ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਕਰੋਨਾ ਮਹਾਮਾਰੀ ਦੇ ਚਲਦਿਆਂ ਅੱਜ ਅੰਮ੍ਰਿਤਸਰ ਇਲਾਕੇ ਵਿੱਚ 296 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ ਅਤੇ ਤਿੰਨ ਵਿਅਕਤੀਆਂ ਦੀ ਮੌਤ ਹੋਈ ਹੈ। ਇਸ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਵਿਚ ਕਰੋਨਾ ਟੀਕਾਕਰਨ ਮੁਹਿੰਮ ਤਹਿਤ ਹੁਣ ਤਕ ਇਕ ਲੱਖ ਲੋਕਾਂ ਨੂੰ ਟੀਕੇ ਲੱਗ ਗਏ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਕਰੋਨਾ ਕਾਰਨ 67 ਸਾਲਾਂ ਦੀ ਦਲਬੀਰ ਕੌਰ ਵਾਸੀ ਏਅਰਪੋਰਟ ਰੋਡ, 67 ਸਾਲਾਂ ਦੇ ਨਰਿੰਦਰਪਾਲ ਸਿੰਘ ਵਾਸੀ ਰਾਮ ਨਗਰ ਅਤੇ 74 ਸਾਲਾਂ ਦੀ ਹਰਦੀਪ ਕੌਰ ਵਾਸੀ ਪਿੰਡ ਫੇਰੂਮਾਨ ਦੀ ਮੌਤ ਹੋਈ ਹੈ। ਜ਼ਿਲ੍ਹੇ ਵਿਚ ਹੁਣ ਤਕ 676 ਵਿਅਕਤੀਆਂ ਦੀ ਕਰੋਨਾ ਕਾਰਨ ਮੌਤ ਹੋ ਚੁੱਕੀ ਹੈ। ਅੱਜ 296 ਹੋਰ ਨਵੇਂ ਕਰੋਨਾ ਪਾਜ਼ੇਟਿਵ ਕੇਸ ਆਉਣ ਨਾਲ ਜ਼ਿਲ੍ਹੇ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 3019 ਹੋ ਗਈ ਹੈ।