ਨਿੱਜੀ ਪੱਤਰ ਪ੍ਰੇਰਕ
ਬਠਿੰਡਾ,6 ਜੁਲਾਈ
ਪਿੰਡ ਮਾਈਸਰਖਾਨਾ ਵਿੱਚ ਹੋ ਰਹੀ ਨਾਜਾਇਜ਼ ਖਣਨ ਦੇ ਮਾਮਲੇ ਵਿੱਚ ਮੌੜ ਦੀ ਪੁਲੀਸ ਨੇ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਵਿੱਚੋਂ ਇਕ ਦੀ ਗ੍ਰਿਫਤਾਰੀ ਹੋ ਚੁੱਕੀ ਹੈ। ਪੁਲੀਸ ਨੇ ਮੌਕੇ ਤੋਂ ਪੋਕ ਲਾਈਨ ਮਸ਼ੀਨ ਵੀ ਜ਼ਬਤ ਕੀਤੀ ਸੀ ਪਰ ਬਾਅਦ ਵਿਚ ਕਿਸਾਨ ਯੂਨੀਅਨ ਅਤੇ ਪਿੰਡ ਵਾਸੀਆਂ ਵੱਲੋਂ ਮਸ਼ੀਨ ਛੁਡਵਾ ਲਈ ਗਈ। ਸਬ ਇੰਸਪੈਕਟਰ ਧਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਬੀਤੇ ਦਿਨ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਦੇ ਆਧਾਰ ’ਤੇ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪਿੰਡ ਮਾਈਸਰਖਾਨਾ ਦੇ ਗੁਰਜੰਟ ਸਿੰਘ ਵੱਲੋਂ ਆਪਣੇ ਖੇਤਾਂ ਵਿੱਚ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਪੁਲੀਸ ਨੇ ਗੁਰਜੰਟ ਸਿੰਘ, ਉਨ੍ਹਾਂ ਦੇ ਬੇਟੇ ਜਗਮੀਤ ਸਿੰਘ, ਸੁਖਦੇਵ ਸਿੰਘ, ਬਲਜੀਤ ਸਿੰਘ, ਗੁਰਜੀਤ ਸਿੰਘ ਉਰਫ਼ ਗੋਨੀ ਤੇ ਜਗਜੀਤ ਸਿੰਘ ਖਿਲਾਫ ਪਰਚਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਗਮੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।