ਪੱਤਰ ਪ੍ਰੇਰਕ
ਅੰਮ੍ਰਿਤਸਰ, 5 ਜੁਲਾਈ
ਅੰਮ੍ਰਿਤਸਰ ਜ਼ਿਲ੍ਹੇ ਵਿੱਚ ਹੁਣ ਤੱਕ ਛੇ ਲੱਖ ਤੋਂ ਵੱਧ ਲੋਕਾਂ ਨੂੰ ਕਰੋਨਾ ਰੋਕੂ ਟੀਕਾ ਲੱਗ ਚੁੱਕਿਆ ਹੈ। ਸਰਕਾਰੀ ਮੈਡੀਕਲ ਕਾਲਜ ਵਿੱਚ ਅੱਜ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਕਰੋਨਾ ਸਬੰਧੀ ਰੀਵਿਊ ਮੀਟਿੰਗ ਦੌਰਾਨ ਇਹ ਜਾਣਕਾਰੀ ਦਿੱਤੀ ਅਤੇ ਤੀਜੀ ਲਹਿਰ ਦੇ ਸੰਭਾਵਿਤ ਖ਼ਤਰੇ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੌਕਸ ਰਹਿਣ ਦੇ ਆਦੇਸ਼ ਦਿੱਤੇ।
ਸ੍ਰੀ ਸੋਨੀ ਨੇ ਕਿਹਾ ਕਿ ਰਾਜ ਵਿੱਚ ਕਰੋਨਾ ਦੇ ਮਰੀਜ਼ਾਂ ਵਿੱਚ ਕਾਫੀ ਕਮੀ ਆਈ ਹੈ ਅਤੇ ਹੁਣ ਤਕ ਪੰਜਾਬ ਵਿੱਚ 79,28,426 ਲੋਕਾਂ ਦੇ ਕਰੋਨਾ ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 3,34,065 ਲੋਕ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਰਾਜ ਵਿੱਚ 5322 ਵਿਅਕਤੀਆਂ ਦੀ ਮੌਤ ਹੋਈ ਹੈ ਅਤੇ ਅੱਜ ਤਕ ਤਿੰਨ ਮੈਡੀਕਲ ਕਾਲਜਾਂ ਵਿੱਚ 64 ਦੇ ਕਰੀਬ ਕਰੋਨਾ ਮਰੀਜ਼ ਦਾਖ਼ਲ ਹਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਹੁਣ ਤਕ 6 ਲੱਖ 2 ਹਜ਼ਾਰ ਵਿਅਕਤੀਆਂ ਨੇ ਕਰੋਨਾ ਦਾ ਟੀਕਾ ਲਗਵਾਇਆ ਹੈ ਅਤੇ ਐਕਟਿਵ ਕੇਸਾਂ ਵਿੱਚ ਕਾਫੀ ਕਮੀ ਪਾਈ ਗਈ ਹੈ।
ਬਲਾਚੌਰ: (ਪੱਤਰ ਪ੍ਰੇਰਕ) ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੈਗਾ ਡਰਾਈਵ ਤਹਿਤ ਬਲਾਕ ਬਲਾਚੌਰ ਵਿਚ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਵਿੱਚ ਵੱਖ-ਵੱਖ 12 ਥਾਵਾਂ ਤੇ ਕੋਵਿਡ ਟੀਕਾਕਰਨ ਕੈਂਪ ਲਗਾਏ ਗਏ, ਜਨ੍ਹਿਾਂ ਵਿੱਚ 2812 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ ਹਨ।
ਫਰੰਦੀਪੁਰ ’ਚ 100 ਫ਼ੀਸਦੀ ਟੀਕਾਕਰਨ
ਤਰਨ ਤਾਰਨ (ਪੱਤਰ ਪ੍ਰੇਰਕ): ਜ਼ਿਲ੍ਹੇ ਦੇ ਸਰਹੱਦੀ ਖੇਤਰ ਦੇ ਬਲਾਕ ਸੁਰਸਿੰਘ ਦੇ ਫਰੰਦੀਪੁਰ ਪਿੰਡ ਦੇ 100 ਫ਼ੀਸਦੀ ਵਸਨੀਕਾਂ ਨੇ ਕੋਵਿਡ ਵੈਕਸੀਨੇਸ਼ਨ ਲਗਵਾ ਕੇ ਮਿਸਾਲ ਕਾਇਮ ਕੀਤੀ ਹੈ। ਉਹ ਅਜਿਹਾ ਕਰਨ ਵਾਲਾ ਜ਼ਿਲ੍ਹੇ ਦਾ ਪਹਿਲਾ ਪਿੰਡ ਬਣਿਆ ਹੈ| ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਸਿਵਲ ਸਰਜਨ ਡਾ. ਰੋਹਿਤ ਮਹਿਤਾ ਨੇ ਦੱਸਿਆ ਕਿ ਇਸ ਸ਼ਾਨਦਾਰ ਪ੍ਰਾਪਤੀ ਲਈ ਸੀਨੀਅਰ ਮੈਡੀਕਲ ਅਧਿਕਾਰੀ ਸੁਰਸਿੰਘ ਡਾ. ਸਤਨਾਮ ਸਿੰਘ ਵੱਲੋਂ ਪਿੰਡ ਦੇ ਸਰਪੰਚ ਬਲਜੀਤ ਸਿੰਘ ਦਾ ਭਰਪੂਰ ਸਹਿਯੋਗ ਹਾਸਲ ਕੀਤਾ ਹੈ।