ਸ਼ਗਨ ਕਟਾਰੀਆ
ਬਠਿੰਡਾ, 14 ਨਵੰਬਰ
ਇੱਥੇ ਪੈਲੇਸ ਵਿਚ ਕਰਵਾਏ ਜਾ ਰਹੇ ਸਮਾਗਮ ਵਿੱਚ ਭਾਜਪਾ ਆਗੂਆਂ ਦੇ ਪਹੁੰਚਣ ਦੀ ਖ਼ਬਰ ਮਿਲਦਿਆਂ ਹੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਪੈਲੇਸ ਦਾ ਘਿਰਾਓ ਕਰ ਕੇ ਸਮਾਗਮ ਦਾ ਵਿਰੋਧ ਸ਼ੁਰੂ ਕਰ ਦਿੱਤਾ। ਵੱਡੀ ਗਿਣਤੀ ’ਚ ਕਿਸਾਨਾਂ ਨੇ ਇੱਥੇ ਧਰਨਾ ਲਾ ਕੇ ਪੈਲੇਸ ਅੰਦਰ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ। ਕਿਸਾਨ ਆਗੂ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਭਾਜਪਾ ਧਾਰਮਿਕ ਸਮਾਗਮ ਦੇ ਪਰਦੇ ਵਿਚ ਰਾਜਨੀਤਕ ਸਮਾਗਮ ਕਰ ਰਹੀ ਸੀ। ਖੇਤੀ ਕਾਨੂੰਨਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਮੁਤਾਬਿਕ ਭਾਜਪਾ ਦੇ ਸਮਾਗਮ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਭਾਜਪਾ ਨੂੰ ਪੰਜਾਬ ’ਚ ਪੈਰ ਨਹੀਂ ਪਾਉਣ ਦਿਆਂਗੇ।