ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 20 ਦਸੰਬਰ
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਤੀਜੇ ਦਿਨ ਬਠਿੰਡਾ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ। ਅੱਜ ਸਵੇਰੇ ਵਿੱਤ ਮੰਤਰੀ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਮੋਹਨ ਲਾਲ ਝੁੰਬਾ ਦੇ ਨਿਵਾਸ ਸਥਾਨ ਲਾਲ ਸਿੰਘ ਬਸਤੀ ਵਿੱਚ ਇਕੱਠ ਨੂੰ ਸੰਬੋਧਨ ਕੀਤਾ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੱਲ ਕੀਤਾ।
ਵਿੱਤ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਠਿੰਡਾ ਸ਼ਹਿਰ ਵਿੱਚ ਸਰਕਾਰੀ ਸਕੂਲਾਂ ਦੇ ਨਵੀਨੀਕਰਨ ਲਈ ਕਰੋੜਾਂ ਰੁਪਏ ਲੱਗ ਰਹੇ ਹਨ ਜਿਸ ਵਿੱਚ ਲਾਲ ਸਿੰਘ ਬਸਤੀ ਦੇ ਸਰਕਾਰੀ ਸਕੂਲ ਦੀ ਇਮਾਰਤ ਨਵੀਂ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵਧੀਆ ਸਹੂਲਤਾਂ ਦੇਣਾ ਉਨ੍ਹਾਂ ਦੀ ਤਰਜੀਹ ਹੈ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਮੰਤਵ ਹੈ ਜਿਸ ਸਬੰਧੀ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਵੀ ਮੌਕੇ ਦਿੱਤੇ ਜਾ ਰਹੇ ਹਨ। ਇਸ ਤੋਂ ਬਾਅਦ ਵਿੱਤ ਮੰਤਰੀ ਨੇ ਨੈਸ਼ਨਲ ਕਲੌਨੀ ਲਾਲਾ ਸੰਤਰਾਮ ਮੈਮੋਰੀਅਲ ਲਾਇਬ੍ਰੇਰੀ ਅਤੇ ਆਵਾ ਬਸਤੀ ਵਿੱਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇੋ ਲੋਕਾਂ ਨਾਲ ਸ਼ਹਿਰ ਦੇ ਵਿਕਾਸ ਸਬੰਧੀ ਵਿਚਾਰ ਚਰਚਾ ਕੀਤੀ।
ਸ੍ਰੀ ਬਾਦਲ ਇਸ ਦੌਰਾਨ ਸ਼ਹਿਰ ਦੇ ਕਈ ਲੋਕਾਂ ਦੇ ਦੁੱਖ ਵਿੱਚ ਵੀ ਸ਼ਰੀਕ ਹੋਏ। ਉਨ੍ਹਾਂ ਅੱਜ ਗੁਰੂ ਗੋਬਿੰਦ ਸਿੰਘ ਨਗਰ, ਮਾਡਲ ਟਾਊਨ, ਸ਼ਾਂਤ ਨਗਰ ਆਦਿ ਵਿੱਚ ਜਾ ਕੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਵੀ ਸਾਂਝਾ ਕੀਤਾ।
ਇਸ ਮੌਕੇ ਵਿੱਤ ਮੰਤਰੀ ਨਾਲ ਅਰੁਣ ਵਧਾਵਨ, ਕੇ.ਕੇ ਅਗਰਵਾਲ, ਜਗਰੂਪ ਸਿੰਘ ਗਿੱਲ, ਅਸ਼ੋਕ ਪ੍ਰਧਾਨ, ਪਵਨ ਮਾਨੀ, ਰਾਜਨ ਗਰਗ, ਟਹਿਲ ਸੰਧੂ, ਬਲਜਿੰਦਰ ਠੇਕੇਦਾਰ, ਬਲਜੀਤ ਸਿੰਘ, ਹਰਮੰਦਰ ਸਿੰਘ, ਭਗਵਾਨੀ ਦਾਸ ਭਾਰਤੀ ਤੇ ਚਰਨਜੀਤ ਭੋਲਾ ਹਾਜ਼ਰ ਸਨ।