ਸ਼ਗਨ ਕਟਾਰੀਆ/ਮਨੋਜ ਸ਼ਰਮਾ
ਬਠਿੰਡਾ, 3 ਅਕਤੂਬਰ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਯੂਨੀਅਨਾਂ ਵੱਲੋਂ ਅੱਜ ਇਥੇ ਦੋ ਥਾਵਾਂ ’ਤੇ ਵੱਖੋ-ਵੱਖ ਰੋਸ ਪ੍ਰਦਰਸ਼ਨ ਕੀਤੇ ਗਏ। ਲਖੀਮਪੁਰ ਖੀਰੀ ਕਾਂਡ ਦੇ ਸ਼ਹੀਦ ਕਿਸਾਨਾਂ ਦੀ ਪਹਿਲੀ ਬਰਸੀ ਮੌਕੇ ਹੋਏ ਇਨ੍ਹਾਂ ਰੋਸ ਪ੍ਰਦਰਸ਼ਨਾਂ ਰਾਹੀਂ ਕਿਸਾਨ ਆਗੂਆਂ ਨੇ ਇਸ ਕਾਂਡ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਦੇ ਪੁਤਲਿਆਂ ਨੂੰ ਲਾਂਬੂ ਲਾਏ। ਕਿਸਾਨਾਂ ਨੇ ਦੋਸ਼ ਲਾਇਆ ਕਿ ਦਿੱਲੀ ਦੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਦਾ ਮਨੋਬਲ ਡੇਗਣ ਲਈ ਇੱਕ ਸਾਜ਼ਿਸ਼ ਤਹਿਤ ਲਖੀਮਪੁਰ ਖੀਰੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਅਹੁਦੇ ਤੋਂ ਬਰਖ਼ਾਸਤ ਕਰਕੇ ਜੇਲ੍ਹ ਭੇਜਿਆ ਜਾਵੇ ਤੇ ਘਟਨਾ ਨੂੰ ਕਥਿਤ ਤੌਰ ’ਤੇ ਅੰਜਾਮ ਦੇਣ ਵਾਲੇ ਆਸ਼ੀਸ਼ ਮਿਸ਼ਰਾ ਤੇ ਉਸ ਦੇ ਸਾਥੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਜੇਲ੍ਹੀਂ ਡੱਕੇ ਬੇਗੁਨਾਹ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ। ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਮੁਆਵਜ਼ੇ ਸਮੇਤ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ ਜਾਣ।
ਇਸ ਮੌਕੇ ਬੀਕੇਯੂ (ਡਕੌਂਦਾ) ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ, ਜ਼ਿਲ੍ਹਾ ਜਨਰਲ ਸਕੱਤਰ ਬਲਵਿੰਦਰ ਸਿੰਘ ਫੌਜੀ ਜੇਠੂਕੇ ਆਦਿ ਨੇ ਰੈਲੀ ਨੂੰ ਸੰਬੋਧਨ ਕੀਤਾ। ਇਸੇ ਤਰ੍ਹਾਂ ਦੂਜਾ ਰੋਸ ਪ੍ਰਦਰਸ਼ਨ ਬੀਕੇਯੂ (ਉਗਰਾਹਾਂ) ਵੱਲੋਂ ਡੀਸੀ ਦਫ਼ਤਰ ਤੋਂ ਹਨੂੰਮਾਨ ਚੌਕ ਤੱਕ ਰੋਸ ਮਾਰਚ ਕਰਕੇ ਕੀਤਾ ਗਿਆ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਸੰਯੁਕਤ ਕਿਸਾਨ ਮੋਰਚੇ’ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮੁਕਤਸਰ ਦੇ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਦਿਆ ਅਤੇ ਫਸਲਾਂ ਦਾ ਸਮਰਥਨ ਮੁੱਲ ਸਮੇਤ ਹੋਰ ਮੰਨੀਆਂ ਮੰਗਾਂ ਪੂਰੀਆਂ ਨਾ ਕਰਨ ’ਤੇ ਰੋਸ ਜਾਹਿਰ ਕੀਤਾ| ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ, ਹਰਬੰਸ ਸਿੰਘ ਕੋਟਲੀ, ਗੁਰਭਗਤ ਸਿੰਘ ਭਲਾਈਆਣਾ, ਗੁਰਾਂਦਿੱਤਾ ਸਿੰਘ, ਹਰਫੂਲ ਸਿੰਘ ਅਤੇ ਸੁਖਰਾਜ ਸਿੰਘ ਰਹੂੜਿਆਂਵਾਲੀ ਨੇ ਕਿਹਾ ਕਿ ਕੇਂਦਰ ਸਰਕਾਰ ਵਾਅਦਾ ਕਰਕੇ ਵੀ ਫਸਲਾਂ ਦਾ ਸਮਰਥਨ ਮੁੱਲ ਲਾਗੂ ਕਰਨ ਤੋਂ ਟਾਲਾ ਵੱਟ ਰਹੀ ਹੈ| |
ਨਿਹਾਲ ਸਿੰਘ ਵਾਲਾ (ਪੱਤਰ ਪ੍ਰੇਰਕ): ਕੇਂਦਰੀ ਮੰਤਰੀ ਅਜੈ ਮਿਸ਼ਰਾ ਖ਼ਿਲਾਫ਼ ਠੋਸ ਕਾਰਵਾਈ ਨਾ ਹੋਣ ਕਰਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਰਤੀ ਕਿਸਾਨ ਯੂਨੀਅਨ ਅਤੇ ਬੀਕੇਯੂ ਡਕੌਂਦਾ ਵੱਲੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਯੂਪੀ ਦੇ ਮੁੱਖ ਮੰਤਰੀ ਅਦਿੱਤਿਆ ਨਾਥ ਯੋਗੀ ਅਤੇ ਅਜੈ ਮਿਸ਼ਰਾ ਦੇ ਪੁਤਲੇ ਸਾੜੇ ਗਏ। ਇਸ ਮੌਕੇ ਐੱਸਡੀਐੱਮ ਰਾਹੀਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ ਤੇ ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਲਈ ਅਪੀਲ ਕੀਤੀ ਗਈ।
ਮਾਨਸਾ (ਜੋਗਿੰਦਰ ਸਿੰਘ ਮਾਨ): ਲਖੀਮਪੁਰ ਖੀਰੀ ਕਾਂਡ ਦੇ ਸ਼ਹੀਦ ਕਿਸਾਨਾਂ ਦੀ ਪਹਿਲੀ ਬਰਸੀ ਮੌਕੇ ਅੱਜ ਇਥੇ ਜ਼ਿਲ੍ਹਾ ਕਚਹਿਰੀਆਂ ਵਿੱਚ ਸਮਾਗਮ ਕਰਵਾਇਆ ਗਿਆ ਤੇ ਕਸੂਰਵਾਰਾਂ ਖਿਲਾਫ਼ ਸਖ਼ਤ ਕਾਰਵਾਈ ਕਰਵਾਉਣ ਲਈ ਕੇਂਦਰ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰਾਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਵੀ ਸਾੜੀ ਗਈ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੂਲਦੂ ਸਿੰਘ ਮਾਨਸਾ, ਸਾਬਕਾ ਵਿਧਾਇਕ ਹਰਦੇਵ ਅਰਸ਼ੀ, ਐਡਵੋਕੇਟ ਕੁਲਵਿੰਦਰ ਸਿੰਘ ਉੱਡਤ, ਮਹਿੰਦਰ ਸਿੰਘ ਭੈਣੀਬਾਘਾ, ਕੁਲਵੰਤ ਸਿੰਘ ਕਿਸ਼ਨਗੜ੍ਹ ਤੇ ਗੋਰਾ ਸਿੰਘ ਭੈਣੀਬਾਘਾ ਨੇ ਕਿਹਾ ਕਿ ਫਾਸ਼ੀਵਾਦੀ ਤਾਕਤਾਂ ਦੇਸ਼ ਨੂੰ ਤੌੜਣ ਦੇ ਰਾਹ ਤੁਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਤਹਿਤ ਪਬਲਿਕ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਵੇਚਿਆ ਜਾ ਰਿਹਾ ਹੈ ਤੇ ਲੋਕਤੰਤਰੀ ਰਿਵਾਇਤਾਂ ਤੇ ਸੰਵਿਧਾਨਿਕ ਸੰਸਥਾਵਾਂ ’ਤੇ ਹਮਲੇ ਕੀਤੇ ਜਾ ਰਹੇ ਹਨ।
ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਮਾਲਵਾ ਖੇਤਰ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਡੀਐੱਮ ਦਫ਼ਤਰਾਂ ਅੱਗੇ ਮੋਦੀ ਸਰਕਾਰ ਖਿਲਾਫ਼ ਧਰਨੇ ਦੇ ਕੇ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਮੁਜ਼ਾਹਰਾਕਾਰੀਆਂ ਨੇ ਪ੍ਰਧਾਨ ਮੰਤਰੀ ਦੇ ਨਾਂ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਸੌਂਪੇ। ਮਾਨਸਾ ਵਿੱਚ ਅਰਥੀ ਫੂਕ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਅਜੈ ਮਿਸ਼ਰਾ ਨੂੰ ਕੇਂਦਰੀ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰਕੇ ਜੇਲ੍ਹ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਕਤਲੇਆਮ ਸਬੰਧੀ ਦਰਜ ਕਰਵਾਈ ਐਫਆਈਆਰ ਵਿੱਚ ਸ਼ਿਕਾਇਤ ਦੇ ਵੱਖ-ਵੱਖ ਪਹਿਲੂਆਂ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ।