ਪੱਤਰ ਪ੍ਰੇਰਕ
ਬਠਿੰਡਾ, 15 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸ਼ਾਰਦਾ-ਯਮੁਨਾ ਲਿੰਕ ਨਹਿਰ ਦੀ ਉਸਾਰੀ ਕਰਵਾਉਣ ’ਤੇ ਜ਼ੋਰ ਦੇਣ। ਉਨ੍ਹਾਂ ਕਿਹਾ ਕਿ ਇਸ ਨਹਿਰ ਦੇ ਸਰਵੇ ਹੋ ਚੁੱਕੇ ਹਨ। ਇਸ ਨਹਿਰ ਦਾ ਫ਼ਾਇਦਾ ਰਾਜਸਥਾਨ, ਹਰਿਆਣਾ ਅਤੇ ਗੁਜਰਾਤ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ। ਜੇਕਰ ਸ਼ਾਰਦਾ-ਯਮੁਨਾ ਲਿੰਕ ਨਹਿਰ ਨੇਪਰੇ ਚੜ੍ਹ ਜਾਂਦੀ ਹੈ ਤਾਂ ਸਤਲੁਜ-ਯਮੁਨਾ ਲਿੰਕ ਨਹਿਰ ਦਾ ਰੌਲਾ ਹੀ ਮੁੱਕ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖ ਨੁਮਾਇੰਦਿਆਂ ਨੂੰ ਇਕ ਮੰਚ ’ਤੇ ਇਕੱਠੇ ਹੋ ਕੇ ਬੰਦੀ ਸਿੰਘਾਂ ਨੂੰ ਛੁਡਵਾਉਣਾ ਲਈ ਯਤਨ ਕਰਨੇ ਚਾਹੀਦੇ ਹਨ।
ਇਥੇ ਸਰਕਟ ਹਾਊਸ ਵਿਚ ਸੰਬੋਧਨ ਹਕਰਦਿਆਂ ਉਨ੍ਹਾਂ ਕਿਹਾ ਪੰਜਾਬ ਦਾ 70 ਫੀਸਦੀ ਤੋਂ ਵੱਧ ਪਾਣੀ ਦੂਜੇ ਰਾਜਾਂ ਨੂੰ ਜਾ ਰਿਹਾ ਹੈ। ਸੂਬੇ ਵਿੱਚ ਟਿਊਬਵੈੱਲਾਂ ਦੀ ਵਧ ਰਹੀ ਗਿਣਤੀ ਕਾਰਨ ਧਰਤੀ ਹੇਠਲਾ ਪਾਣੀ ਮੁੱਕ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਸਿਆਸੀ ਪਾਰਟੀਆਂ ਪ੍ਰਧਾਨ ਮੰਤਰੀ ਨੂੰ ਸ਼ਾਰਦਾ-ਯੁਮਨਾ ਲਿੰਕ ਨਹਿਰ ਦੀ ਉਸਾਰੀ ਲਈ ਸਹਿਮਤ ਕਰਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਜਲ ਸੰਕਟ ਵਿੱਚੋਂ ਕੱਢਣ ਲਈ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਪੰਜਾਬ ਦੇ ਰਾਜਸੀ ਆਗੂ ਖਾਸਕਰ ਭਾਜਪਾ ਆਗੂ ਆਪਣੇ ਅਸਰ ਰਸੂਖ ਤੇ ਸਬੰਧਾਂ ਦੀ ਬਦੌਲਤ ਪ੍ਰਧਾਨ ਮੰਤਰੀ ਨੂੰ ਸ਼ਾਰਦਾ-ਯਮੁਨਾ ਲਿੰਕ ਨਹਿਰ ਦੀ ਉਸਾਰੀ ਕਰਵਾਉਣ ਲਈ ਸਹਿਮਤ ਕਰਵਾਉਣ। ਉਨ੍ਹਾਂ ਕਿਹਾ ਕਿ ਇਸ ਨਹਿਰ ਦੀ ਉਸਾਰੀ ਨਾਲ ਪੰਜਾਬ ਦੇ ਪਾਣੀ ਦੀ ਹੋਰਨਾਂ ਸੂਬਿਆਂ ਵਿੱਚ ਮੰਗ ਘਟੇਗੀ ਤੇ ਪੰਜਾਬ ਦਾ ਪਾਣੀ ਸੂਬੇ ਵਿੱਚ ਹੀ ਰਹਿਣ ਕਾਰਨ ਪੰਜਾਬ ’ਤੇ ਬੋਝ ਘਟੇਗਾ।
ਸ੍ਰੀ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮੁੱਢਲਾ ਮੈਂਬਰ ਹੋਣ ਕਾਰਨ ਅਕਾਲੀ ਦਲ ਦੇ ਏਕੇ ਲਈ ਉਹ ਸਿੱਖ ਸੰਪਰਦਾਵਾਂ ਨੂੰ ਮਿਲ ਰਹੇ ਹਨ। ਉਨ੍ਹਾਂ ਨੂੰ ਜਦੋਂ ਮੌੜ ਵਿਧਾਨ ਸਭਾ ਹਲਕੇ ਦੇ ਇੰਚਾਰਜ ਦੇ ਅਹੁਦੇ ਤੋਂ ਫਾਰਗ ਕਰਨ ਸਬੰਧੀ ਲੰਘੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਇਕ ਸਾਬਕਾ ਜ਼ਿਲ੍ਹਾ ਪ੍ਰਧਾਨ ਵੱਲੋਂ ਕੀਤੀ ਪ੍ਰੈੱਸ ਕਾਨਫ਼ਰੰਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੇ ਸਿਪਾਹੀ ਹਨ। ਸ਼੍ਰੋਮਣੀ ਅਕਾਲੀ ਦਲ ਦੇ ਏਕੇ ਲਈ ਦ੍ਰਿੜ੍ਹ ਹਨ। ਜੇਕਰ ਪਾਰਟੀ ਚਾਹੇ ਤਾਂ ਹਲਕੇ ਵਿੱਚੋਂ ਕਿਸੇ ਨੂੰ ਵੀ ਇੰਚਾਰਜ ਲਗਾ ਦੇਵੇ, ਉਹ ਲਾਂਭੇ ਹੋ ਜਾਣਗੇ ਤੇ ਪਾਰਟੀ ਲਈ ਕੰਮ ਕਰਦੇ ਰਹਿਣਗੇ।