ਸ਼ਗਨ ਕਟਾਰੀਆ
ਬਠਿੰਡਾ, 22 ਅਗਸਤ
ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਇੱਥੇ ਥਾਣਾ ਥਰਮਲ ਅੱਗੇ ਧਰਨਾ ਦੇ ਕੇ ਮਹੀਨਾ ਪਹਿਲਾਂ ਪਿੰਡ ਸਬਿੀਆਂ ਨੇੜੇ ਵਾਪਰੇ ਸੜਕ ਹਾਦਸੇ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਆਵਾਜ਼ ਬੁਲੰਦ ਕੀਤੀ। ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਦੋਸ਼ ਲਾਇਆ ਕਿ ਇਸ ਘਟਨਾ ’ਚ ਤੇਜ਼ ਰਫ਼ਤਾਰ ਕਾਰ ਨੇ 22 ਜੁਲਾਈ ਨੂੰ ਸਬਿੀਆਂ ਪਿੰਡ ਦੇ ਮਜ਼ਦੂਰ ਪਿ੍ਤਪਾਲ ਸਿੰਘ ਨੂੰ ਟੱਕਰ ਮਾਰੀ ਸੀ। ਇਸ ਹਾਦਸੇ ਵਿੱਚ ਪਿ੍ਤਪਾਲ ਗੰਭੀਰ ਜ਼ਖ਼ਮੀ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਭਾਵੇਂ ਪੁਲੀਸ ਨੇ ਇਸ ਮਾਮਲੇ ਵਿੱਚ ਕੇਸ ਤਾਂ ਦਰਜ ਕਰ ਲਿਆ ਹੈ ਪਰ ਦੋਸ਼ੀਆਂ ਨੂੰ ਗਿ੍ਫਤਾਰ ਨਹੀਂ ਕੀਤਾ ਜਾ ਰਿਹਾ।
ਜ਼ਿਲ੍ਹਾ ਕਮੇਟੀ ਮੈਂਬਰ ਤੀਰਥ ਸਿੰਘ ਕੋਠਾ ਗੁਰੂ, ਮਨਦੀਪ ਸਿੰਘ ਸਬਿੀਆਂ, ਕਾਕਾ ਸਿੰਘ ਜੀਦਾ ਅਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਹਰਪ੍ਰੀਤ ਸਿੰਘ ਦੀਨਾ ਨੇ ਕਿਹਾ ਜ਼ਖ਼ਮੀ ਮਜ਼ਦੂਰ ਤਿੰਨ ਧੀਆਂ ਦਾ ਪਿਤਾ ਹੈ ਅਤੇ ਮਿਹਨਤ ਮਜ਼ਦੂਰੀ ਨਾਲ ਪਰਿਵਾਰ ਪਾਲਦਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਇਨਸਾਫ਼ ਦੇਣ ਦੀ ਥਾਂ ਹੱਥ ’ਤੇ ਹੱਥ ਧਰ ਕੇ ਬੈਠੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਮੁਲਜ਼ਮਾਂ ਨੂੰ ਛੇਤੀ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।