ਪੱਤਰ ਪ੍ਰੇਰਕ/ਰਾਜਿੰਦਰ ਸਿੰਘ ਮਰਾਹੜ
ਬਠਿੰਡਾ/ਭਗਤਾ ਭਾਈ, 8 ਫਰਵਰੀ
ਸੂਬੇ ਵਿੱਚ 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਤੇ ਕੁਝ ਹੋਰ ਸਿਆਸੀ ਪਾਰਟੀਆਂ ਵੱਲੋਂ ਮੌਜੂਦਾ ਸਰਕਾਰ ’ਤੇ ਸਰਕਾਰੀ ਮਸ਼ੀਨਰੀ ਦੇ ਦੁਰਉਪਯੋਗ ਦੇ ਦੋਸ਼ ਲਗਾਏ ਜਾ ਰਹੇ ਹਨ।
ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਪੱਤਰ ਭੇਜ ਕੇ ਕਿਹਾ ਹੈ ਕਿ ਹਲਕਾ ਰਾਮਪੁਰਾ ਫੂਲ ਵਿਚ ਨਗਰ ਪੰਚਾਇਤ ਮਲੂਕਾ, ਕੋਠਾ ਗੁਰੂ, ਭਾਈ ਰੂਪਾ, ਭਗਤਾ ਭਾਈ ਅਤੇ ਮਹਿਰਾਜ ਤੋਂ ਅਕਾਲੀ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਗੈਰਕਾਨੂੰਨੀ ਢੰਗ ਨਾਲ ਰੱਦ ਹੋਣੇ ਅਤੇ ਧੱਕੇਸ਼ਾਹੀ ਹੋਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਪਿਛਲੇ ਸਮੇਂ ਦੌਰਾਨ ਵੀ ਹਲਕੇ ਵਿਚ ਹੋਈਆਂ ਬਲਾਕ ਸਮਿਤੀ ਤੇ ਪੰਚਾਇਤੀ ਚੋਣਾਂ ਵਿੱਚ ਧੱਕੇਸ਼ਾਹੀ ਹੋ ਚੁੱਕੀ ਹੈ। ਇਸ ਪੱਤਰ ਰਾਹੀਂ ਤਿੰਨ ਅਧਿਕਾਰੀਆਂ ‘ਤੇ ਦੋਸ਼ ਲਗਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਅਧਿਕਾਰੀ ਹਲਕੇ ਵਿਚ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਨਤੀਜੇ ਦੇਣ ਲਈ ਲੋਕਤੰਤਰ ਦਾ ਘਾਣ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਵੀ ਇਨ੍ਹਾਂ ਅਧਿਕਾਰੀਆਂ ਦੀ ਭੂਮਿਕਾ ਸਬੰਧੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਹੁਣ ਨਗਰ ਪੰਚਾਇਤ ਚੋਣਾਂ ਦੌਰਾਨ ਕਾਗਜ਼ਾਂ ਦੀ ਪੜਤਾਲ ਸਮੇਂ ਕਾਨੂੰਨਾਂ ਦੀਆਂ ਸ਼ਰ੍ਹੇਆਮ ਧੱਜੀਆਂ ਉਡਾਈਆਂ ਗਈਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਚੋਣ ਅਧਿਕਾਰੀ ਇਸ ਵਾਰ ਵੀ ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕਰਨਗੇ। ਸ੍ਰੀ ਮਲੂਕਾ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਲੋਕਤੰਤਰ ਦੀ ਸਾਖ ਬਚਾਉਣ ਲਈ ਤੁਰੰਤ ਬਣਦੀ ਕਾਰਵਾਈ ਕਰਕੇ ਇਨਸਾਫ਼ ਦਿਵਾਇਆ ਜਾਵੇ।