ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਜੂਨ
ਕੇਂਦਰੀ ਸਿੱਖਿਆ ਰਾਜ ਮੰਤਰੀ ਡਾ. ਸੁਭਾਸ਼ ਸਰਕਾਰ ਨੇ ਅੱਜ ਆਪਣੀ ਅੰਮ੍ਰਿਤਸਰ ਫੇਰੀ ਦੇ ਦੂਜੇ ਦਿਨ ਕੇਂਦਰੀ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਗੋਲ ਬਾਗ਼ ਪਾਰਕ ਵਿਚ ਯੋਗ ਸੈਸ਼ਨ ਵਿੱਚ ਹਿੱਸਾ ਲਿਆ ਅਤੇ ਸਵੱਛ ਭਾਰਤ ਮੁਹਿੰਮ ਤਹਿਤ ਸਫਾਈ ਵੀ ਕੀਤੀ। ਕੇਂਦਰੀ ਸਿੱਖਿਆ ਰਾਜ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਜਨਤਾ ਨੂੰ ਯੋਗ ਰਾਹੀਂ ਸਿਹਤਮੰਦ ਰਹਿਣ ਦਾ ਸੁਨੇਹਾ ਦੇਣ ਲਈ ਉਲੀਕਿਆ ਗਿਆ ਹੈ। ਯੋਗ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦੀ ਲੋੜ ਹੈ ਅਤੇ ਯੋਗ ਅਭਿਆਸ ਰੋਜ਼ਾਨਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਸੰਭਵ ਹੋ ਸਕੇ ਤਾਂ ਹਰ ਵਿਅਕਤੀ ਨੂੰ ਆਪਣੇ ਪਰਿਵਾਰ ਸਮੇਤ ਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਲ 2014 ਤੋਂ ਸਵੱਛ ਭਾਰਤ ਅਭਿਆਨ ਜਨ ਅੰਦੋਲਨ ਦੀ ਤਰ੍ਹਾਂ ਦੇਸ਼ ਭਰ ਵਿਚ ਚਲ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਕੂੜੇਦਾਨਾਂ ਵਿੱਚ ਸੁੱਟਣ।
ਉਨ੍ਹਾਂ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਲਈ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਸਬੰਧੀ ਦਿਸ਼ਾ ਨਿਰਦੇਸ਼ ਵੀ ਦਿੱਤੇ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਇਸ ਤੋਂ ਬਾਅਦ ਕੇਂਦਰੀ ਮੰਤਰੀ ਨੇ ਬੰਡਾਲਾ ਦੇ ਹੈਲਥ ਐਂਡ ਵੈੱਲਨੈੱਸ ਸੈਂਟਰ ਦਾ ਦੌਰਾ ਵੀ ਕੀਤਾ ਤੇ ਕੇਂਦਰ ਸਰਕਾਰ ਦੀਆਂ ਸਿਹਤ ਸਬੰਧੀ ਯੋਜਨਾਵਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ।
ਚੇਤਨਪੁਰਾ (ਪੱਤਰ ਪ੍ਰੇਰਕ) ਕੇਂਦਰ ਸਰਕਾਰ ਦੇ ਸਿੱਖਿਆ ਰਾਜ ਮੰਤਰੀ ਡਾ. ਸੁਭਾਸ਼ ਸਰਕਾਰ ਤੇ ਹੋਰ ਉੱਚ ਅਧਿਕਾਰੀਆਂ ਵੱਲੋਂ ਵਿਧਾਨ ਸਭਾ ਹਲਕਾ ਅਜਨਾਲਾ ਤੇ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਮੱਜੂਪੁਰਾ ਤੇ ਮੱਲੂਨੰਗਲ ’ਚ ਥਾਪਰ ਮਾਡਲ ਯੋਜਨਾ ਤਹਿਤ, ਮਨਰੇਗਾ ਸਕੀਮ ਦੇ ਅਧੀਨ ਨਵੀਨੀਕਰਨ ਕਰਕੇ ਬਣੇ ਛੱਪੜ, ਪਾਰਕਾਂ ਤੇ ਸੀਐਸਸੀ ਸੈਂਟਰ ਮੱਜੂਪੁਰਾ, ਚੇਤਨਪੁਰਾ ਦਾ ਦੌਰਾ ਕੀਤਾ। ਜਿਸ ਦੌਰਾਨ ਉਕਤ ਸਕੀਮਾਂ ਤਹਿਤ ਬਣੇ ਹੋਏ ਛੱਪੜਾਂ ਨੂੰ ਦੇਖਿਆ ਅਤੇ ਪੰਜਾਬ ਅਤੇ ਹੋਰ ਰਾਜਾਂ ਅੰਦਰ ਵੀ ਅਜਿਹੇ ਛੱਪੜ ਅਤੇ ਪਾਰਕ ਬਣਾਉਣ ਲਈ ਉੱਚ ਅਧਿਕਾਰੀਆਂ ਨਾਲ ਵਿਚਾਰ ਸਾਂਝੇ ਕੀਤੇ।