ਪੱਤਰ ਪ੍ਰੇਰਕ
ਬਠਿੰਡਾ, 3 ਅਗਸਤ
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਨੇ ਇੱਥੇ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿਖੇ ਨਵ-ਨਿਯੁਕਤ ਪਟਵਾਰੀ ਉਮੀਦਵਾਰਾਂ ਦੀ ਟ੍ਰੇਨਿੰਗ ਲਈ ਬਣਾਏ ਗਏ ਅਸਥਾਈ ਪਟਵਾਰ ਟ੍ਰੇਨਿੰਗ ਸਕੂਲ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਟਵਾਰੀ ਸਹੀ ਤਰੀਕੇ, ਪੂਰੀ ਲਗਨ ਤੇ ਮਿਹਨਤ ਨਾਲ ਸਿਖਲਾਈ ਲੈਣ ਤਾਂ ਜੋ ਉਨ੍ਹਾਂ ਨੂੰ ਭਵਿੱਖ ਵਿੱਚ ਆਪਣੀ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਸਕੂਲ ਵਿੱਚ ਬਠਿੰਡਾ ਸਮੇਤ ਸ਼੍ਰੀ ਮੁਕਤਸਰ ਸਾਹਿਬ ਤੇ ਮਾਨਸਾ ਜ਼ਿਲ੍ਹਿਆਂ ਨਾਲ ਸਬੰਧਤ 60 ਨਵ-ਨਿਯੁਕਤ ਪਟਵਾਰੀਆਂ ਨੂੰ 9 ਮਹੀਨਿਆਂ ਦੀ ਸਿਖਲਾਈ ਦਿੱਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਪਟਵਾਰੀ ਉਮੀਦਵਾਰ ਆਪਣੀ ਸਿਖਲਾਈ ਪੂਰੇ ਅਨੁਸਾਸ਼ਨ ਵਿਚ ਰਹਿ ਕੇ ਅਤੇ ਧਿਆਨਪੂਰਵਕ ਤਰੀਕੇ ਨਾਲ ਲੈਣ। ਉਨ੍ਹਾਂ ਨਵ ਨਿਯੁਕਤ ਪਟਵਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਤਕਨਾਲੋਜੀ ਦੇ ਯੁੱਗ ਵਿੱਚ ਆਪਣੇ ਆਪ ਨੂੰ ਸਮੇਂ ਦਾ ਹਾਣੀ ਬਣਾਉਣ।