ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 18 ਫਰਵਰੀ
ਬਠਿੰਡਾ (ਸ਼ਹਿਰੀ) ਤੋਂ ‘ਆਪ’ ਦੇ ਉਮੀਦਵਾਰ ਜਗਰੂਪ ਸਿੰਘ ਗਿੱਲ ਨੇ ਆਪਣੀ ਵਿਰੋਧੀ ਪਾਰਟੀ ਕਾਂਗਰਸ ’ਤੇ ਗੰਭੀਰ ਇਲਜ਼ਾਮ ਲਾਉਂਦਿਆਂ ਚੋਣ ਪ੍ਰਕਿਰਿਆ ਵਿੱਚ ਵਿਘਨ ਪਾਏ ਜਾਣ ਦੇ ਖ਼ਦਸ਼ੇ ਜ਼ਾਹਿਰ ਕੀਤੇ ਹਨ। ਉਨ੍ਹਾਂ ਕਿਹਾ ਕਿ ਜੇ ਅਜਿਹਾ ਹੁੰਦਾ ਹੈ ਤਾਂ ਇਹ ਸੱਚਮੁੱਚ ਲੋਕਤੰਤਰ ਲਈ ਗੰਭੀਰ ਖ਼ਤਰਾ ਹੋਵੇਗਾ। ਇਥੇ ਪ੍ਰੈਸ ਕਾਨਫਰੰਸ ਦੌਰਾਨ ਸ੍ਰੀ ਗਿੱਲ ਨੇ ਦੋਸ਼ ਲਾਇਆ ਕਿ ਚੋਣ ਪ੍ਰਚਾਰ ਬੰਦ ਹੋਣ ਦੇ ਬਾਵਜੂਦ ਕਰੀਬ ਇਕ ਸੌ ਵਿਅਕਤੀ ਬਾਹਰੀ ਬੰਦੇ ਹਾਲੇ ਵੀ ਸ਼ਹਿਰ ’ਚ ਹਨ। ਉਨ੍ਹਾਂ ਸ਼ੰਕਾ ਜਤਾਈ ਕਿ ਵਿਰੋਧੀ ਪਾਰਟੀ ਵੱਲੋਂ ਅਜਿਹਾ ਚੋਣ ਪ੍ਰਕਿਰਿਆ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਵਜੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਚੋਣਾਂ ਤੋਂ ਪਹਿਲਾਂ ਨਸ਼ੇ ਅਤੇ ਪੈਸੇ ਵੰਡਣ ਦਾ ਖ਼ਦਸ਼ਾ ਪ੍ਰਗਟਾਉਂਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਲਾਲਚ ਅਤੇ ਭੈਅ ਤੋਂ ਵੋਟਾਂ ਪਾਉਣ। ਸ੍ਰੀ ਗਿੱਲ ਨੇ ਕਿਹਾ ਕਿ ਉਹ ਚੋਣ ਅਧਿਕਾਰੀਆਂ ਨੂੰ ਸ਼ਿਕਾਇਤ ਕਰਨਗੇ ਅਤੇ ਐਸਐਸਪੀ ਅਤੇ ਡੀਸੀ ਨੂੰ ਵੀ ਮਿਲਣਗੇ।