ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 27 ਫਰਵਰੀ
ਕੁੱਲ ਹਿੰਦ ਸਿੱਖਿਆ ਅਧਿਕਾਰ ਮੰਚ ਦੇ ਸੱਦੇ ’ਤੇ ਸਿੱਖਿਆ ਨੀਤੀ 2020 ਖ਼ਿਲਾਫ਼ ਅੱਜ ਇਥੇ ਜਨਤਕ ਅਤੇ ਜਮਹੂਰੀ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ, ਜਿਸ ਵਿੱਚ ਸਾਂਝੀ ਜ਼ਿਲ੍ਹਾ ਕਮੇਟੀ ਦਾ ਗਠਨ ਕਰਕੇ 12 ਮਾਰਚ ਨੂੰ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕਰਾਉਣ ਦਾ ਫ਼ੈਸਲਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨ ਅਤੇ ਕਿਰਤ ਕੋਡ ਵਾਂਗ ਕੇਂਦਰ ਸਰਕਾਰ ਸਿੱਖਿਆ ਖੇਤਰ ਨੂੰ ਪੂੰਜੀਪਤੀਆਂ ਹਵਾਲੇ ਕਰਨ ਲਈ ਨਵੀਂ ਸਿੱਖਿਆ ਨੀਤੀ 2020 ਲੈ ਕੇ ਆਈ ਹੈ। ਨਵੀਂ ਬਣਾਈ ਜ਼ਿਲ੍ਹਾ ਕਮੇਟੀ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਰਜਿੰਦਰ ਢਿੱਲਵਾਂ, ਡੀਟੀਐੱਫ ਦੇ ਜਗਪਾਲ ਬੰਗੀ, ਡੀਐੱਮਐੱਫ ਦੇ ਸਿਕੰਦਰ ਧਾਲੀਵਾਲ, ਬੀਕੇਯੂ (ਡਕੌਂਦਾ) ਦੇ ਚੰਦ ਸਿੰਘ ਭੁੱਚੋ ਖੁਰਦ, ਜਮਹੂਰੀ ਕਿਸਾਨ ਸਭਾ ਦੇ ਨਾਇਬ ਸਿੰਘ ਫੂਸ ਮੰਡੀ, ਪੈਨਸ਼ਨਰਜ਼ ਐਸੋਸੀਏਸ਼ਨ ਦੇ ਦਰਸ਼ਨ ਮੌੜ, ਕਿਰਤੀ ਕਿਸਾਨ ਯੂਨੀਅਨ ਦੇ ਸਵਰਨ ਪੂਹਲੀ, ਜਮਹੂਰੀ ਅਧਿਕਾਰ ਸਭਾ ਦੇ ਪਿ੍ਰੰ. ਬੱਗਾ ਸਿੰਘ, ਇਨਕਲਾਬੀ ਕੇਂਦਰ ਦੇ ਬੇਅੰਤ ਸਿੰਘ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੁਖਪਾਲ ਖਿਆਲੀਵਾਲਾ, ਬੀਐੱਡ ਅਧਿਆਪਕ ਫਰੰਟ ਦੇ ਸੁਖਦਰਸ਼ਨ ਸਿੰਘ ਤੇ ਅਮਨ ਸਿੱਧੂ ਨੂੰ ਸ਼ਾਮਲ ਕੀਤਾ ਗਿਆ।