ਪੱਤਰ ਪ੍ਰੇਰਕ
ਬਠਿੰਡਾ, 2 ਮਾਰਚ
ਅੱਜ ਜ਼ਿਲ੍ਹਾ ਸਿੱਖਿਆ ਅਫਸਰ ਬਠਿੰਡਾ ਦੇ ਦਫ਼ਤਰ ਅੱਗੇ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਦੀਆਂ ਨੀਤੀਆਂ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫਸਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਜ਼ਿਲ੍ਹਾ ਬਠਿੰਡਾ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਡੀਟੀਐੱਫ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਰੇਸ਼ਮ ਸਿੰਘ ਤੇ ਫਿਜ਼ੀਕਲ ਐਜੂਕੇਸ਼ਨ ਤੇ ਸਪੋਰਟਸ ਐਸੋਸੀਏਸ਼ਨ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਜਗਦੀਸ਼ ਕੁਮਾਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਅਧਿਆਪਕਾਂ ਸਮੇਤ ਡੀਈਓ ਦਫ਼ਤਰ ਬਠਿੰਡਾ ’ਚ ਪੁੱਜੀਆਂ ਤੇ ਉਨ੍ਹਾਂ ਨੇ ਸਿੱਖਿਆ ਮੰਤਰੀ ਪੰਜਾਬ ਦੇ ਨਾਂ ਡੀਈਓ ਸੈਕੰਡਰੀ ਤੇ ਐਲੀਮੈਂਟਰੀ ਨੂੰ ਘਿਰਾਓ ਕਰਨ ਤੋਂ ਬਾਅਦ ਮੰਗ ਪੱਤਰ ਸੌਂਪਿਆ। ਜਥੇਬੰਦਕ ਆਗੂਆਂ ਨੇ ਡੀਈਓ ਸੈਕੰਡਰੀ ਤੇ ਐਲੀਮੈਂਟਰੀ ਨੂੰ ਕਿਹਾ ਕਿ ਉਹ ਕਿਸੇ ਵੀ ਹੱਦ ਤੱਕ ਅਸਾਮੀਆਂ ਦੇ ਖ਼ਾਤਮੇ ਨੂੰ ਤੇ ਸਿੱਖਿਆ ਦੇ ਉਜਾੜੇ ਨੂੰ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਡੀਟੀਐੱਫ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ, ਸਕੱਤਰ ਬਲਜਿੰਦਰ ਸਿੰਘ ਤੇ ਸੂਬਾ ਆਗੂ ਜਸਵਿੰਦਰ ਸਿੰਘ ਨੇ ਕਿਹਾ ਕਿ ਸਿੱਖਿਆ ਸਕੱਤਰ ਅਧਿਆਪਕ ਵਿਰੋਧੀ ਹਰਕਤਾਂ ਤੋਂ ਬਾਜ਼ ਆਵੇ। ਉਨ੍ਹਾਂ ਕਿਹਾ ਕਿ ਸਿੱਖਿਆ ਸਕੱਤਰ ਤਕਨੀਕੀ ਨੁਕਸ ਦਾ ਬਹਾਨਾ ਬਣਾ ਕੇ ਪੰਜਾਬ ਦੇ ਸਕੂਲਾਂ ਦੀਆਂ ਅਸਾਮੀਆਂ ਤੇ ਸਕੂਲੀ ਸਿੱਖਿਆ ਦਾ ਉਜਾੜਾ ਕਰ ਰਿਹਾ ਹੈ। ਰਮਸਾ ਦੇ ਸੂਬਾ ਜਨਰਲ ਸਕੱਤਰ ਹਰਜੀਤ ਸਿੰਘ ਜੀਦਾ, 6060 ਮਾਸਟਰ ਕੇਡਰ ਅਧਿਆਪਕ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਵਿਕਾਸ ਗਰਗ ਰਾਮਪੁਰਾ ਤੇ ਪ੍ਰੈੱਸ ਸਕੱਤਰ ਬਿਕਰਮਜੀਤ ਸਿੰਘ ਨੇ ਕਿਹਾ ਕਿ ਸਿੱਖਿਆ ਸਕੱਤਰ ਵੱਲੋਂ ਇਨ੍ਹਾਂ ਅਸਾਮੀਆਂ ਦੇ ਸਬੰਧ ਵਿੱਚ ਜੋ ਜ਼ਿਲ੍ਹਾ ਪੱਧਰੀ ਕਮੇਟੀਆਂ ਗਠਨ ਕਰਨ ਦਾ ਨਿਰਦੇਸ਼ ਜਾਰੀ ਕੀਤਾ, ਨੂੰ ਤੁਰੰਤ ਰੱਦ ਕੀਤਾ ਜਾਵੇ। ਸਿੱਖਿਆ ਸਕੱਤਰ ਦੀ ਅਧਿਆਪਕਾਂ ਤੇ ਸਕੂਲੀ ਸਿੱਖਿਆ ਪ੍ਰਤੀ ਨੀਅਤ ਬਹੁਤ ਮਾੜੀ ਹੈ ਕਿਉਂਕਿ ਮਿਸ਼ਨ ਸਤ ਪ੍ਰਤੀਸ਼ਤ ਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਆਦਿ ਪ੍ਰਾਜੈਕਟਾਂ ਨੂੰ ਜਾਅਲੀ ਅੰਕੜਿਆਂ ਰਾਹੀਂ ਸਫ਼ਲ ਬਣਾਕੇ ਪੰਜਾਬ ਵਾਸੀਆਂ ਦੇ ਅੱਖੀਂ ਘੱਟਾ ਪਾਇਆ ਜਾ ਰਿਹਾ ਹੈ। ਬਠਿੰਡਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦਾ ਘਿਰਾਓ ਦੀ ਗੂੰਜ ਚੰਡੀਗੜ੍ਹ ਦਫ਼ਤਰ ਪੁੱਜੀ ਗਈ ਤੇ ਘਿਰਾਓ ਦੇਖਦਿਆਂ ਸਿੱਖਿਆ ਵਿਭਾਗ ਵੱਲੋਂ ਸਕੂਲ ’ਚ ਹਟਾਈਆਂ ਗਈਆਂ ਪੋਸਟਾਂ ਨੂੰ ਮੁੜ ਬਹਾਲ ਕਰਦਿਆਂ ਈ ਪੋਰਟਲ ਤੇ ਦੁਬਾਰਾ ਅੱਪਲੋਡ ਕਰ ਦਿੱਤਾ। ਇਸ ਸਬੰਧੀ ਡੀਟੀਐੱਫ ਆਗੂ ਰੇਸ਼ਮ ਸਿੰਘ ਜੰਡਾਂ ਵਾਲਾ ਨੇ ਇਸ ਨੂੰ ਅਧਿਆਪਕਾਂ ਦੀ ਵੱਖ ਵੱਖ ਜਥੇਬੰਦੀਆਂ ਦਾ ਏਕੇ ਦਾ ਰੰਗ ਕਰਾਰ ਦਿੱਤਾ।