕੋਲੋਂ ਇੱਕ ਕਾਰ ਵੀ ਬਰਾਮਦ ਕੀਤੀ ਹੈ। ਮੁੱਢਲੀ ਪੁੱਛ-ਪੜਤਾਲ ਦੌਰਾਨ ਖ਼ੁਲਾਸਾ ਹੋਇਆ ਹੈ ਕਿ ਮੁਲਜ਼ਮ ਇਹ ਪਿਸਤੌਲ ਮੱਧ ਪ੍ਰਦੇਸ਼ ਵਿੱਚੋਂ ਲਿਆਇਆ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਵਿਅਕਤੀ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ ਇਲਾਕੇ ਵਿੱਚ ਮਾੜੇ ਅਨਸਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਦਾ ਹੈ। ਪੁਲੀਸ ਨੇ ਪਿੰਡ ਭੈਣੀ ਵਿੱਚ ਵਿਸ਼ੇਸ਼ ਨਾਕਾਬੰਦੀ ਕਰ ਕੇ ਇਸ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਉਸ ਦੇ ਘਰ ਵਿੱਚ ਬਣੇ ਡੰਗਰਾਂ ਵਾਲੇ ਕਮਰੇ ਵਿੱਚ ਪਿਸਤੌਲ ਤੇ ਮੈਗਜ਼ੀਨ ਬਰਾਮਦ ਕੀਤੇ ਹਨ।