ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 10 ਸਤੰਬਰ
ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਅਤੇ ਸਿਕੰਦਰ ਸਿੰਘ ਮਲੂਕਾ ਨੇ ਅੱਜ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਆਪਣਾ ਸਪੱਸ਼ਟੀਕਰਨ ਸੌਂਪਿਆ। ਉਨ੍ਹਾਂ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਸਣੇ ਲਗਪਗ 12 ਸਾਬਕਾ ਮੰਤਰੀ ਆਪਣਾ ਸਪੱਸ਼ਟੀਕਰਨ ਸੌਂਪ ਚੁੱਕੇ ਹਨ।
ਦੋਵਾਂ ਸਾਬਕਾ ਮੰਤਰੀਆਂ ਨੇ ਪਹਿਲਾਂ ਅਕਾਲ ਤਖ਼ਤ ਵਿਖੇ ਮੱਥਾ ਟੇਕਿਆ ਮਗਰੋਂ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਆਪੋ ਆਪਣਾ ਸਪੱਸ਼ਟੀਕਰਨ ਸੌਂਪਿਆ। ਸਾਬਕਾ ਮੰਤਰੀ ਸਰਵਣ ਸਿੰਘ ਫਿਲੋਰ ਨੇ ਦੱਸਿਆ ਕਿ ਉਹ ਸਿਰਫ਼ 2012 ਤੋਂ ਲੈ ਕੇ 2014 ਤੱਕ ਮੰਤਰੀ ਰਹੇ ਸਨ ਅਤੇ ਇਸ ਮਗਰੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਜਿਹੀਆਂ ਜੋ ਵੀ ਘਟਨਾਵਾਂ ਵਾਪਰੀਆਂ ਸਨ, ਉਹ 2015 ਵਿੱਚ ਵਾਪਰੀਆਂ ਸਨ। ਉਨ੍ਹਾਂ ਸਪੱਸ਼ਟੀਕਰਨ ਵਿੱਚ ਆਪਣੀ ਇਹ ਸਥਿਤੀ ਸਪੱਸ਼ਟ ਕੀਤੀ ਹੈ ਅਤੇ ਕਿਹਾ ਕਿ ਅਕਾਲ ਤਖ਼ਤ ਵੱਲੋਂ ਇਸ ਮਾਮਲੇ ਵਿੱਚ ਜੋ ਵੀ ਆਦੇਸ਼ ਹੋਵੇਗਾ, ਉਸ ਨੂੰ ਖਿੜੇ ਮੱਥੇ ਪ੍ਰਵਾਨ ਕਰਨਗੇ। ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦਿਵਾਉਣ ਵਾਲੇ ਫ਼ੈਸਲੇ ਬਾਰੇ ਉਨ੍ਹਾਂ ਕਿਹਾ ਕਿ ਜਦੋਂ ਇਹ ਫੈ਼ਸਲਾ ਸਿੱਖ ਸੰਗਤ ਨੇ ਅਪ੍ਰਵਾਨ ਕਰ ਦਿੱਤਾ ਸੀ ਤਾਂ ਇਸ ਨੂੰ ਸਹੀ ਕਿਵੇਂ ਕਿਹਾ ਜਾ ਸਕਦਾ ਹੈ। ਇਸ ਸਬੰਧੀ ਫ਼ੈਸਲਾ ਲੈਣ ਵਾਲੇ ਉਸ ਵੇਲੇ ਦੇ ਜਥੇਦਾਰ ਦੀ ਜ਼ਿੰਮੇਵਾਰੀ ਸਬੰਧੀ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕਿਸ ਕਿਸ ਕੋਲੋਂ ਪੁੱਛ ਪੜਤਾਲ ਕਰਨੀ ਹੈ, ਇਸ ਦਾ ਫੈਸਲਾ ਅਕਾਲ ਤਖ਼ਤ ਦੇ ਜਥੇਦਾਰ ਨੇ ਕਰਨਾ ਹੈ। ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਜੋ ਵੀ ਆਦੇਸ਼ ਕੀਤਾ ਜਾਵੇਗਾ, ਉਸ ਨੂੰ ਖਿੜੇ ਮੱਥੇ ਪ੍ਰਵਾਨ ਕਰਨਗੇ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਨਾਲ ਸਬੰਧਤ ਬੀਬੀ ਜਗੀਰ ਕੌਰ ਅਤੇ ਪਰਮਿੰਦਰ ਸਿੰਘ ਢੀਂਡਸਾ ਨੇ ਆਪੋ ਆਪਣਾ ਸਪੱਸ਼ਟੀਕਰਨ ਦਿੱਤਾ ਸੀ। ਇਨ੍ਹਾਂ ਤੋਂ ਪਹਿਲਾਂ ਕਈ ਆਗੂ ਸਪੱਸ਼ਟੀਕਰਨ ਸੌਂਪ ਚੁੱਕੇ ਹਨ।