ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 15 ਜੁਲਾਈ
ਸ੍ਰੀ ਹਰਿਮੰਦਰ ਸਾਹਿਬ ਵਿੱਚ ਦੋ ਨਵ-ਨਿਯੁਕਤ ਗ੍ਰੰਥੀ ਸਾਹਿਬਾਨ ਨੇ ਅੱਜ ਸੇਵਾ ਸੰਭਾਲ ਲਈ ਹੈ। ਇਸ ਸਬੰਧ ਵਿੱਚ ਧਾਰਮਿਕ ਸਖ਼ਸ਼ੀਅਤਾਂ ਨੇ ਨਵ-ਨਿਯੁਕਤ ਗ੍ਰੰਥੀ ਸਾਹਿਬਾਨ ਨੂੰ ਦਸਤਾਰਾਂ ਅਤੇ ਸਿਰੋਪੇ ਭੇਟ ਕਰ ਕੇ ਇਸ ਸੇਵਾ ਵਜੋਂ ਪ੍ਰਵਾਨਗੀ ਦਿੱਤੀ।
ਇਸ ਸਬੰਧ ਵਿੱਚ ਅੱਜ ਅਕਾਲ ਤਖ਼ਤ ਵਿੱਚ ਸੇਵਾ ਸੰਭਾਲ ਸਮਾਗਮ ਕੀਤਾ ਗਿਆ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਫਸੀਲ ਤੋਂ ਅੰਤ੍ਰਿੰਗ ਕਮੇਟੀ ਵੱਲੋਂ ਲਏ ਫ਼ੈਸਲੇ ਅਨੁਸਾਰ ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰਪਾਲ ਸਿੰਘ ਦੇ ਨਾਵਾਂ ਦਾ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ‘ਗ੍ਰੰਥੀ ਸਿੰਘ’ ਵਜੋਂ ਐਲਾਨ ਕੀਤਾ। ਇਨ੍ਹਾਂ ਨੂੰ ਹਾਜ਼ਰ ਪੰਥਕ ਸ਼ਖ਼ਸੀਅਤਾਂ ਅਤੇ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਮਗਰੋਂ ਸ਼੍ਰੋਮਣੀ ਕਮੇਟੀ ਸਣੇ ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਪ੍ਰਮੁੱਖ ਧਾਰਮਿਕ ਸਖ਼ਸ਼ੀਅਤਾਂ ਨੇ ਨਵ-ਨਿਯੁਕਤ ਗ੍ਰੰਥੀਆਂ ਨੂੰ ਦਸਤਾਰਾਂ ਅਤੇ ਸਿਰੋਪੇ ਭੇਟ ਕੀਤੇ। ਇਨ੍ਹਾਂ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਸਣੇ ਹੋਰ ਸ਼ਾਮਲ ਸਨ। ਸਮਾਗਮ ਮਗਰੋਂ ਨਵੇਂ ਨਿਯੁਕਤ ਹੋਏ ਦੋਵਾਂ ਗ੍ਰੰਥੀ ਸਾਹਿਬਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਸਿੱਖ ਰਵਾਇਤ ਅਨੁਸਾਰ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਲੈ ਕੇ ਸੇਵਾ ਸ਼ੁਰੂ ਕੀਤੀ। ਇਸ ਤੋਂ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੇਵਾ ਸੰਭਾਲ ਦੇ ਇਤਿਹਾਸ ਅਤੇ ਰਵਾਇਤ ਤੋਂ ਜਾਣੂ ਕਰਵਾਇਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗ੍ਰੰਥੀ ਸਿੰਘ ਦਾ ਰੁਤਬਾ ਬਹੁਤ ਵੱਡਾ ਹੈ।