ਸ਼ਗਨ ਕਟਾਰੀਆ
ਬਠਿੰਡਾ, 7 ਅਗਸਤ
ਪੰਜਾਬ ਸਰਕਾਰ ਵੱਲੋਂ ਦਿੱਲੀ ਦੇ ਕਿਸਾਨ ਅੰਦੋਲਨ ’ਚ ਜਾਨਾਂ ਗੁਆਉਣ ਵਾਲੇ ਜ਼ਿਲ੍ਹਾ ਬਠਿੰਡਾ ਦੇ 24 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ 5-5 ਲੱਖ ਦੀ ਰਾਹਤ ਰਾਸ਼ੀ ਦੇ ਚੈੱਕ ਦਿੱਤੇ ਗਏ। ਚੈੱਕ ਦੇਣ ਸਮੇਂ ਹਲਕਾ ਬਠਿੰਡਾ (ਸ਼ਹਿਰੀ) ਦੇ ਵਿਧਾਇਕ ਜਗਰੂਪ ਸਿੰਘ ਗਿੱਲ, ਬਠਿੰਡਾ (ਦਿਹਾਤੀ) ਦੇ ਵਿਧਾਇਕ ਅਮਿਤ ਰਤਨ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਸੀਨੀਅਰ ‘ਆਪ’ ਆਗੂ ਨੀਲ ਗਰਗ ਮੌਜੂਦ ਸਨ।
ਇਸ ਮੌਕੇ ਦੋਵੇਂ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਦੀ ਮਾਲੀ ਮੱਦਦ ਬਾਰੇ ਕੀਤੇ ਵਾਧੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਹੋਰ ਵੀ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਿੱਲੀ ਕਿਸਾਨ ਮੋਰਚੇ ਵਿੱਚ ਜ਼ਿਲ੍ਹਾ ਬਠਿੰਡਾ ਨਾਲ ਸਬੰਧਤ ਕੁੱਲ 82 ਕਿਸਾਨ ਸ਼ਹੀਦ ਹੋਏ ਸਨ। ਇਨ੍ਹਾਂ ਸ਼ਹੀਦ ਹੋਏ ਕਿਸਾਨਾਂ ਦੇ 58 ਪਰਿਵਾਰਕ ਮੈਂਬਰਾਂ ਨੂੰ ਪਹਿਲਾਂ ਹੀ 5-5 ਲੱਖ ਰੁਪਏ ਦੇ ਚੈੱਕ ਦਿੱਤੇ ਜਾ ਚੁੱਕੇ ਹਨ।