ਸ਼ਗਨ ਕਟਾਰੀਆ
ਬਠਿੰਡਾ, 10 ਅਗਸਤ
ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਨਾਅਰੇ ‘ਕਾਰਪੋਰੇਟ ਭਜਾਓ-ਭਾਰਤੀ ਹਾਕਮੋ ਵਿਸ਼ਵ ਵਪਾਰ ਸੰਸਥਾ ਚੋਂ ਬਾਹਰ ਆਓ’ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਇੱਥੇ ਮਿਨੀ ਸਕੱਤਰੇਤ ਅੱਗੇ ਰੈਲੀ ਕਰਨ ਤੋਂ ਬਾਅਦ ਕਚਹਿਰੀ ਚੌਕ ’ਚ ਕਾਰਪਰੇਟਾਂ ਅਤੇ ਵਿਸ਼ਵ ਵਪਾਰ ਸੰਸਥਾ ਦਾ ਪੁਤਲਾ ਫੂਕਿਆ। ਇੱਥੇ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੀਨੀਅਰ ਆਗੂ ਬੀਬੀ ਹਰਿੰਦਰ ਬਿੰਦੂ, ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਦੇ ਵਪਾਰਕ ਖੇਤਰਾਂ ਵਿੱਚੋਂ ਕਾਰਪੋਰੇਟਾਂ ਨੂੰ ਬਾਹਰ ਕੱਢਣ ਲਈ ਜਾਰੀ ਸੰਘਰਸ਼ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ। ਬੁਲਾਰਿਆਂ ਨੇ 15 ਅਗਸਤ ਨੂੰ ਜਨਤਕ ਜਥੇਬੰਦੀਆਂ ਦੇ ਸਾਂਝੇ ਸੱਦੇ ’ਤੇ ਨਵੇਂ ਫੌਜਦਾਰੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਅਤੇ ਬੁੱਧੀਜੀਵੀਆਂ ’ਤੇ ਕੀਤੇ ਪਰਚੇ ਰੱਦ ਕਰਵਾਉਣ ਲਈ ਡੀਸੀ ਦਫਤਰਾਂ ਅੱਗੇ ਪ੍ਰਦਰਸ਼ਨਾਂ ’ਚ ਸ਼ਮੂਲੀਅਤ ਲਈ ਲੋਕਾਂ ਨੂੰ ਅਪੀਲ ਕੀਤੀ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ‘ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ’ ਵੱਲੋਂ ਇਥੇ ਡੀਸੀ ਦਫਤਰ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਅਡਾਨੀ, ਅੰਬਾਨੀ ਅਤੇ ਵਿਸ਼ਵ ਵਪਾਰ ਸੰਸਥਾ ਦਾ ਪੁਤਲਾ ਫੂਕ ਮੁਜ਼ਾਹਰਾ ਕਰਦਿਆਂ ਐਲਾਨ ਕੀਤਾ ਕਿ ਸ਼ੰਭੂ ਤੇ ਖਨੌਰੀ ਬਾਰਡਰ ਦੇ ਕਿਸਾਨਾਂ ’ਤੇ ਜਬਰ ਦਾ ਪੂਰਾ ਇਨਸਾਫ ਲੈਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਵੀ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ।
ਲੰਬੀ (ਇਕਬਾਲ ਸਿੰਘ ਸ਼ਾਂਤ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸਾਮਰਾਜ ਵਿਰੋਧੀ ਦਿਵਸ ਮਨਾਉਂਦੇ ਭਾਕਿਯੂ ਏਕਤਾ ਉਗਰਾਹਾਂ ਵੱਲੋਂ ਲੰਬੀ ਵਿੱਚ ਡਬਲਿਊਟੀਓ ਦਾ ਕੱਦ ਪੁਤਲਾ ਸਾੜਿਆ ਗਿਆ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਗੁਰਪਾਸ਼ ਸਿੰਘੇਵਾਲਾ ਨੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਬਰਨਾਲਾ (ਪਰਸ਼ੋਤਮ ਬੱਲੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਇਕਾਈ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸਥਾਨਕ ਕਚਹਿਰੀ ਚੌਕ ਵਿੱਚ ਇਕੱਤਰਤਾ ਉਪਰੰਤ ਮਾਰਚ ਕਰਦਿਆਂ ਡੀਸੀ ਦਫ਼ਤਰ ਪੁੱਜ ਕੇ ਵਿਸ਼ਵ ਵਪਾਰ ਸੰਸਥਾ ਦਾ ਪੂਤਲਾ ਫ਼ੂਕਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਸੰਬੋਧਨ ਕੀਤਾ।
ਮੋਗਾ (ਮਹਿੰਦਰ ਸਿੰਘ ਰੱਤੀਆਂ): ਇਥੇ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਅਗਵਾਈ ਹੇਠ ਕਿਸਾਨਾਂ ਦੇ ਭਖਦੇ ਮਸਲਿਆਂ ਬਾਰੇ ਰੋਸ ਧਰਨਾ ਦਿੱਤਾ ਅਤੇ ਵਿਸ਼ਵ ਵਪਾਰ ਸੰਸਥਾ ਦਾ ਪੁਤਲਾ ਵੀ ਫੂਕਿਆ ਗਿਆ। ਇਸ ਮੌਕੇ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਬਲੌਰ ਸਿੰਘ ਘੋਲਕਲਾਂ,ਗੁਰਮੀਤ ਸਿੰਘ ਕਿਸਨਪੁਰਾ ਨੇ ਸੰਬੋਧਨ ਕੀਤਾ।
ਮਾਨਸਾ (ਜੋਗਿੰਦਰ ਸਿੰਘ ਮਾਨ): ਬੀਕੇਯੂ (ਏਕਤਾ ਉਗਰਾਹਾਂ) ਜ਼ਿਲ੍ਹਾ ਕਮੇਟੀ ਵੱਲੋਂ ਮਾਨਸਾ ਜ਼ਿਲ੍ਹਾ ਹੈੱਡਕੁਆਰਟਰ ’ਤੇ ਵਿਸ਼ਵ ਵਪਾਰ ਸੰਸਥਾ ਦਾ ਪੁਤਲਾ ਫੂਕ ਕੇ ਮੋਦੀ ਸਰਕਾਰ ਅਤੇ ਵਪਾਰ ਸੰਸਥਾ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਸੰਬੋਧਨ ਕੀਤਾ।