ਮਨੋਜ ਸ਼ਰਮਾ
ਬਠਿੰਡਾ, 7 ਅਕਤੂਬਰ
ਇੱਥੇ ਅੱਜ ਸਥਾਨਕ ਖੇਤੀ ਭਵਨ ਵਿੱਚ ਹਾੜ੍ਹੀ ਦੀਆਂ ਫਸਲਾਂ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਵਾਸਤੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ।
ਇਸ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਵੱਲੋਂ ਲਗਾਈਆਂ ਗਈਆਂ ਨੁਮਾਇਸ਼ਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਨਵੀਨਤਮ ਤਕਨੀਕਾਂ ਨੂੰ ਅਪਣਾ ਕੇ ਵੱਧ ਤੋਂ ਵੱਧ ਮੁਨਾਫ਼ਾ ਲੈਣ ਦੀ ਅਪੀਲ ਕੀਤੀ। ਇਸ ਕਿਸਾਨ ਮੇਲੇ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਰਕਾਰ ਵੱਲੋਂ ਹਾੜ੍ਹੀ ਦੀਆਂ ਫਸਲਾਂ ਦੀ ਸੁਚੱਜੀ ਖਰੀਦ ਲਈ ਢੁੱਕਵੇਂ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਦੀ ਸਾਂਭ-ਸੰਭਾਲ ਲਈ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਮਸ਼ੀਨਰੀ ਉਪਲੱਬਧ ਕਰਵਾਈ ਗਈ ਹੈ ਤਾਂ ਜੋ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖੀ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਜ਼ਮੀਨ ਦੀ ਸਿਹਤ-ਸੰਭਾਲ, ਖਾਦਾਂ ਅਤੇ ਪਾਣੀ ਦੀ ਸਹੀ ਵਰਤੋਂ, ਵਰਮੀ-ਕੰਪੋਸਟ ਖਾਦ ਤਿਆਰ ਕਰਨ ਆਦਿ ਧੰਦੇ ਅਪਨਾਉਣ ਲਈ ਕਿਹਾ। ਉਨ੍ਹਾਂ ਕਿਸਾਨਾਂ ਨੂੰ ਮਾਹਿਰਾਂ ਦੀ ਸਲਾਹ ਮੁਤਾਬਕ ਹੀ ਕੰਮ ਕਰਨ ਦੀ ਅਪੀਲ ਵੀ ਕੀਤੀ।
ਮੁੱਖ ਖੇਤੀਬਾੜੀ ਅਫਸਰ ਡਾ. ਦਿਲਬਾਗ ਸਿੰਘ ਨੇ ਖਾਦਾਂ ਦੇ ਸਬੰਧ ਵਿੱਚ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੰਤੁਲਿਤ ਖਾਦਾਂ ਦੀ ਵਰਤੋਂ, ਮਿੱਟੀ ਅਤੇ ਪਾਣੀ ਨੂੰ ਟੈਸਟ ਕਰਵਾਉਣ ਉਪਰੰਤ ਹੀ ਕੀਤੀ ਜਾਵੇ ਤਾਂ ਜੋ ਕਿਸਾਨਾਂ ਦਾ ਖਾਦਾਂ ’ਤੇ ਖਰਚ ਘੱਟ ਹੋਵੇ। ਉਨ੍ਹਾਂ ਕਿਸਾਨਾਂ ਨੂੰ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਕਰਨ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕੀਤੀ। ਕਿਸਾਨ ਮੇਲੇ ਦੌਰਾਨ ਪਿਛਲੇ ਚਾਰ-ਪੰਜ ਸਾਲਾਂ ਤੋਂ ਲਗਾਤਾਰ ਬਿਨਾਂ ਅੱਗ ਲਗਾਏ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਅਤੇ ਸਾਂਭ ਸੰਭਾਲ ਕਰਨ ਵਾਲੇ ਜ਼ਿਲ੍ਹੇ ਦੇ 80 ਕਿਸਾਨਾਂ ਨੂੰ ਵਿਸ਼ੇਸ਼ ਤੌਰ ’ਤੇ ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਬਠਿੰਡਾ ਦੇ ਅਧਿਕਾਰੀ ਡਾ. ਜਸਵਿੰਦਰ ਕੁਮਾਰ, ਖੇਤੀਬਾੜੀ ਵਿਕਾਸ ਅਫਸਰ, ਬਲਾਕ ਬਠਿੰਡਾ ਨੂੰ ਕਿਸਾਨੀ ਹਿੱਤ ਕੀਤੀਆਂ ਸ਼ਲਾਘਾਯੋਗ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ।