ਮਨੋਜ ਸ਼ਰਮਾ
ਬਠਿੰਡਾ, 4 ਅਗਸਤ
ਬੈਸਟ ਪ੍ਰਾਈਜ਼ ਬਠਿੰਡਾ ਦੇ ਸਾਹਮਣੇ ਧਰਨਾ ਦੇ ਰਹੇ ਧਰਨਾਕਾਰੀਆਂ ਨੇ ਆਪਣਾ ਪੱਕਾ ਮੋਰਚਾ ਡਿਪਟੀ ਕਮਿਸ਼ਨਰ ਦੇ ਗੇਟ ਅੱਗੇ ਤਬਦੀਲ ਕਰ ਦਿੱਤਾ ਹੈ। ਧਰਨਾਕਾਰੀ ਬੈਸਟ ਪ੍ਰਾਈਸ ਮੁਲਾਜ਼ਮ ਯੂਨੀਅਨ ਦੇ ਆਗੂ ਜਸਪ੍ਰੀਤ ਸਿੰਘ ਝੰਡੂਕੇ ਨੇ ਕਿਹਾ ਕਿ 15 ਦਿਨ ਦੇ ਮੋਰਚੇ ਤੋਂ ਬਾਅਦ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਬੈਸਟ ਪ੍ਰਾਈਸ ਤੋਂ ਤਿੰਨ ਸੌ ਮੀਟਰ ਦੂਰ ਧਰਨਾ ਲਾਉਣ ਲਈ ਕਿਹਾ ਗਿਆ ਤੇ ਅੱਜ ਹੁਕਮਾਂ ਦੀ ਪਾਲਣਾ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਕਾਰਪੋਰੇਟ ਘਰਾਣੇ ਨੇ ਕਿਸਾਨ ਮੋਰਚੇ ਦੌਰਾਨ ਇਹ ਸਟੋਰ ਬੰਦ ਕਰ ਦਿੱਤਾ ਸੀ। ਇਸ ਮੌਕੇ ਮੋਰਚੇ ਵਿੱਚ ਜੁੜੇ ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਅਮਰਜੀਤ ਹਨੀ ਨੇ ਕਿਹਾ ਕਿ ਕੰਪਨੀ ਮੁਲਾਜ਼ਮਾਂ ਨਾਲ ਵਾਅਦਾਖ਼ਿਲਾਫ਼ੀ ਕਰ ਰਹੀ ਹੈ। ਇਸ ਮੌਕੇ ਬੈਸਟ ਪ੍ਰਾਈਸ ਯੂਨੀਅਨ ਦੇ ਆਗੂ ਹਰਮਨਪ੍ਰੀਤ ਸਿੰਘ ਭੁੱਚੋ ਨੇ ਕਿਹਾ ਕਿ ਕੰਪਨੀ ਵੱਲੋਂ ਬਿਨਾਂ ਨੋਟਿਸ ਦਿੱਤੇ 90 ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਕੰਪਨੀ ਮੁਲਾਜ਼ਮਾਂ ਦੀਆਂ ਸੇਵਾਵਾਂ ਬਹਾਲ ਕਰਦੇ ਹੋਏ ਉਨ੍ਹਾਂ ਨੂੰ ਹੋਰ ਸਟੋਰਾਂ ਵਿੱਚ ਭੇਜੇ ਅਤੇ ਤਨਖ਼ਾਹ ਵਿੱਚ ਵਾਧਾ ਕੀਤਾ ਜਾਵੇ। ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।