ਪੱਤਰ ਪ੍ਰੇਰਕ
ਬਠਿੰਡਾ, 22 ਸਤੰਬਰ
ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਦੇ ਸੱਦੇ ’ਤੇ ਛੇਵੇਂ ਦਿਨ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਅੱਗੇ 17 ਜਣੇ ਭੁੱਖ ਹੜਤਾਲ ’ਤੇ ਬੈਠੇ। ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਮੁਲਾਜ਼ਮਾਂ ਦਾ ਛੇਵਾਂ ਤਨਖ਼ਾਹ ਕਮਿਸ਼ਨ ਕੇਂਦਰ ਸਰਕਾਰ ਤੋਂ ਪਹਿਲਾਂ ਦੀ ਤਰ੍ਹਾਂ ਵੱਖ ਕਰ ਕੇ ਲਾਗੂ ਕੀਤਾ ਜਾਵੇ। ਹਰ ਤਰ੍ਹਾਂ ਦੇ ਕੱਚੇ ਕਾਮੇ ਪੱਕੇ ਕੀਤੇ ਜਾਣ, ਡੀਏ ਦੀਆਂ ਕਿਸ਼ਤਾਂ ਅਤੇ ਬਕਾਇਆ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। 200 ਰੁਪਏ ਟੈਕਸ ਬੰਦ ਕੀਤਾ ਜਾਵੇ ਤੇ ਕੱਟਿਆ ਮੋਬਾਈਲ ਭੱਤਾ ਬਹਾਲ ਕੀਤਾ ਜਾਵੇ। ਕਿਸਾਨ-ਮਜ਼ਦੂਰ ਤੇ ਮੁਲਾਜ਼ਮ ਵਿਰੋਧੀ ਕਾਲੇ ਕਾਨੂੰਨ ਵਾਪਸ ਲਏ ਜਾਣ।
ਫ਼ਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਫ਼ਰੀਦਕੋਟ ਦੇ ਮਿਨੀ ਸਕੱਤਰੇਤ ਸਾਹਮਣੇ ਚੱਲ ਰਹੀ ਭੁੱਖ ਹੜਤਾਲ ਦੇ ਪੰਜਵੇਂ ਦਿਨ ਵੱਖ-ਵੱਖ ਜਥੇਬੰਦੀਆਂ ਦੇ 14 ਮੁਲਾਜ਼ਮਾਂ ਤੋਂਂ ਇਲਾਵਾ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਦੀ ਅਗਵਾਈ ਹੇਠ 12 ਬੀਬੀਆਂ ਦਾ ਜੱਥਾ ਵੀ ਭੁੱਖ ਹੜਤਾਲ ’ਤੇ ਬੈਠਿਆ। ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਚੋਣ ਮੈਨੀਫੈਸਟੋ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰੇ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਇਆ ਦੇਵੇ। ਇਸ ਮੌਕੇ ਮਤਾ ਪਾਸ ਕਰ ਕੇ ਕਿਸਾਨ ਜਥੇਬੰਦੀਆਂ ਵੱਲੋਂ 25 ਦੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਦਾ ਐਲਾਨ ਕੀਤਾ ਗਿਆ।
ਮਾਨਸਾ (ਪੱਤਰ ਪ੍ਰੇਰਕ): ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਡੀਸੀ ਦਫ਼ਤਰ ਮਾਨਸਾ ਅੱਗੇ ਸ਼ੁਰੂ ਕੀਤੀ ਭੁੱਖ ਹੜਤਾਲ ਅੱਜ ਪੰਜਵੇਂ ਦਿਨ ਵੀ ਜਾਰੀ ਰਹੀ। ਜਥੇਬੰਦੀ ਦਾ ਕਹਿਣਾ ਹੈ ਕਿ ਸਰਕਾਰ ਨੂੰ ਚਾਰ ਸਾਲ ਸੱਤਾ ਵਿੱਚ ਆਈ ਨੂੰ ਹੋ ਗਏ ਹਨ ਅਤੇ ਇਸ ਸਰਕਾਰ ਨੇ ਮੁਲਾਜ਼ਮਾਂ ਨੂੰ ਕੁੱਝ ਦੇਣ ਦੀ ਬਜਾਇ ਇੱਕ-ਇੱਕ ਕਰ ਕੇ ਮਿਲ ਰਹੀਆਂ ਸਹੂਲਤਾਂ ਖੋਹ ਲਈਆਂ ਹਨ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਲੋਕ ਮਾਰੂ ਫ਼ੈਸਲੇ ਲਾਗੂ ਕਰ ਰਾਹੀ ਹੈ। ਰੁਜ਼ਗਾਰ ਦੇਣ ਦੀ ਥਾਂ ਖੋਹਿਆ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਇਹ ਭੁੱਖ ਹੜਤਾਲ 30 ਤੱਕ ਜਾਰੀ ਰਹੇਗੀ ਤੇ 19 ਅਕਤੂਬਰ ਤੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਔਰਤ ਮੁਲਾਜ਼ਮਾਂ ਨੇ ਮੱਲਿਆ ਸੰਘਰਸ਼ ਦਾ ਪਿੜ
ਬਰਨਾਲਾ (ਖੇਤਰੀ ਪ੍ਰਤੀਨਿਧ): ਲੜੀਵਾਰ ਭੁੱਖ ਹੜਤਾਲ ਦੇ ਪੰਜਵੇਂ ਦਿਨ ਅੱਜ ਇਸਤਰੀ ਮੁਲਾਜ਼ਮਾਂ ਨੇ ਸੰਘਰਸ਼ ਦਾ ਪਿੜ ਮੱਲਿਆ। ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ ਨੇ ਜ਼ਿਲ੍ਹਾ ਪ੍ਰਧਾਨ ਸੰਦੀਪ ਕੌਰ ਪੱਤੀ ਦੀ ਅਗਵਾਈ ਵਿਚ ਡੀਸੀ ਦਫ਼ਤਰ ਵਿਚ ਭੁੱਖ ਹੜਤਾਲ ’ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸ਼ਮੂਲੀਅਤ ਕੀਤੀ। ਬੁਲਾਰਿਆਂ 25 ਸਤੰਬਰ ਦੇ ਪੰਜਾਬ ਬੰਦ ਦੇ ਸਮੱਰਥਨ ਦਾ ਐਲਾਨ ਵੀ ਕੀਤਾ।