ਸ਼ਗਨ ਕਟਾਰੀਆ
ਬਠਿੰਡਾ, 15 ਫਰਵਰੀ
ਬਠਿੰਡਾ (ਸ਼ਹਿਰੀ) ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਤੇ ਮੌਜੂਦਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਮਿਲ ਕੇ ਵੋਟ ਫ਼ਤਵੇ ਦੀ ਮੰਗ ਕੀਤੀ। ਇਸ ਮੌਕੇ ਕਾਂਗਰਸੀ ਆਗੂਆਂ ਦਾ ਹਜੂਮ ਸੜਕਾਂ ’ਤੇ ਨਿੱਤਰਿਆ ਅਤੇ ਸ਼ਹਿਰ ਦੇ ਬਾਜ਼ਾਰਾਂ ਦੀਆਂ ਮੁੱਖ ਸੜਕਾਂ ਕਾਂਗਰਸ ਪਾਰਟੀ ਦੇ ਝੰਡਿਆਂ ਅਤੇ ਮਨਪ੍ਰੀਤ ਸਿੰਘ ਬਾਦਲ ਦੇ ਹੱਕ ਵਿਚ ਨਾਅਰਿਆਂ ਨਾਲ ਗੂੰਜੀਆਂ।
ਦੁਕਾਨਦਾਰਾਂ ਵੱਲੋਂ ਸ੍ਰੀ ਬਾਦਲ ਦਾ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਫੁੱਲਾਂ ਅਤੇ ਨੋਟਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ। ਵਿੱਤ ਮੰਤਰੀ ਨੇ ਭਾਵੁਕ ਤਕਰੀਰ ਰਾਹੀਂ ਕਿਹਾ ਕਿ ਬਠਿੰਡਾ ਵਾਸੀਆਂ ਵੱਲੋਂ ਦਿੱਤੇ ਪਿਆਰ ਅਤੇ ਸਤਿਕਾਰ ਲਈ ਉਹ ਸਦਾ ਰਿਣੀ ਰਹਿਣਗੇ ਅਤੇ ਸ਼ਹਿਰ ਵਾਸੀਆਂ ਵੱਲੋਂ ਚੜ੍ਹਾਏ ਇਸ ਕਰਜ਼ ਨੂੰ ਉਤਾਰਨ ਲਈ ਸ਼ਹਿਰ ਦੇ ਲੋਕਾਂ ਅਤੇ ਵਿਕਾਸ ਪ੍ਰਤੀ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਪਰਿਵਾਰ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਉਹ ਹਮੇਸ਼ਾਂ ਯਤਨਸ਼ੀਲ ਰਹਿਣਗੇ ਤੇ ਦੂਜੀ ਵਾਰ ਕਾਂਗਰਸ ਦੀ ਸਰਕਾਰ ਬਣਨ ’ਤੇ ਇਸ ਇਲਾਕੇ ਨੂੰ ਹੋਰ ਵੀ ਸੁੰਦਰ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ।
ਮਨਪ੍ਰੀਤ ਸਿੰਘ ਬਾਦਲ ਦੀ ਚੋਣ ਮੁਹਿੰਮ ਨੂੰ ਉਨ੍ਹਾਂ ਦੀ ਪਤਨੀ ਵੀਨੂੰ ਬਾਦਲ, ਬੇਟੀ ਰੀਆ ਬਾਦਲ, ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਿੰਮੂ ਜੌਹਲ, ਮੰਨਤ ਜੌਹਲ ਤੇ ਡਾ. ਆਜ਼ਮ ਜੌਹਲ ਨੇ ਭਖ਼ਵਾਂ ਰੂਪ ਦਿੰਦੇ ਹੋਏ ਵਿੱਤ ਮੰਤਰੀ ਵੱਲੋਂ ਸ਼ਹਿਰ ਲਈ ਕਰਵਾਏ ਵਿਕਾਸ ਦੇ ਨਾਮ ’ਤੇ ਵੋਟਾਂ ਮੰਗੀਆਂ।